ਝੂਠੇ ਪ੍ਰਚਾਰ ਅਤੇ ਖੋਖਲੇ ਵਾਅਦਿਆਂ ਨਾਲ ਪੰਜਾਬ ਦੇ ਭਵਿੱਖ ਨਾਲ ਖੇਡ ਰਹੀ ਹੈ ਆਮ ਆਦਮੀ ਪਾਰਟੀ ਦੀ ਸਰਕਾਰ : ਚੁੱਘ
ਨੌਜਵਾਨਾਂ ਤੋਂ ਰੁਜ਼ਗਾਰ, ਸੁਰੱਖਿਆ ਅਤੇ ਮੌਕੇ ਖੁਸ ਗਏ, ਸਰਕਾਰ ਪੂਰੀ ਤਰ੍ਹਾਂ ਫੇਲ੍ਹ : ਚੁੱਘ
ਚੰਡੀਗੜ੍ਹ, 17 ਮਾਰਚ,ਬੋਲੇ ਪੰਜਾਬ ਬਿਊਰੋ;
ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਸ਼੍ਰੀ ਤਰੁਣ ਚੁੱਘ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਵਿੱਚ ਕਥਿਤ “ਪੰਜਾਬ ਮਾਡਲ” ਦੀ ਸੱਚਾਈ ਪੂਰੀ ਤਰ੍ਹਾਂ ਸਾਹਮਣੇ ਆ ਗਈ ਹੈ ਅਤੇ ਹੁਣ ਸਰਕਾਰ ਆਪਣੇ ਕਾਰਜਕਾਲ ਦੇ ਆਖਰੀ ਪੜਾਅ ਵਿੱਚ ਵਿਕਾਸ ਅਤੇ ਨਿਵੇਸ਼ ਦਾ ਝੂਠਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਿਲਮ ਸਿਟੀ ਬਣਾਉਣ ਦਾ ਐਲਾਨ ਭਾਵੇਂ ਉਨ੍ਹਾਂ ਦੀ ਸੋਚ ਨੂੰ ਦਰਸਾਉਂਦਾ ਹੋਵੇ, ਪਰ ਪੰਜਾਬ ਨੂੰ ਇੱਕ ਗੰਭੀਰ ਅਤੇ ਨਤੀਜਾ-ਕੇਂਦਰਿਤ ਮਾਡਲ ਦੀ ਲੋੜ ਹੈ। ਇਸ ਦੇ ਉਲਟ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਰਫ਼ ਝੂਠੇ ਵਾਅਦਿਆਂ, ਗਲਤ ਦਾਅਵਿਆਂ ਅਤੇ ਮਹਿੰਗੇ ਪ੍ਰਚਾਰ ਦਾ ਮਾਡਲ ਦਿੱਤਾ ਹੈ।
ਚੁੱਘ ਨੇ ਕਿਹਾ ਕਿ ਜਦੋਂ ਰੋਜ਼ਾਨਾ ਕਤਲ ਹੋ ਰਹੇ ਹਨ ਅਤੇ ਅਮਨ-ਕਾਨੂੰਨ ਦੀ ਹਾਲਤ ਬਹੁਤ ਖਰਾਬ ਹੈ, ਉਸ ਵੇਲੇ ਇਨਵੈਸਟਰ ਸਮਿੱਟ ਕਰਨਾ ਸਿਰਫ਼ ਇੱਕ ਦਿਖਾਵਾ ਹੈ।
ਚੁੱਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਡੇ ਵਾਅਦਿਆਂ ਨਾਲ ਸੱਤਾ ਵਿੱਚ ਆਈ ਸੀ, ਪਰ ਹਰ ਮੋਰਚੇ ‘ਤੇ ਨਾਕਾਮ ਰਹੀ ਹੈ। 25 ਲੱਖ ਨੌਕਰੀਆਂ, ਚਾਰ ਮਹੀਨਿਆਂ ਵਿੱਚ ਨਸ਼ਾ ਖਤਮ ਕਰਨ ਅਤੇ ਹਰ ਫਸਲ ‘ਤੇ MSP ਦੇ ਵਾਅਦੇ ਸਿਰਫ਼ ਖੋਖਲੇ ਸਾਬਤ ਹੋਏ ਹਨ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਬੇਰੁਜ਼ਗਾਰੀ ਅਤੇ ਨਿਰਾਸ਼ਾ ਦਿੱਤੀ ਗਈ ਹੈ ਅਤੇ ਸਰਕਾਰ ਦੇ ਐਲਾਨ ਸਿਰਫ਼ ਇਸ਼ਤਿਹਾਰਾਂ ਤੱਕ ਸੀਮਿਤ ਰਹੇ ਹਨ।
ਚੁੱਘ ਨੇ ਕਿਹਾ ਕਿ 16 ਮੈਡੀਕਲ ਕਾਲਜ, 16,000 ਮੁਹੱਲਾ ਕਲੀਨਿਕ ਅਤੇ Rs. 2,500 ਪੈਨਸ਼ਨ ਦੇ ਵਾਅਦੇ ਵੀ ਅਜੇ ਤੱਕ ਪੂਰੇ ਨਹੀਂ ਹੋਏ।
ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ, ਗੈਂਗਸਟਰਵਾਦ ਅਤੇ ਉਗਰਾਹੀ ਦੇ ਮਾਮਲੇ ਵੱਧ ਰਹੇ ਹਨ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ।
ਚੁੱਘ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਹਿਤਾਂ ਲਈ ਨਹੀਂ ਸਗੋਂ ਅਰਵਿੰਦ ਕੇਜਰੀਵਾਲ ਦੀਆਂ ਰਾਜਨੀਤਿਕ ਇਛਾਵਾਂ ਦੀ ਪੂਰਤੀ ਲਈ ਕੰਮ ਕਰ ਰਹੀ ਹੈ ਅਤੇ ਰਾਜ ਦੇ ਸਰੋਤ ਪ੍ਰਚਾਰ ਅਤੇ ਛਵੀ ਨਿਰਮਾਣ ‘ਤੇ ਖਰਚੇ ਜਾ ਰਹੇ ਹਨ।












