ਕਿਹਾ, ਕਾਂਗਰਸ ਪਾਰਟੀ ਹਮੇਸ਼ਾ ਦੀ ਤਰਾਂ ਕਿਸਾਨਾਂ ਨਾਲ ਚਟਾਨ ਵਾਂਗ ਖੜੀ ਹੈ
ਮੋਹਾਲੀ, 5 ਅਪ੍ਰੈਲ ,ਬੋਲੇ ਪੰਜਾਬ ਬਿਊਰੋ:
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਕਿਹਾ ਹੈ ਕਿ ਮੋਹਾਲੀ ਵਿਧਾਨ ਸਭਾ ਹਲਕੇ ਦੇ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਕੱਲ੍ਹ ਕਿਸਾਨਾਂ ਵਲੋਂ ਗਮਾਡਾ ਵਿਰੁੱਧ ਲਗਾਤਾਰ ਦਿੱਤੇ ਜਾ ਰਹੇ ਧਰਨੇ ਵਿਚ ਪੂਰੇ ਉਤਸ਼ਾਹ ਨਾਲ ਸ਼ਾਮਲ ਹੋਣਗੇ। ਉਹਨਾਂ ਕਿਹਾ ਕਿ ਉਹ ਪਿਛਲੇ ਕਈ ਦਿਨਾਂ ਤੋਂ ਹਲਕੇ ਦੇ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਧਰਨੇ ਵਿਚ ਸ਼ਾਮਲ ਹੋਣ ਲਈ ਲਾਮਬੰਦ ਕਰ ਰਹੇ ਹਨ।
ਸ੍ਰੀ ਸਿੱਧੂ ਨੇ ਅੱਜ ਇਥੇ ਜਾਰੀ ਕੀਤੇ ਗਏ ਆਪਣੇ ਇਕ ਪ੍ਰੈਸ ਬਿਆਨ ਵਿਚ ਕਿਹਾ ਕਿ ਲੋਕ ਖਾਸ ਕਰ ਕੇ ਕਿਸਾਨ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਅੱਕ ਚੁੱਕੇ ਹਨ ਅਤੇ ੳਹਨਾਂ ਦੇ ਮਨਾਂ ਵਿਚ ਭਗਵੰਤ ਮਾਨ ਸਰਕਾਰ ਵਿਰੁੱਧ ਭਾਰੀ ਰੋਸ ਹੈ। ਉਹਨਾਂ ਗਮਾਡਾ ਦੀਆਂ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਅਦਾਰਾ ਲਗਾਤਾਰ ਕਿਸਾਨ ਦੀ ਲੁੱਟ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ, “ਗਮਾਡਾ ਵੱਲੋਂ ਕਿਸਾਨਾਂ ਦੀਆਂ ਕੀਮਤੀ ਜ਼ਮੀਨਾਂ ਤਾਂ ਕੌਡੀਆਂ ਦੇ ਭਾਅ ਐਕੁਆਇਰ ਕਰ ਲਈਆਂ ਜਾਂਦੀਆਂ ਹਨ, ਪਰ ਉਨ੍ਹਾਂ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਜਾ ਰਿਹਾ ਹੈ। ਆਪਣੀ ਹੀ ਜ਼ਮੀਨ ਦੇ ਢੁਕਵੇਂ ਮੁਆਵਜ਼ੇ ਅਤੇ ਹੱਕਾਂ ਲਈ ਕਿਸਾਨਾਂ ਨੂੰ ਸੜਕਾਂ ‘ਤੇ ਬੈਠਣ ਲਈ ਮਜਬੂਰ ਕਰਨਾ ਬੇਹੱਦ ਮੰਦਭਾਗਾ ਹੈ।”
ਕਾਂਗਰਸੀ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲਾਂ ਵੀ ਲੁਧਿਆਣਾ ਤੇ ਮੋਹਾਲੀ ਜ਼ਿਲਿਆਂ ਦੀ ਤਕਰੀਬਨ 15,000 ਏਕੜ ਜ਼ਮੀਨ ਐਕੁਆਇਰ ਕਰਨ ਦੇ ਮਾਮਲੇ ਵਿਚ ਮੂੰਹ ਦੀ ਖਾਧੀ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੇ ਰੋਹ ਅੱਗੇ ਗੋਡੇ ਟੇਕਦਿਆਂ ਆਪਣਾ ਨੋਟੀਫੀਕੇਸ਼ਨ ਵਾਪਸ ਲੈਣਾ ਪਿਆ ਸੀ। ਉਹਨਾਂ ਅੱਗੇ ਕਿਹਾ ਕਿ ਇਸ ਮਾਮਲੇ ਵਿਚ ਵੀ ਸਰਕਾਰ ਨੂੰ ਕਿਸਾਨਾਂ ਦੀਆਂ ਹੱਕੀ ਮੰਗਾਂ ਅੱਗੇ ਝੁਕਣਾ ਹੀ ਪਵੇਗਾ।
ਸ਼੍ਰੀ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਇਲਾਕਾ ਨਿਵਾਸੀਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਕੱਲ੍ਹ ਦੇ ਧਰਨੇ ਵਿੱਚ ਵੱਧ-ਚੜ੍ਹ ਕੇ ਪਹੁੰਚਣ ਤਾਂ ਜੋ ਸੁੱਤੀ ਹੋਈ ਸਰਕਾਰ ਅਤੇ ਗਮਾਡਾ ਪ੍ਰਸ਼ਾਸਨ ਨੂੰ ਜਗਾਇਆ ਜਾ ਸਕੇ।












