ਨਵੀਂ ਦਿੱਲੀ 13 ਅਪ੍ਰੈਲ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-
ਵਿਸਾਖੀ ਦਾ ਤਿਉਹਾਰ ਭਾਰਤੀ ਇਤਿਹਾਸ ਵਿੱਚ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਵਿਸ਼ੇਸ਼ ਕਰਕੇ ਸਿੱਖ ਇਤਿਹਾਸ ਵਿੱਚ ਇਸ ਦਿਨ ਨੂੰ ਖਾਲਸੇ ਦੇ ਜਨਮ ਦਿਹਾੜੇ ਵੱਜੋਂ ਮਨਾਇਆ ਜਾਂਦਾ ਹੈ। ਸਰਦਾਰ ਬੱਲ ਮਲਕੀਤ ਸਿੰਘ ਚੇਅਰਮੈਨ ਮਹਾਂਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਸਿਆ ਕਿ 1699 ਈ: ਨੂੰ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਵੇਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਇਸ ਲਈ ਸਮੂਹ ਸਿੱਖ ਭਾਈਚਾਰਾ ਇਸ ਦਿਨ ਨੂੰ ਖਾਲਸੇ ਦੇ ਜਨਮ ਦਿਵਸ ਵੱਜੋਂ ਮਨਾਉਂਦਾ ਹੈ। ਇਸ ਦਿਨ ਨੂੰ ਵੈਸਾਖ ਮਹੀਨੇ ਦੇ ਪਹਿਲੇ ਦਿਨ ਵੱਜੋਂ ਇਹ ਦਿਹਾੜਾ ਹਰ ਸਾਲ 14 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਆਮ ਤੌਰ ‘ਤੇ ਇਹ ਤਿਉਹਾਰ ਹਾੜੀ ਦੀ ਫ਼ਸਲ ਪੱਕਣ ਦੀ ਖੁਸ਼ੀ ਵਿੱਚ ਵੀ ਮਨਾਇਆ ਜਾਂਦਾ ਹੈ। ਇਸ ਨੂੰ ਕਿਸਾਨਾਂ ਦਾ ਮੇਲਾ ਵੀ ਕਿਹਾ ਜਾਂਦਾ ਹੈ। ਇਸ ਦਿਨ ਕਈ ਥਾਵਾਂ ‘ਤੇ ਭਾਰੀ ਮੇਲੇ ਆਦਿ ਵੀ ਲੱਗਦੇ ਹਨ ਅਤੇ ਕਈ ਗੁਰਦੁਆਰਿਆਂ ਵਿੱਚ ਧਾਰਮਿਕ ਸਮਾਗਮ ਵੀ ਕਰਵਾਏ ਜਾਂਦੇ ਹਨ। 1699 ਈ: ਵਿੱਚ ਵਿਸਾਖੀ ਵਾਲੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਇੱਕ ਮਹਾਨ ਸਭਾ ਬੁਲਾਈ ਸੀ, ਇਸ ਸਭਾ ਵਿੱਚ ਵੱਖ-ਵੱਖ ਥਾਵਾਂ ਤੋਂ ਲਗਭਗ 80 ਹਜ਼ਾਰ ਸਿੱਖ ਇਕੱਠੇ ਹੋਏ। ਜਦੋਂ ਸਭਾ ਸ਼ੁਰੂ ਹੋਈ ਤਾਂ ਗੁਰੂ ਸਾਹਿਬ ਨੇ ਮਿਆਨ ਵਿੱਚੋਂ ਤਲਵਾਰ ਕੱਢਦੇ ਹੋਏ ਕਿਹਾ, ਹੈ ਕੋਈ ਅਜਿਹਾ ਸਿੱਖ ਜੋ ਧਰਮ ਲਈ ਆਪਣੇ ਪ੍ਰਾਣਾਂ ਦਾ ਬਲਿਦਾਨ ਦੇ ਸਕੇ। ਇਹ ਸੁਣ ਕੇ ਸਭਾ ਸ਼ਾਂਤ ਹੋ ਗਈ ਅਤੇ ਪੰਜ ਸਿੱਖ ਵਾਰੋ ਵਾਰੀ ਉੱਠੇ ਅਤੇ ਉਹਨਾਂ ਨੇ ਗੁਰੂ ਸਾਹਿਬ ਨੂੰ ਆਪਣਾ ਆਪ ਸੌਂਪ ਦਿੱਤਾ। ਗੁਰੂ ਸਾਹਿਬ ਨੇ ਉਹਨਾਂ ਪੰਜਾ ਸਿੰਘਾਂ ਨੂੰ ਅੰਮ੍ਰਿਤ ਛਕਾ ਕੇ ਪੰਜ ਪਿਆਰਿਆਂ ਦੀ ਪਦਵੀ ਦਿੱਤੀ ਅਤੇ ਬਾਅਦ ਵਿੱਚ ਉਹਨਾਂ ਪਾਸੋਂ ਆਪ ਅੰਮ੍ਰਿਤ ਛੱਕਿਆ। ਖਾਲਸੇ ਦੀ ਸਥਾਪਨਾ ਕਰ ਕੇ ਗੁਰੂ ਸਾਹਿਬ ਨੇ ਇੱਕ ਨਵਾਂ ਪੰਥ ਸਿਰਜਿਆ ਅਤੇ ਜਾਤ-ਪਾਤ, ਰੰਗ-ਭੇਦ ਆਦਿ ਦੇ ਵਿਤਕਰੇ ਨੂੰ ਖ਼ਤਮ ਕਰ ਦਿੱਤਾ। ਗੁਰੂ ਸਾਹਿਬ ਨੇ ਅੰਮ੍ਰਿਤ ਛਕਾਉਣ ਤੋਂ ਬਾਅਦ ਮਰਦਾਂ ਦੇ ਨਾਂਅ ਪਿੱਛੇ ‘ਸਿੰਘ’ ਅਤੇ ਔਰਤਾਂ ਦੇ ਨਾਂਅ ਪਿੱਛੇ ‘ਕੌਰ’ ਲਗਾਉਣ ਦਾ ਹੁਕਮ ਦਿੱਤਾ। ਅੰਮ੍ਰਿਤ ਛਕਾਉਣ ਤੋਂ ਬਾਅਦ ਕੇਸ, ਕੰਘਾ, ਕੜਾ, ਕਿਰਪਾਨ ਅਤੇ ਕਛਹਿਰਾ ਹਰ ਸਿੱਖ ਦੀ ਪੋਸ਼ਾਕ ਦਾ ਜ਼ਰੂਰੀ ਹਿੱਸਾ ਬਣ ਗਿਆ।












