ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਅਪ੍ਰੈਲ ,ਬੋਲੇ ਪੰਜਾਬ ਬਿਉਰੋ:
ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਗੁਰਦਵਾਰਾ ਸ਼੍ਰੀ ਗੁਰੂ ਸਿੰਘ ਸਭਾ, ਫੇਜ਼-1 ਮੋਹਾਲੀ ਵਿਖੇ ਸ਼ਰਧਾਲੂਆਂ ਨਾਲ ਭਰੀਆਂ 24ਵੀਂ ਅਤੇ 25ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਸ਼ਰਧਾਲੂ ਤਿੰਨ ਦਿਨ ਅਤੇ ਦੋ ਰਾਤਾਂ ਦੇ ਦੌਰੇ ਦੌਰਾਨ ਸ੍ਰੀ ਦਰਬਾਰ ਸਾਹਿਬ (ਸ੍ਰੀ ਅੰਮ੍ਰਿਤਸਰ ਸਾਹਿਬ), ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਵਾਘਾ ਬਾਰਡਰ ਅਤੇ ਜਲਿਆਂਵਾਲਾ ਬਾਗ ਦੇ ਦਰਸ਼ਨ ਕਰਨਗੇ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਵੱਲੋਂ ਰਜਿਸਟ੍ਰੇਸ਼ਨ ਦਾ ਦੌਰ ਲਗਾਤਾਰ ਤੇਜ਼ ਹੋ ਰਿਹਾ ਹੈ, ਜੋ ਕਿ ਬਹੁਤ ਹੀ ਸੰਤੋਖਜਨਕ ਗੱਲ ਹੈ। ਉਨ੍ਹਾਂ ਦੱਸਿਆ ਕਿ ਸ਼ਰਧਾਲੂ ਗੁਰਦਵਾਰਾ ਸਾਹਿਬ ਤੋਂ ਅਰਦਾਸ ਕਰਕੇ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਏ ਅਤੇ ਉਨ੍ਹਾਂ ਨੇ ਅਰਦਾਸ ਕੀਤੀ ਕਿ ਪਰਮਾਤਮਾ ਹਰ ਸ਼ਰਧਾਲੂ ਦੀ ਮਨੋਕਾਮਨਾ ਪੂਰੀ ਕਰੇ।
ਵਿਧਾਇਕ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਹੋਰ ਵੀ ਬੱਸਾਂ ਇਸ ਯੋਜਨਾ ਤਹਿਤ ਰਵਾਨਾ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਹ ਦਿਲੀ ਇੱਛਾ ਸੀ ਕਿ ਸੀਨੀਅਰ ਸਿਟੀਜਨਾਂ ਨੂੰ ਆਸਾਨੀ ਨਾਲ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਣ ਅਤੇ ਇਸੇ ਉਦੇਸ਼ ਨਾਲ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਹੋਰ ਦੱਸਿਆ ਕਿ ਹਰ ਬੱਸ ਨਾਲ ਗਾਈਡ ਅਤੇ ਮੈਡੀਕਲ ਟੀਮ ਮੌਜੂਦ ਰਹਿੰਦੀ ਹੈ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਅਤੇ ਗਾਰੰਟੀਆਂ ਨੂੰ ਪੂਰਾ ਕਰਨ ਦੇ ਨਾਲ ਨਾਲ ਹੋਰ ਲੋਕ-ਹਿਤੈਸ਼ੀ ਯੋਜਨਾਵਾਂ ਵੀ ਲਗਾਤਾਰ ਸ਼ੁਰੂ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ, ਕੁਲਦੀਪ ਸਿੰਘ ਸਮਾਣਾ ਅਤੇ ਕੌਂਸਲਰ ਗੁਰਮੀਤ ਕੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਸ਼ਰਧਾਲੂਆਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ। ਉਨ੍ਹਾਂ ਵਿਧਾਇਕ ਕੁਲਵੰਤ ਸਿੰਘ ਦਾ ਵੀ ਧੰਨਵਾਦ ਕੀਤਾ ਜੋ ਹਰ ਵਾਰ ਬੱਸਾਂ ਨੂੰ ਰਵਾਨਾ ਕਰਨ ਅਤੇ ਵਾਪਸੀ ਉਪਰੰਤ ਸ਼ਰਧਾਲੂਆਂ ਨਾਲ ਤਜਰਬੇ ਸਾਂਝੇ ਕਰਦੇ ਹਨ।












