ਚੰਡੀਗੜ੍ਹ, 3 ਅਪ੍ਰੈਲ, ਬੋਲੇ ਪੰਜਾਬ ਬਿਊਰੋ :
ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਸਬ-ਡਵੀਜ਼ਨ ਕੁੱਪ ਕਲਾਂ, ਜ਼ਿਲ੍ਹਾ ਮਲੇਰਕੋਟਲਾ ਵਿਖੇ ਪਾਵਰਕਾਮ ਦਫ਼ਤਰ ਵਿੱਚ ਤਾਇਨਾਤ ਸਬ-ਡਵੀਜ਼ਨਲ ਅਫ਼ਸਰ (ਐਸ.ਡੀ.ਓ.) ਹਰਦੀਪ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਪਿੰਡ ਭੋਗੀਵਾਲ, ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਐਸ.ਡੀ.ਓ. ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਦੇ ਘਰ ਦਾ ਮੁਆਇਨਾ ਕੀਤਾ ਅਤੇ ਉਸਨੂੰ ਦੱਸਿਆ ਕਿ ਉੱਥੇ ਗੈਰ-ਕਾਨੂੰਨੀ ਬਿਜਲੀ ਮੀਟਰ ਲਗਾਏ ਗਏ ਹਨ। ਇਸ ਸਬੰਧ ਵਿੱਚ ਮੁਲਜ਼ਮ ਐਸ.ਡੀ.ਓ. ਨੇ ਸ਼ਿਕਾਇਤਕਰਤਾ ਤੋਂ ਇਨ੍ਹਾਂ ਬਿਜਲੀ ਮੀਟਰਾਂ ਨੂੰ ਚਾਲੂ ਰੱਖਣ ਲਈ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸੰਬੰਧੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।
ਕਿਸੇ ਵੀ ਗੈਰ-ਕਾਨੂੰਨੀ ਢੰਗ ਦਾ ਸਹਾਰਾ ਲੈਣ ਜਾਂ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਰਿਸ਼ਵਤਖ਼ੋਰ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ, ਪਟਿਆਲਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।












