ਨਵੀਂ ਦਿੱਲੀ 7 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-
ਅਤਿ ਗੰਭੀਰ ਅਪਰਾਧਾਂ ਦੇ ਦੋਸ਼ੀ ਡੇਰਾ ਸਿਰਸਾ ਮੁਖੀ ਗੁੁਰਮੀਤ ਰਾਮ ਰਹੀਮ ਨੂੰ ਮੁੜ ਇਕ ਹੋਰ ਕਤਲ ਮਾਮਲੇ ਵਿੱਚ ਬਰੀ ਕਰਨ ‘ਤੇ ਸਿੱਖ ਜਥੇਬੰਦਿਆਂ ਵੱਲੋਂ ਸਖ਼ਤ ਇਤਰਾਜ਼ ਜਤਾਇਆ ਜਾ ਰਿਹਾ ਹੈ। ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਮਾਮਲੇ ਵਿੱਚ ਅਦਾਲਤ ਵੱਲੋਂ ਬਰੀ ਕੀਤੇ ਜਾਣ ਨੂੰ ਦੁੱਖਦਾਈ ਕਰਾਰ ਦਿੰਦਿਆਂ ਕਿਹਾ ਕਿ ਆਚਰਣਹੀਣ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੇ ਇਸ ਵਿਅਕਤੀ ਨੂੰ ਕਿਸੇ ਕਿਸਮ ਦੀ ਰਾਹਤ ਨਹੀਂ ਮਿਲਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਗੁਰਮੀਤ ਰਾਮ ਰਾਹੀਮ ’ਤੇ ਪਹਿਲਾਂ ਹੀ ਸਰਕਾਰ ਨਿਯਮਾਂ ਨੂੰ ਨਜ਼ਰਅੰਦਾਜ਼ ਕਰਕੇ ਪੂਰੀ ਤਰ੍ਹਾਂ ਮਿਹਰਬਾਨ ਹੈ ਅਤੇ ਹੁਣ ਕਤਲ ਕੇਸ ਵਿੱਚ ਆਇਆ ਫੈਸਲਾ ਵੀ ਅਸੰਤੁਸ਼ਟੀਜਨਕ ਹੈ। ਵੀਰਜੀ ਨੇ ਕਿਹਾ ਕਿ ਅਸੀਂ ਅਦਾਲਤਾਂ ਦਾ ਸਤਿਕਾਰ ਕਰਦੇ ਹਾਂ ਪਰ ਰਾਮ ਰਹੀਮ ਕਈ ਸੰਗੀਨ ਅਪਰਾਧਾਂ ਤਹਿਤ ਸਜ਼ਾ ਕੱਟ ਰਿਹਾ ਹੈ ਅਤੇ ਏਜੰਸੀਆਂ ਦਾ ਇਹ ਫਰਜ਼ ਹੈ ਕਿ ਉਹ ਮਾਮਲੇ ਦੀ ਠੋਸ ਪੈਰਵਾਈ ਯਕੀਨੀ ਬਣਾਵੇ ਤਾਂ ਜੋ ਜਾਂਚ ਪ੍ਰਣਾਲੀ ਤੋਂ ਲੋਕਾਂ ਦਾ ਭਰੋਸਾ ਨਾ ਟੁੱਟੇ ਕਿਉਕਿ ਅਦਾਲਤ ਵੱਲੋਂ ਇਸ ਨੂੰ ਬਰੀ ਕਰ ਦਿੱਤੇ ਜਾਣ ਨਾਲ ਇਨਸਾਫ਼ ਪਸੰਦ ਵਿਅਕਤੀਆਂ ਨੂੰ ਬਹੁਤ ਵੱਡਾ ਧੱਕਾ ਲੱਗਾ ਹੈ। ਉਨ੍ਹਾਂ ਕਿਹਾ ਜ਼ੇਕਰ ਇਹੋ ਹਾਲਾਤ ਰਹੇ ਤਾਂ ਇਹ ਬਾਕੀ ਕੇਸਾਂ ਵਿੱਚੋਂ ਵੀ ਬਰੀ ਹੋ ਕੇ ਬਾਹਰ ਆ ਸਕਦਾ ਹੈ ਜਦਕਿ ਇਸ ਮਨੁੱਖਤਾ ਵਿਰੋਧੀ ਇਨਸਾਨ ਦੀ ਅਸਲ ਜਗਾ ਜੇਲ੍ਹ ਦੀਆਂ ਸਲਾਖਾਂ ਹਨ। ਉਨ੍ਹਾਂ ਦਿੱਲੀ ਗੁਰਦੁਆਰਾ ਕਮੇਟੀ ਪ੍ਰਬੰਧਕਾਂ ਨੂੰ ਇਸ ਮਾਮਲੇ ਵਿਚ ਘੇਰਦਿਆਂ ਕਿਹਾ ਕੇਂਦਰ ਨਾਲ ਨੇੜਤਾ ਰੱਖੇ ਜਾਣ ਦਾ ਦਾਹਵੇ ਕਰਣ ਵਾਲਿਆਂ ਨੇ ਪੰਥ ਲਈ ਕੌਈ ਸ਼ਲਾਘਾਯੋਗ ਕੰਮ ਤੇ ਕੀਤਾ ਨਹੀਂ ਨਾ ਬੰਦੀ ਸਿੰਘਾਂ ਦੇ ਮਾਮਲਿਆਂ ਦੀ ਆਵਾਜ਼ ਚੁੱਕ ਸਕੇ ਤੇ ਨਾ ਹੀ ਨਵੰਬਰ 84 ਦੇ ਦੋਸ਼ੀਆਂ ਦੇ ਮਾਮਲਿਆਂ ਦੀ ਢੰਗ ਨਾਲ ਪੈਰਵੀ ਕਰ ਸਕੇ, ਸੰਗਤਾਂ ਨੂੰ ਦਸਿਆ ਜਾਏ ਕਿ ਰਾਮ ਰਹੀਮ ਨੂੰ ਬਰੀ ਕੀਤੇ ਜਾਣ ਵਿਰੁੱਧ ਤੁਹਾਡਾ ਕੀ ਸਟੈਂਡ ਹੋਵੇਗਾ ।












