ਐਸ ਏ ਐਸ ਨਗਰ 27 ਅਪ੍ਰੈਲ ,ਬੋਲੇ ਪੰਜਾਬ ਬਿਊਰੋ;
ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਅਮਰੀਕ ਸਿੰਘ ਅੰਮ੍ਰਿਤਸਰ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਖਾਲਸਾ ਪੰਥ ਦੀ ਮਾਤਾ ਸਾਹਿਬ ਕੌਰ ਜੀ ਦਾ ਜੀਵਨ ਬ੍ਰਿਤਾਂਤ ਅਤੇ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੁਆਰਾ ਉਨਾਂ ਨੂੰ ਖਾਲਸਾ ਪੰਥ ਦੀ ਮਾਤਾ ਦਾ ਖਿਤਾਬ ਦੇਣ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਜਾਣੂ ਕਰਵਾਇਆ। ਰਾਗ ਸਮਰਾਟ ਭਾਈ ਗੁਰਮੀਤ ਸਿੰਘ ਜੀ ਸ਼ਾਂਤ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਪਰਦੀਪ ਸਿੰਘ ਜੀ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਭਾਈ ਅਜਮੇਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ, ਭਾਈ ਬਲਜਿੰਦਰ ਸਿੰਘ ਜੀ ਸ੍ਰੀ ਫਤਿਹਗੜ੍ਹ ਸਾਹਿਬ ਵਾਲੇ, ਭਾਈ ਗੁਰਨਾਮ ਸਿੰਘ ਜਵੱਦੀ ਟਕਸਾਲ ਵਾਲੇ, ਭਾਈ ਹਰਪ੍ਰੀਤ ਸਿੰਘ ਜੀ ਦਮਦਮੀ ਟਕਸਾਲ, ਭਾਈ ਸ਼ਮਸ਼ੇਰ ਸਿੰਘ ਜੀ ਜਵੱਦੀ ਟਕਸਾਲ, ਭਾਈ ਸੰਦੀਪ ਸਿੰਘ ਜੀ ਅਨੰਦਪੁਰ ਸਾਹਿਬ ਵਾਲਿਆਂ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਦਸਵੀਂ ਦੇ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ । ਇਸ ਦਿਨ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ ।
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਸਥਾਨ ਤੇ ਡਿਸਪੈਂਸਰੀ ਅਤੇ ਲੈਬਾਰੇਟਰੀ ਚੱਲ ਰਹੀ ਹੈ ਜਿਸ ਵਿੱਚ ਸਾਰੇ ਟੈਸਟ ਅਤਿ ਆਧੁਨਿਕ ਕੰਪਿਊਟਰਾਈਜਡ ਤਰੀਕੇ ਨਾਲ ਕੀਤੇ ਜਾਂਦੇ ਹਨ। ਮਾਹਿਰ ਡਾਰਕਟਰਾਂ ਵੱਲੋਂ ਮਰੀਜਾਂ ਦਾ ਮੁਆਇਨਾ ਕੀਤਾ ਜਾਂਦਾ ਹੈ ਅਤੇ ਦਵਾਈ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਜਾਂਦੀ ਹੈ। ਸੰਗਤਾਂ ਦੀ ਸਹੁਲਤ ਲਈ ਐੱਮ ਆਰ ਆਈ, ਸੀਟੀ ਸਕੈਨ, ਅਲਟਰਾਸਾਉਂਡ, ਡੈਂਟਲ ਵਿੰਗ ਅਤੇ ਐਕਸ ਰੇ ਦੀਆਂ ਸੁਵਿਧਾਵਾਂ ਵੀ ਉਪਲਬੱਧ ਹਨ।












