ਤਰਨਤਾਰਨ, 22 ਫਰਵਰੀ ,ਬੋਲੇ ਪੰਜਾਬ ਬਿਊਰੋ;
ਤਾਰਨ ਤਾਰਨ ‘ਚ ਦਿਨ ਦਿਹਾੜੇ ਇਕ ਵਿਆਹ ਸਮਾਗਮ ਦੌਰਾਨ ਆਦਮੀ ਪਾਰਟੀ ਦੇ ਸਰਪੰਚ ਹਰਬਿੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੇ ਮਾਮਲੇ ‘ਚ ਵੱਡੀ ਖ਼ਬਰ ਸਾਹਮਣੇ ਆਈ ਹੈ। ਕਤਲ ਕਰਨ ਵਾਲੇ ਸ਼ੂਟਰਾਂ ਦਾ ਪੁਲਿਸ ਨਾਲ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੁਕਾਬਲੇ ‘ਚ ਦੋਵੇਂ ਸ਼ੂਟਰ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਪੁਲਿਸ ਨੇ ਇਲਾਜ ਲਈ ਸਿਵਿਲ ਹਸਪਤਾਲ ਤਰਨਤਾਰਨ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।
ਮਿਲੀ ਜਾਣਕਰੀ ਅਨੁਸਾਰ ਸਰਪੰਚ ਕਤਲ ਮਾਮਲੇ ‘ਚ ਸ਼ਾਮਿਲ 2 ਮੁਲਜ਼ਮਾਂ ਦਾ ਤਰਨ ਤਾਰਨ ਦੇ ਪਿੰਡ ਨੌਸ਼ਹਿਰਾ ਪੰਨੂਆ ਨਜ਼ਦੀਕ ਪੁਲਿਸ ਨਾਲ ਐਨਕਾਊਂਟਰ ਹੋਇਆ ਹੈ। ਵਾਰਦਾਤ ਤੋਂ ਬਾਅਦ ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ। ਅੱਜ ਜਦੋਂ ਪੁਲਿਸ ਨੂੰ ਮੁਲਜ਼ਮਾਂ ਬਾਰੇ ਖਬਰ ਮਿਲੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਇਸ ਦੌਰਾਨ ਉਨ੍ਹਾਂ ਨੇ ਬਾਈਕ ‘ਤੇ ਭੱਜਦੇ ਹੋਏ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਦੀ ਜਵਾਬੀ ਕਾਰਵਾਈ ‘ਚ ਦੋਵੇਂ ਮੁਲਜ਼ਮ ਗੋਲੀ ਲੱਗਣ ਨਾਲ ਗੰਭੀਰ ਜ਼ਖ਼ਮੀ ਹੋ ਗਏ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਜ਼ਖਮੀ ਹਾਲਤ ‘ਚ ਗ੍ਰਿਫਤਾਰ ਕਰਕੇ ਹਸਪਤਾਲ ਦਾਖਲ ਕਰਵਾਇਆ। ਐਨਕਾਊਂਟਰ ਵਾਲੇ ਸਥਾਨ ‘ਤੇ ਐੱਸਐੱਸਪੀ ਸੁਰਿੰਦਰ ਲਾਂਬਾ ਸਮੇਤ ਕਈ ਮੁਲਾਜ਼ਮ ਮੌਕੇ ‘ਤੇ ਪਹੁੰਚੇ।
ਪੁਲਿਸ ਵਲੋਂ ਸਰਪੰਚ ਕਤਲ ਮਾਮਲੇ ‘ਚ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸ਼ਰਨਪ੍ਰੀਤ ਸਿੰਘ ਅਤੇ ਹਰਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋ 2 ਪਿਸਤੌਲ ਅਤੇ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।












