ਅੰਮ੍ਰਿਤਸਰ, 22 ਫਰਵਰੀ ,ਬੋਲੇ ਪੰਜਾਬ ਬਿਊਰੋ;
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ‘ਤੇ ਲਾਏ ਗਏ ਦੋਸ਼ਾਂ ਤੋਂ ਬਾਅਦ ਉਨ੍ਹਾਂ ਨੂੰ 72 ਘੰਟੇ ਦਾ ਨੋਟਿਸ ਦਿੱਤਾ ਗਿਆ ਸੀ ਅਤੇ ਉਨ੍ਹਾਂ ਵੱਲੋਂ ਲਾਏ ਗਏ ਦੋਸ਼ਾਂ ਦੇ ਸਬੂਤ ਮੰਗੇ ਸੀ। ਸ਼੍ਰੋਮਣੀ ਕਮੇਟੀ ਵੱਲੋਂ ਨੋਟਿਸ ਜਾਰੀ ਹੋਣ ਤੋਂ ਬਾਅਦ ਹੁਣ ਫੇਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਮੀਡੀਆਂ ਸਾਹਮਣੇ ਆਏ ਹਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕੀਤੇ ਗਏ 72 ਘੰਟੇ ਦੇ ਨੋਟਿਸ ‘ਤੇ ਸਖ਼ਤ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ 18 ਤਰੀਕ ਨੂੰ ਪ੍ਰੈਸ ਕਲੱਬ ਜਲੰਧਰ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਸੰਗਤ ਸਾਹਮਣੇ ਸ਼੍ਰੋਮਣੀ ਕਮੇਟੀ ਅੰਦਰ ਕਥਿਤ ਭ੍ਰਿਸ਼ਟਾਚਾਰ ਦੇ ਗੰਭੀਰ ਮੁੱਦੇ ਉਠਾਏ ਸਨ।
ਗਿਆਨੀ ਰਘਬੀਰ ਸਿੰਘ ਅਨੁਸਾਰ, 19 ਤਰੀਕ ਨੂੰ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਮੀਟਿੰਗ ਵਿੱਚ ਉਨ੍ਹਾਂ ਨੂੰ ਹੀ 72 ਘੰਟਿਆਂ ਦਾ ਨੋਟਿਸ ਦਿੱਤਾ ਗਿਆ ਸੀ, ਅਤੇ ਉਨ੍ਹਾਂ ਨੂੰ ਇਸ ਬਾਰੇ ਸੋਸ਼ਲ ਮੀਡੀਆ ਰਾਹੀਂ ਪਤਾ ਲੱਗਾ ਕਿਉਂਕਿ ਉਹ ਕੁਝ ਦਿਨਾਂ ਲਈ ਪੰਜਾਬ ਤੋਂ ਬਾਹਰ ਸਨ। ਉਨ੍ਹਾਂ ਕਿਹਾ ਕਿ ਜਦੋਂ ਸੰਸਥਾ ਦੇ ਅੰਦਰ ਰੋਜ਼ਾਨਾ ਕਥਿਤ ਤੌਰ ‘ਤੇ ਘੁਟਾਲੇ ਹੋ ਰਹੇ ਹਨ, ਜਿਸ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਖੁਦ ਸੰਗਤ ਤੋਂ ਮੁਆਫ਼ੀ ਮੰਗੀ ਹੈ, ਤਾਂ ਸਵਾਲ ਪੁੱਛਣ ਵਾਲਿਆਂ ਨੂੰ ਨੋਟਿਸ ਜਾਰੀ ਕਰਨਾ ਸਹੀ ਨਹੀਂ ਹੈ।
ਉਨ੍ਹਾਂ ਦੋ ਹਿੱਸਿਆਂ ਵਿੱਚ ਕਿਹਾ ਕਿ ਸਵਾਲ ਪੁੱਛਣਾ ਭ੍ਰਿਸ਼ਟਾਚਾਰ ਨੂੰ ਰੋਕਣ ਅਤੇ ਸੱਚਾਈ ਨੂੰ ਉਜਾਗਰ ਕਰਨ ਲਈ ਇੱਕ ਧਾਰਮਿਕ ਜ਼ਿੰਮੇਵਾਰੀ ਹੈ। ਉਨ੍ਹਾਂ ਸਪੱਸ਼ਟ ਕੀਤਾ, “ਸਾਡੀ ਇੱਕੋ ਇੱਕ ਮੰਗ ਹੈ ਕਿ ਸ਼੍ਰੋਮਣੀ ਕਮੇਟੀ 72 ਘੰਟਿਆਂ ਦੇ ਅੰਦਰ ਉਠਾਏ ਗਏ ਸਵਾਲਾਂ ਦੇ ਜਵਾਬ ਦੇਵੇ। ਜੇਕਰ ਅਜਿਹਾ ਨਹੀਂ ਹੁੰਦਾ ਹੈ, ਤਾਂ ਅਸੀਂ ਹਰੇਕ ਸਵਾਲ ਦੇ ਜਵਾਬ ਸੰਗਤ ਨੂੰ ਖੁਦ ਪੇਸ਼ ਕਰਾਂਗੇ।”
ਗਿਆਨੀ ਰਘਬੀਰ ਸਿੰਘ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਹਰ ਸਵਾਲ ਨਾਲ ਸਬੰਧਤ ਤੱਥ ਅਤੇ ਜਾਣਕਾਰੀ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਕਿਸੇ ਵਿਅਕਤੀ ਵਿਰੁੱਧ ਨਹੀਂ ਹੈ, ਸਗੋਂ ਧਾਰਮਿਕ ਸੰਗਠਨਾਂ ਦੀ ਪਵਿੱਤਰਤਾ ਅਤੇ ਪਾਰਦਰਸ਼ਤਾ ਬਣਾਈ ਰੱਖਣ ਲਈ ਹੈ। ਉਨ੍ਹਾਂ ਦੇ ਬਿਆਨ ਨੇ ਧਾਰਮਿਕ ਅਤੇ ਸੰਪਰਦਾਇਕ ਹਲਕਿਆਂ ਵਿੱਚ ਚਰਚਾ ਛੇੜ ਦਿੱਤੀ ਹੈ।












