MP Amritpal Singh ਨੂੰ ਗ੍ਰਿਫ਼ਤਾਰ ਕਰਨ ਲਈ ਡਿਬਰੂਗੜ੍ਹ ਪਹੁੰਚੀ ਪੰਜਾਬ ਪੁਲਿਸ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 21 ਅਪ੍ਰੈਲ ,ਬੋਲੇ ਪੰਜਾਬ ਬਿਊਰੋ;

ਖ਼ਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀ ਟੀਮ ਡਿਬਰੂਗੜ੍ਹ ਪਹੁੰਚ ਚੁੱਕੀ ਹੈ। ਦੱਸ ਦਈਏ ਕਿ 22 ਅਪ੍ਰੈਲ ਨੂੰ ਅੰਮ੍ਰਿਤਪਾਲ ਸਿੰਘ ‘ਤੇ ਲੱਗੀ ਐਨਐਸਏ ਦੀ ਮਿਆਦ ਖਤਮ ਹੋ ਰਹੀ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ, ਅਤੇ ਅਜਨਾਲਾ ਥਾਣੇ ‘ਤੇ ਹੋਏ ਹੰਗਾਮੇ ਨਾਲ ਸੰਬੰਧਿਤ ਕੇਸ ਵਿੱਚ ਪੰਜਾਬ ਪੁਲਿਸ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਉਣ ਦੀ ਕਾਰਵਾਈ ਕਰ ਸਕਦੀ ਹੈ।

ਇਹ ਮਾਮਲਾ ਫਰਵਰੀ 2023 ਵਿੱਚ ਅਜਨਾਲਾ ਵਿੱਚ ਪੁਲਿਸ ਥਾਣੇ ‘ਤੇ ਹਮਲੇ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਉੱਤੇ ਗੰਭੀਰ ਦੋਸ਼ ਲੱਗੇ ਸਨ। ਦੋਸ਼ ਸਨ ਕਿ ਉਨ੍ਹਾਂ ਨੇ ਬੈਰੀਕੇਡ ਤੋੜ ਕੇ ਪੁਲੀਸ ਨਾਲ ਝੜਪ ਕੀਤੀ, ਜਿਸ ਵਿੱਚ ਕਈ ਪੁਲੀਸ ਮੁਲਾਜ਼ਮਾਂ, ਸਮੇਤ ਉਸ ਵੇਲੇ ਦੇ ਐਸਪੀ ਜੁਗਰਾਜ ਸਿੰਘ ਜ਼ਖ਼ਮੀ ਹੋਏ। ਪ੍ਰਦਰਸ਼ਨਕਾਰੀਆਂ ਵੱਲੋਂ ਬੱਸ ਵਿੱਚ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਾਲ ਲਿਜਾਣ ਕਾਰਨ ਪੁਲਿਸ ਨੇ ਸਾਵਧਾਨੀ ਵਰਤੀ ਅਤੇ ਉਸ ਵੇਲੇ ਕੋਈ ਸਖਤ ਕਾਰਵਾਈ ਨਹੀਂ ਕੀਤੀ ਸੀ। ਜਿਸ ਤੋਂ ਬਾਅਦ ਪੁਲੀਸ ਨੇ 24 ਫਰਵਰੀ 2023 ਨੂੰ ਮਾਮਲਾ ਦਰਜ ਕੀਤਾ ਸੀ, ਪਰ ਮੁੱਖ ਦੋਸ਼ੀ ਖ਼ਿਲਾਫ਼ ਤੁਰੰਤ ਕਾਰਵਾਈ ਨਹੀਂ ਹੋਈ। ਬਾਅਦ ਵਿੱਚ ਤਲਾਸ਼ ਮੁਹਿੰਮ ਚਲਾਈ ਗਈ ਅਤੇ ਲਗਪਗ ਦੋ ਮਹੀਨੇ ਬਾਅਦ ਅੰਮ੍ਰਿਤਪਾਲ ਨੂੰ ਮੋਗਾ ਦੇ ਰੋਡੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਬਾਅਦ ਉਸ ’ਤੇ ਐਨਐਸਏ ਲਾਗੂ ਕਰਕੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ, ਜਿਸ ਦੀ ਮਿਆਦ 2024 ਅਤੇ 2025 ਵਿੱਚ ਵਧਾਈ ਗਈ।

ਦੱਸ ਦਈਏ ਕਿ ਦੂਜੀ ਵਾਰ 22 ਅਪ੍ਰੈਲ ਨੂੰ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਹੇਠ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਦੀ ਮਿਆਦ ਖ਼ਤਮ ਹੋ ਰਹੀ ਹੈ। ਹਾਈ ਕੋਰਟ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਕਾਨੂੰਨੀ ਕਾਰਵਾਈ ਪੂਰੀ ਕਰਕੇ ਟੀਮ ਡਿਬਰੂਗੜ੍ਹ ਜੇਲ੍ਹ ਜਾ ਕੇ ਉਸ ਦੀ ਰਸਮੀ ਗ੍ਰਿਫ਼ਤਾਰੀ ਕਰੇਗੀ। ਦੱਸ ਦਈਏ ਕਿ ਸਰਕਾਰ ਨੇ ਸੋਧੇ ਹੋਏ ਪੰਜਾਬ ਜੇਲ੍ਹ ਕਾਨੂੰਨ ਤਹਿਤ ਉਸ ਨੂੰ ਅਸਾਮ ਦੀ ਜੇਲ੍ਹ ਵਿੱਚ ਹੀ ਰੱਖਣ ਦੀ ਮੰਗ ਵੀ ਕੀਤੀ ਹੈ।

ਇੱਥੇ ਇਹ ਦੱਸ ਦਈਏ ਕਿ ਅੰਮ੍ਰਿਤਪਾਲ ਦੇ 9 ਕਰੀਬੀ ਸਾਥੀਆਂ ਦੀ ਐਨਐਸਏ ਹਿਰਾਸਤ ਪਿਛਲੇ ਸਾਲ ਨਹੀਂ ਵਧਾਈ ਗਈ ਸੀ ਤੇ ਇਨ੍ਹਾਂ ਨੂੰ ਪੰਜਾਬ ਵਾਪਸ ਲਿਆਂਦਾ ਜਾ ਚੁੱਕਾ ਹੈ ਅਤੇ ਉਹ ਪੁਲੀਸ ਹਿਰਾਸਤ ਵਿੱਚ ਹਨ। ਗ੍ਰਿਫ਼ਤਾਰੀ ਤੋਂ ਬਾਅਦ ਅੰਮ੍ਰਿਤਪਾਲ ਖ਼ਿਲਾਫ਼ ਮੁਕੱਦਮੇ ਦੀ ਸੁਣਵਾਈ ਵੀ ਸ਼ੁਰੂ ਕੀਤੀ ਜਾਵੇਗੀ, ਜਿਸ ਲਈ ਵੀਡੀਓ ਕਾਨਫਰੰਂਸਿੰਗ ਰਾਹੀਂ ਪੇਸ਼ੀ ਦੀ ਵਿਵਸਥਾ ਕੀਤੀ ਜਾ ਸਕਦੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।