ਚੰਡੀਗੜ੍ਹ 25 ਫਰਵਰੀ ,ਬੋਲੇ ਪੰਜਾਬ ਬਿਊਰੋ;
ਗੁਰਦਾਸਪੁਰ ਦੇ ਪਿੰਡ ਆਦੀਆਂ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਬਹੁਤ ਹੀ ਸੰਵੇਦਨਸ਼ੀਲ ਅਤੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਇਸ ਖ਼ੂਨੀ ਕਾਂਡ ਪਿੱਛੇ ਪਾਕਿਸਤਾਨ ਦਾ ਹੱਥ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਰਫ਼ ਇੱਕ ਅਪਰਾਧਿਕ ਘਟਨਾ ਨਹੀਂ ਹੈ, ਸਗੋਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇੱਕ ਵੱਡੀ ਸਾਜ਼ਿਸ਼ ਹੈ।
ਮੁੱਖ ਮੰਤਰੀ ਅਨੁਸਾਰ ਇਸ ਹਮਲੇ ਦਾ ਮੁੱਖ ਮਕਸਦ ਪੰਜਾਬ ਪੁਲਿਸ ਦੇ ਜਵਾਨਾਂ ਵਿੱਚ ਡਰ ਅਤੇ ਦਹਿਸ਼ਤ ਪੈਦਾ ਕਰਨਾ ਸੀ ਤਾਂ ਜੋ ਉਹ ਸਰਹੱਦ ਪਾਰੋਂ ਹੋਣ ਵਾਲੀ ਤਸਕਰੀ ਅਤੇ ਅੱਤਵਾਦੀ ਗਤੀਵਿਧੀਆਂ ਵਿਰੁੱਧ ਕਮਜ਼ੋਰ ਪੈ ਜਾਣ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਅਜਿਹੇ ਸੰਕੇਤ ਮਿਲੇ ਹਨ ਕਿ ਹਮਲਾਵਰਾਂ ਨੂੰ ਸਰਹੱਦ ਪਾਰੋਂ ਹਦਾਇਤਾਂ ਅਤੇ ਸ਼ਹਿ ਮਿਲ ਰਹੀ ਸੀ। ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਦੇਸ਼ ਵਿਰੋਧੀ ਤਾਕਤਾਂ ਦੇ ਅਜਿਹੇ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ।
ਮੁੱਖ ਮੰਤਰੀ ਨੇ ਸੀਆਈਏ (CIA) ਇੰਚਾਰਜ ਗੁਰਮੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਦੀ ਬਹਾਦਰੀ ਦੀ ਤਾਰੀਫ਼ ਕੀਤੀ, ਜਿਨ੍ਹਾਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਮੁੱਖ ਦੋਸ਼ੀ ਰਣਜੀਤ ਸਿੰਘ ਨੂੰ ਮੁਕਾਬਲੇ ਵਿੱਚ ਢੇਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜ਼ਖ਼ਮੀ ਅਧਿਕਾਰੀ ਦੇ ਇਲਾਜ ਦਾ ਸਾਰਾ ਖ਼ਰਚਾ ਸਰਕਾਰ ਚੁੱਕੇਗੀ ਅਤੇ ਸ਼ਹੀਦ ਮੁਲਾਜ਼ਮਾਂ ਦੇ ਪਰਿਵਾਰਾਂ ਨਾਲ ਸਰਕਾਰ ਚਟਾਨ ਵਾਂਗ ਖੜ੍ਹੀ ਹੈ ਮੁੱਖ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਸਰਹੱਦੀ ਜ਼ਿਲ੍ਹਿਆਂ, ਖਾਸ ਕਰਕੇ ਗੁਰਦਾਸਪੁਰ, ਪਠਾਨਕੋਟ ਅਤੇ ਅੰਮ੍ਰਿਤਸਰ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੁਲਿਸ ਹੁਣ ਇਸ ਮਾਮਲੇ ਦੇ ਹੋਰ ‘ਸਲੀਪਰ ਸੈੱਲ’ ਅਤੇ ਸਥਾਨਕ ਮਦਦਗਾਰਾਂ ਦੀ ਪਛਾਣ ਕਰਨ ਵਿੱਚ ਜੁਟ ਗਈ ਹੈ।












