ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਨਿਰਵਿਘਨ ਜਾਰੀ
ਭਾਰਤ ਸਰਕਾਰ ਵੱਲੋਂ ਭੇਜੀ ਤਿੰਨ ਮੈਂਬਰੀ ਕਮੇਟੀ ਵੱਲੋਂ ਸੋਮਵਾਰ ਨੂੰ ਕੁਰਾਲੀ ਦੀ ਮੰਡੀ ਵਿੱਚੋਂ ਕਣਕ ਦੇ ਸੈਂਪਲ ਲਏ ਗਏ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ ,ਬੋਲੇ ਪੰਜਾਬ ਬਿਊਰੋ:
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਦੇ 16.97 ਕਰੋੜ ਰੁਪਏ, ਹੁਣ ਤੱਕ ਉਨ੍ਹਾਂ ਦੇ ਖਾਤਿਆਂ ਵਿੱਚ ਪਾ ਦਿੱਤੇ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਵਰਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਤੈਅ ਸਮੇਂ ਤੋਂ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਕਣਕ ਦੀ ਰਾਸ਼ੀ ਪਾਈ ਜਾ ਰਹੀ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਦੀ ਕਣਕ ਦਾ ਦਾਣਾ-ਦਾਣਾ ਖ੍ਰੀਦਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਚਨਬੱਧ ਹੈ।
ਜ਼ਿਲ੍ਹੇ ਦੀਆਂ ਮੰਡੀਆਂ ’ਚ ਹੋਈ ਕਣਕ ਦੀ ਆਮਦ ਬਾਬਤ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਹੁਣ ਤੱਕ 13717 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਜਿਸ ਵਿਚੋਂ 9272 ਮੀਟ੍ਰਿਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 3058 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 3384 ਮੀਟ੍ਰਿਕ ਟਨ, ਪਨਸਪ ਵੱਲੋਂ 2118 ਮੀਟ੍ਰਿਕ ਟਨ ਅਤੇ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 712 ਮੀਟ੍ਰਿਕ ਟਨ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਬਾਰਿਸ਼ਾਂ ਨਾਲ ਪ੍ਰਭਾਵਿਤ ਕਣਕ ਦੀ ਜਾਂਚ ਲਈ ਭਾਰਤ ਸਰਕਾਰ ਵੱਲੋਂ ਤਿੰਨ ਮੈਂਬਰੀ ਕਮੇਟੀ ਮੰਡੀਆਂ ਵਿੱਚ ਕਣਕ ਦੇ ਸੈਂਪਲ ਲੈਣ ਲਈ ਭੇਜੀ ਗਈ ਹੈ। ਇਸ ਕਮੇਟੀ ਵੱਲੋਂ ਕਲ੍ਹ ਬਨੂੰੜ ਅਤੇ ਲਾਲੜੂ ਦੀਆਂ ਮੰਡੀਆਂ ਅਤੇ ਅੱਜ ਕੁਰਾਲੀ ਦੀ ਮੰਡੀ ਵਿੱਚੋਂ ਸੈਂਪਲ ਲਏ ਗਏ ਹਨ।
ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਅਨੁਸਾਰ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਵਾਸਤੇ ਸ਼ਿਕਾਇਤ ਨਿਵਾਰਨ ਕਮੇਟੀਆਂ ਦਾ ਵੀ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉੱਚ ਅਧਿਕਾਰੀਆਂ ਦੁਆਰਾ ਮੰਡੀ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮੰਡੀ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਸਰਕਾਰ ਦੀ ਹਦਾਇਤਾਂ ਦੀ ਇਨ-ਬਿਨ ਪਾਲਣਾ ਕਰਨ ਹਿੱਤ ਸਮੂਹ ਫੀਲਡ ਅਮਲੇ ਨੂੰ ਹਦਾਇਤ ਜਾਰੀ ਕੀਤੀ ਗਈ ਹੈ। ਕਿਸਾਨਾਂ ਨੂੰ ਕਣਕ ਦੀ ਖਰੀਦ ਸੀਜ਼ਨ ਦੇ ਅਖੀਰ ਤੱਕ ਇਸੇ ਤਰ੍ਹਾਂ ਹੀ ਨਿਰਵਿਘਨ ਸੇਵਾਵਾਂ ਦਿੱਤੀਆਂ ਜਾਣਗੀਆਂ ਤਾਂ ਜੋ ਜ਼ਿਲ੍ਹੇ ਦੀ ਕਿਸੇ ਵੀ ਮੰਡੀ ਵਿੱਚ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਲਿਫ਼ਟਿੰਗ ਮਿਥੇ ਸਮੇਂ ਵਿੱਚ ਕੀਤੀ ਜਾ ਰਹੀ ਹੈ।












