ਸਾਂਝੇ ਮੋਰਚੇ ਵਲੋਂ 9 ਅਪ੍ਰੈਲ ਤੋਂ ਧੂਰੀ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ਦੀ ਕੀਤੀ ਤਿਆਰੀ
ਬਠਿੰਡਾ, 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ;
ਪਂਜਾਬ ਦੇ ਸਿਹਤ ਵਿਭਾਗ ਅੰਦਰ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਸਬੰਧੀ ਜਾਣਕਾਰੀ ਦੇਣ ਅਤੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਰੱਖੀਆਂ ਗਈਆਂ ਆਸ਼ਾ ਵਰਕਰਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਦੀ ਸੂਬਾ ਪ੍ਰਧਾਨ ਰਾਣੋ ਖੇੜੀ ਗਿੱਲਾਂ, ਚੇਅਰਪਰਸਨ ਸੁਖਵਿੰਦਰ ਕੌਰ, ਜਨਰਲ ਸਕੱਤਰ ਲਖਵਿੰਦਰ ਕੌਰ ਝਬਾਲ ਅਤੇ ਵਿੱਤ ਸਕੱਤਰ ਹਰਨਿੰਦਰ ਕੌਰ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਮੌਜੂਦਾ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਜਿੱਥੇ ਆਮ ਲੋਕਾਂ, ਕਿਸਾਨਾਂ ਅਤੇ ਬਾਕੀ ਮੁਲਾਜ਼ਮਾਂ ਵਾਂਗ ਆਸ਼ਾ ਵਰਕਰਾਂ ਦਾ ਸ਼ੋਸ਼ਣ ਕਰਨ ਵਿੱਚ ਵੀ ਪਿੱਛੇ ਨਹੀਂ ਹੈ ਅਤੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਭੁਲਾ ਕੇ ਮੁਲਾਜ਼ਮ ਵਿਰੋਧੀ ਨੀਤੀਆਂ ਪਹਿਲੀਆਂ ਸਰਕਾਰਾਂ ਨਾਲੋਂ ਵੀ ਤੇਜ਼ੀ ਨਾਲ ਲਾਗੂ ਕਰ ਰਹੀ ਹੈ। ਜੱਥੇਬੰਦੀ ਦੀਆਂ ਆਗੂਆਂ ਸੰਦੀਪ ਕੌਰ, ਰਾਜ ਕੁਮਾਰੀ, ਜਸਵੀਰ ਕੌਰ, ਬੀਰਪਾਲ ਕੌਰ, ਰੀਟਾ ਰਾਣੀ, ਨਿਰਮਲਾ ਦੇਵੀ ਨੇ ਕਿਹਾ ਕਿ ਸਰਕਾਰ ਵਲੋਂ ਆਸ਼ਾ ਵਰਕਰਾਂ ਪ੍ਰਤੀ ਅਪਣਾਈਆਂ ਵਿਰੋਧੀ ਨੀਤੀਆਂ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਪੰਜਾਬ ਅੰਦਰ ਸੰਘਰਸ਼ਾਂ ਨੂੰ ਪ੍ਰਣਾਈਆਂ ਹੋਈਆਂ ਆਸ਼ਾ ਵਰਕਰਾਂ ਦੀਆਂ ਚਾਰ ਜੱਥੇਬੰਦੀਆਂ ਵਲੋਂ “ਆਸ਼ਾ ਵਰਕਰ ਆਸ਼ਾ ਫੈਸਿਲੀਟੇਟਰ ਸਾਂਝਾ ਮੋਰਚਾ” ਬਣਾ ਕੇ ਸਰਕਾਰ ਵਿਰੁੱਧ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਪ੍ਰੰਤੂ ਮੁੱਖ ਮੰਤਰੀ ਵਲੋਂ ਅਜੇ ਤੱਕ ਮੀਟਿੰਗ ਦਾ ਕੋਈ ਵੀ ਸਮਾਂ ਨਹੀਂ ਦਿੱਤਾ ਗਿਆ ਹੈ ਅਤੇ ਸਿਹਤ ਮੰਤਰੀ ਵਲੋਂ ਮੀਟਿੰਗਾਂ ਵਿੱਚ ਮੰਨੀਆਂ ਮੰਗਾਂ ਨੂੰ ਵੀ ਲਾਗੂ ਨਹੀਂ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸਾਂਝੇ ਮੋਰਚੇ ਵਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਹੋਰ ਵੀ ਤੇਜ਼ ਕਰਦਿਆਂ ਮਿਤੀ 9 ਅਪ੍ਰੈਲ ਤੋਂ ਮੁੱਖ ਮੰਤਰੀ ਦੇ ਹਲਕੇ ਧੂਰੀ ਵਿਖੇ ਪੱਕਾ ਮੋਰਚਾ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਬਾਕੀ ਜੱਥੇਬੰਦੀਆਂ ਦੇ ਨਾਲ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਵਲੋਂ ਵੀ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਜੱਥੇਬੰਦੀ ਦੀ ਸੂਬਾ ਪ੍ਰੈਸ ਸਕੱਤਰ ਪਰਮਜੀਤ ਕੌਰ ਨੇ ਦੱਸਿਆ ਕਿ ਇਸ ਸੰਘਰਸ਼ ਦੀ ਤਿਆਰੀ ਲਈ ਲੁਧਿਆਣੇ ਵਿਖੇ ਸੂਬਾ ਪੱਧਰੀ ਮੀਟਿੰਗ ਕਰਕੇ ਸੰਘਰਸ਼ ਵਿੱਚ ਸ਼ਮੂਲੀਅਤ ਕਰਨ ਦਾ ਪ੍ਰੋਗਰਾਮ ਉਲੀਕ ਦਿੱਤਾ ਗਿਆ ਹੈ। ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਇਹ ਪੱਕਾ ਮੋਰਚਾ ਮੰਗਾਂ ਦੀ ਪ੍ਰਾਪਤੀ ਤੱਕ ਜਾਰੀ ਰਹੇਗਾ ਅਤੇ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਵੀ ਕੀਤਾ ਜਾਵੇਗਾ। ਇਸ ਮੌਕੇ ਰੁਪਿੰਦਰ ਕੌਰ, ਸੁਖਵਿੰਦਰ ਕੌਰ, ਚਰਨਜੀਤ ਕੌਰ, ਮਨਜੀਤ ਕੌਰ, ਰਵਿੰਦਰ ਕੌਰ ਆਦਿ ਆਗੂ ਵੀ ਹਾਜਰ ਸਨ।












