ਅੰਮ੍ਰਿਤਸਰ, 22 ਫਰਵਰੀ ,ਬੋਲੇ ਪੰਜਾਬ ਬਿਊਰੋ;
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਵੱਡੀ ਸਫ਼ਲਤਾ ਪ੍ਰਾਪਤ ਕਰਦੇ ਹੋਏ, ਸਰਹੱਦੀ ਇਲਾਕੇ ਨਾਲ ਜੁੜੇ ਗੈਰਕਾਨੂੰਨੀ ਹਥਿਆਰ ਮੋਡੀਊਲ ਨੂੰ ਬੇਨਕਾਬ ਕਰਦਿਆਂ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ 5 ਆਧੁਨਿਕ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।
ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਹੈ ਕਿ ਦੋਸ਼ੀ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਅਧਾਰਿਤ ਤਸਕਰਾਂ ਨਾਲ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਕਹਿਣ ’ਤੇ ਗੈਰਕਾਨੂੰਨੀ ਹਥਿਆਰਾਂ ਦੀ ਖੇਪ ਮੰਗਵਾ ਕੇ ਅਪਰਾਧਿਕ ਤੱਤਾਂ ਤੱਕ ਪਹੁੰਚਾ ਰਹੇ ਸਨ। ਥਾਣਾ ਕੈਂਟੋਨਮੈਂਟ, ਅੰਮ੍ਰਿਤਸਰ ਵਿੱਚ ਆਰਮਜ਼ ਐਕਟ ਹੇਠ ਮਾਮਲਾ ਦਰਜ ਕਰ ਲਿਆ ਗਿਆ ਹੈ। ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪੰਜਾਬ ਭਰ ਵਿੱਚ ਅਮਨ ਤੇ ਕਾਨੂੰਨ-ਵਿਵਸਥਾ ਕਾਇਮ ਰੱਖਣ ਅਤੇ ਗੈਰਕਾਨੂੰਨੀ ਹਥਿਆਰ ਤਸਕਰੀ ਖ਼ਤਮ ਕਰਨ ਲਈ ਵਚਨਬੱਧ ਹੈ।












