4 ਸਾਲਾਂ ਤੋਂ ਨਵੀਂ ਭਰਤੀ ਦਾ ਇੰਤਜ਼ਾਰ! ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ CM ਭਗਵੰਤ ਮਾਨ ਦੀ ਫੇਰੀ ਦੌਰਾਨ ਜ਼ਬਰਦਸਤ ਨਾਅਰੇਬਾਜ਼ੀ

ਪੰਜਾਬ

ਫਾਜ਼ਿਲਕਾ, 3 ਮਾਰਚ ,ਬੋਲੇ ਪੰਜਾਬ ਬਿਊਰੋ;

ਬੀਤੇ ਦਿਨੀਂ ਫਾਜ਼ਿਲਕਾ ਦੀ ਦਾਣਾ ਮੰਡੀ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਰੱਖੇ ਗਏ ਵਿਸ਼ਾਲ ਲੋਕ ਸਮਾਗਮ ਦੌਰਾਨ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਈ.ਟੀ.ਟੀ. ਟੈੱਟ ਪਾਸ ਬੇਰੋਜ਼ਗਾਰ ਅਧਿਆਪਕ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਗਟ ਕੀਤਾ।

ਜਦੋਂ ਮੁੱਖ ਮੰਤਰੀ ਸਟੇਜ ਤੋਂ ਸਰਕਾਰ ਦੀਆਂ ਪ੍ਰਾਪਤੀਆਂ ਗਿਣਾ ਰਹੇ ਸਨ, ਤਾਂ ਪੰਡਾਲ ਵਿੱਚ ਮੌਜੂਦ ਬੇਰੋਜ਼ਗਾਰ ਅਧਿਆਪਕਾਂ ਨੇ ਅਚਾਨਕ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਪ੍ਰਸ਼ਾਸਨ ਵੱਲੋਂ ਸਥਿਤੀ ਨੂੰ ਕਾਬੂ ਕਰਨ ਲਈ ਯੂਨੀਅਨ ਆਗੂਆਂ ਨੂੰ ਤੁਰੰਤ ਹਿਰਾਸਤ ਵਿੱਚ ਲੈ ਲਿਆ ਗਿਆ ਅਤੇ ਉਨ੍ਹਾਂ ਨੂੰ ਖੂਈ ਖੇੜਾ ਥਾਣੇ ਵਿੱਚ ਲਿਜਾ ਕੇ ਬੰਦ ਕਰ ਦਿੱਤਾ ਗਿਆ। ਸ਼ਾਮ ਨੂੰ ਸਮਾਗਮ ਦੀ ਸਮਾਪਤੀ ਤੋਂ ਬਾਅਦ ਹੀ ਇਨ੍ਹਾਂ ਆਗੂਆਂ ਨੂੰ ਰਿਹਾਅ ਕੀਤਾ ਗਿਆ।

ਯੂਨੀਅਨ ਆਗੂਆਂ ਨੇ ਸਰਕਾਰ ‘ਤੇ ਗੰਭੀਰ ਦੋਸ਼ ਲਾਉਂਦਿਆਂ ਦੱਸਿਆ ਕਿ, ਪਿਛਲੇ 4 ਸਾਲਾਂ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਸਰਕਾਰ ਨੇ ਈ.ਟੀ.ਟੀ. ਦੀ ਇੱਕ ਵੀ ਨਵੀਂ ਭਰਤੀ ਦਾ ਇਸ਼ਤਿਹਾਰ ਜਾਰੀ ਨਹੀਂ ਕੀਤਾ।

ਭਰਤੀ ਨਾ ਹੋਣ ਕਾਰਨ ਬਹੁਤ ਸਾਰੇ ਉਮੀਦਵਾਰ ਸਰਕਾਰੀ ਨੌਕਰੀ ਲਈ ਤੈਅ ਉਮਰ ਹੱਦ ਟੱਪਣ ਦੇ ਕਿਨਾਰੇ ਪਹੁੰਚ ਚੁੱਕੇ ਹਨ।

ਆਗੂਆਂ ਅਨੁਸਾਰ ਸਰਕਾਰ ਨਾਲ ਕਈ ਮੀਟਿੰਗਾਂ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਸਿਰਫ਼ ਲਾਰੇ ਹੀ ਮਿਲੇ ਹਨ ਅਤੇ ਬੇਰੋਜ਼ਗਾਰਾਂ ਨੂੰ ਸੜਕਾਂ ‘ਤੇ ਰੁਲਣ ਲਈ ਮਜਬੂਰ ਕੀਤਾ ਜਾ ਰਿਹਾ ਹੈ।

ਸੂਬਾ ਪ੍ਰਧਾਨ ਸੁਨੀਲ ਫਾਜ਼ਿਲਕਾ ਨੇ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਨੇ ਜਲਦ ਹੀ ਵੱਡੀ ਗਿਣਤੀ ਵਿੱਚ ਨਵੀਂ ਭਰਤੀ ਦਾ ਇਸ਼ਤਿਹਾਰ ਜਾਰੀ ਨਾ ਕੀਤਾ, ਤਾਂ ਬੇਰੋਜ਼ਗਾਰ ਅਧਿਆਪਕ ਪੰਜਾਬ ਭਰ ਵਿੱਚ ਸਰਕਾਰੀ ਨੁਮਾਇੰਦਿਆਂ ਨੂੰ ਘੇਰ ਕੇ ਸਵਾਲ-ਜਵਾਬ ਕਰਨਗੇ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹਰ ਮੋੜ ‘ਤੇ ਬੇਰੋਜ਼ਗਾਰਾਂ ਦੇ ਰੋਸ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਯੂਨੀਅਨ ਦੇ ਉਪ ਪ੍ਰਧਾਨ ਸੋਨੂੰ ਸਿੰਘ, ਸਕੱਤਰ ਰਣਜੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਈ.ਟੀ.ਟੀ. ਕਾਡਰ ਦੇ ਸਾਥੀ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।