ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਅਪ੍ਰੈਲ, ਬੋਲੇ ਪੰਜਾਬ ਬਿਊਰੋ;
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਵੀਨਸ ਵੀਜ਼ਾ ਫਰਮ ਐਸ.ਸੀ.ਓ. ਨੰ. 38, ਟਾਪ ਫਲੋਰ, ਫੇਜ਼-5, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਤੁਰੰਤ ਪ੍ਰਭਾਵ ਨਾਲ ਤਿੰਨ ਮਹੀਨੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੀਨਸ ਵੀਜ਼ਾ ਫਰਮ ਦੇ ਮਾਲਕ ਸ਼੍ਰੀਮਤੀ ਮਨਮੀਤ ਕੌਰ ਪੁੱਤਰੀ ਸ੍ਰੀ ਸੁਰਿੰਦਰ ਸਿੰਘ ਪਤਨੀ ਸ੍ਰੀ ਅਰਸ਼ਦੀਪ ਸਿੰਘ ਵਾਸੀ ਮਕਾਨ ਨੰ: 761, ਗਿਲਕੋ ਪਾਰਕ, ਸੈਕਟਰ-115, ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 530/ਆਈ ਸੀ ਮਿਤੀ 14.12.2022 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 13.12.2027 ਤੱਕ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ, ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਐਡਵਾਈਜ਼ਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪਸ਼ਟੀਕਰਨ ਨਾ ਦੇਣ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ।
ਇਸ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਵੀਨਸ ਵੀਜ਼ਾ ਨੂੰ ਜਾਰੀ ਲਾਇਸੰਸ ਨੰ: 530/ਆਈ ਸੀ ਮਿਤੀ 14.12.2022 ਨੂੰ ਮਿਤੀ 27.03.2026 ਤੋਂ ਤਿੰਨ ਮਹੀਨੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ।
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਗਿਆ ਹੈ ਕਿ ਕਿਉਂ ਨਾ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ।












