ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ – ਕਣਕ ਦੀ ਖਰੀਦ ਸਬੰਧੀ ਕਿਸੇ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ, ਮੰਡੀਆਂ ਵਿੱਚ ਕੀਤੇ ਗਏ ਹਨ ਪੁੱਖਤਾ ਪ੍ਰਬੰਧ
ਸੂਬੇ ਦੀਆਂ ਮੰਡੀਆਂ ਵਿੱਚ 41.13 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ
ਐਸ.ਏ.ਐਸ. ਨਗਰ (ਮੋਹਾਲੀ) 20 ਅਪ੍ਰੈਲ,ਬੋਲੇ ਪੰਜਾਬ ਬਿਊਰੋ –
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਹਾੜੀ ਸੀਜਨ 2026-27 ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਚੱਲ ਰਹੇ ਕਣਕ ਦੇ ਖਰੀਦ ਕਾਰਜਾਂ ਦਾ ਜਾਇਜਾ ਲਿਆ ਗਿਆ। ਸ. ਬਰਸਟ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆ ਵਿੱਚ ਕਣਕ ਦੀ ਆਮਦ ਅਤੇ ਖਰੀਦ ਦੇ ਕਾਰਜ ਜੋਰਾਂ ਨਾਲ ਚੱਲ ਰਹੇ ਹਨ। ਮੰਡੀਆਂ ਵਿੱਚ ਕੀਤੇ ਪ੍ਰਬੰਧਾਂ ਸਦਕਾ ਕਿਸੇ ਨੂੰ ਵੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾ ਰਹੀ। ਹਾੜੀ ਸੀਜਨ ਦੌਰਾਨ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ। ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਵਿੱਚ ਘੱਟ ਸੀ, ਪਰ ਹੁਣ ਆਮਦ ਤੇਜੀ ਨਾਲ ਹੋ ਰਹੀ ਹੈ ਅਤੇ ਖਰੀਦ ਦੇ ਕਾਰਜ਼ ਵੀ ਜੋਰਾਂ ਨਾਲ ਚੱਲ ਰਹੇ ਹਨ।
ਚੇਅਰਮੈਨ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 41.13 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ 35.25 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ, ਜਿਸ ਵਿੱਚੋਂ 35.17 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 19 ਅਪ੍ਰੈਲ ਨੂੰ ਸੂਬੇ ਦੀਆਂ ਮੰਡੀਆਂ ਵਿੱਚ 11.15 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਅਤੇ 11.27 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ। ਚੇਅਰਮੈਨ ਨੇ ਦੱਸਿਆ ਕਿ ਕਣਕ ਦੀ ਖਰੀਦ ਵਾਸਤੇ ਸੂਬੇ ਨੂੰ 30,973 ਕਰੋੜ ਰੁਪਏ ਦੀ ਸੀ.ਸੀ.ਐਲ. ਪ੍ਰਾਪਤ ਹੋਈ ਹੈ। ਕਿਸਾਨਾਂ ਨੂੰ ਲਗਭਗ 1818 ਕਰੋੜ ਰੁਪਏ ਦੀ ਅਦਾਇਗੀ ਉਹਨਾਂ ਦੇ ਬੈਂਕ ਖਾਤੀਆਂ ਵਿੱਚ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਸਮੂਹ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਪੰਜਾਬ ਸਰਕਾਰ ਹਰ ਵੇਲੇ ਕਿਸਾਨਾਂ ਨਾਲ ਖੜੀ ਹੈ ਅਤੇ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ, ਮਜਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸਦੇ ਲਈ ਮੰਡੀਆਂ ਵਿੱਚ ਸਾਫ਼-ਸਫਾਈ, ਪੀਣ ਵਾਲਾ ਪਾਣੀ, ਬਿਜਲੀ, ਬਾਥਰੂਮਾਂ, ਛਾਂ, ਬੈਠਣ ਆਦਿ ਦੇ ਪ੍ਰਬੰਧ ਕੀਤੇ ਗਏ ਹਨ। ਮੰਡੀ ਵਿੱਚ ਖਰੀਦ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ।
ਇਸਦੇ ਨਾਲ ਹੀ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ। ਕੰਟਰੋਲ ਰੂਮ ਦੇ ਟੈਲੀਫੋਨ ਨੰ. 0172-5101649 ਅਤੇ 0172-5101704 ਤੇ ਸੰਪਰਕ ਕੀਤਾ ਜਾ ਸਕਦਾ ਹੈ, ਤਾਂ ਕਿ ਸਮੱਸਿਆ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਕਰਵਾਉਣ ਲਈ ਕੁੱਲ 1896 ਮੰਡੀਆਂ ਘੋਸ਼ਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 153 ਮੁੱਖ ਯਾਰਡ, 288 ਸਬ ਯਾਰਡ ਅਤੇ 1455 ਖਰੀਦ ਕੇਂਦਰ ਆਉਂਦੇ ਹਨ। ਇਸਦੇ ਨਾਲ ਹੀ 929 ਆਰਜੀ ਮੰਡੀਆਂ ਵੀ ਬਣਾਈਆਂ ਜਾ ਚੁੱਕੀਆਂ ਹਨ।
ਸ. ਬਰਸਟ ਨੇ ਕਿਹਾ ਕਿ ਆੜ੍ਹਤੀਆਂ ਅਤੇ ਕਿਸਾਨਾਂ ਦਰਮਿਆਨ ਬਹੁਤ ਹੀ ਵਧੀਆ ਤਾਲਮੇਲ ਬਣਿਆ ਹੋਇਆ ਹੈ, ਜੋ ਖਰੀਦ ਪ੍ਰਕਿਰਿਆ ਨੂੰ ਸਫਲ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਸਾਰੇ ਕਰਮਚਾਰੀਆਂ ਅਤੇ ਵੱਖ-ਵੱਖ ਏਜੰਸੀਆਂ ਦੇ ਮੁਲਾਜਮਾਂ ਨੂੰ ਅਪੀਲ ਕੀਤੀ ਕਿ ਕਣਕ ਦੇ ਖਰੀਦ ਕਾਰਜਾਂ ਨੂੰ ਪੂਰੀ ਦ੍ਰਿੜਤਾ ਨਾਲ ਨੇਪਰੇ ਚਾੜ੍ਹਿਆ ਜਾਵੇ, ਤਾਂ ਜੋ ਕਿਸਾਨ ਬਿਨਾਂ ਕਿਸੇ ਔਕੜ ਤੋਂ ਖੁਸ਼ੀ – ਖੁਸ਼ੀ ਆਪਣੀ ਫਸਲ ਨੂੰ ਵੇਚ ਕੇ ਘਰ ਜਾ ਸਕਣ।












