ਮੋਹਾਲੀ ਦੇ ਲੋਕ ਹਾਨੀਕਾਰਕ ਧਰਤੀ ਹੇਠਲਾ ਪਾਣੀ ਪੀਣ ਲਈ ਮਜਬੂਰ : ਹਰਦੇਵ ਸਿੰਘ ਉੱਭਾ
ਬਿਲਡਰ ਦੀਆਂ ਗਲਤੀਆਂ ਦਾ ਖਮਿਆਜ਼ਾ ਭੁਗਤ ਰਹੇ ਲੋਕ : ਹਰਦੇਵ ਸਿੰਘ ਉੱਭਾ
ਚੰਡੀਗੜ੍ਹ, 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ;
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਮੋਹਾਲੀ ਦੇ ਵਾਰਡ ਨੰਬਰ 41 ਅਧੀਨ ਆਉਂਦੇ ਪਿੰਡ ਨਾਨੂੰ ਮਾਜਰਾ, ਸੰਭਾਲਕੀ, ਪ੍ਰੀਤ ਸਿਟੀ ਸੈਕਟਰ 86 ਦੇ ਨਿਵਾਸੀਆਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਨੂੰ ਲੈ ਕੇ ਪੰਜਾਬ ਦੇ ਮਾਨਯੋਗ ਰਾਜਪਾਲ ਗੁਲਾਬ ਚੰਦ ਕਟਾਰੀਆ ਜੀ ਨੂੰ ਪੱਤਰ ਲਿਖ ਕੇ ਤੁਰੰਤ ਦਖਲ ਦੀ ਮੰਗ ਕੀਤੀ ਹੈ।
ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਕਾਂਗਰਸ ਸਰਕਾਰ ਅਤੇ ਹੁਣ ਭਗਵੰਤ ਮਾਨ ਸਰਕਾਰ ਨੇ ਮੋਹਾਲੀ ਦੇ ਇਸ ਇਲਾਕੇ ਦੇ ਲੋਕਾਂ ਦੀਆਂ ਜਾਇਜ਼ ਮੰਗਾਂ ਅਤੇ ਬੁਨਿਆਦੀ ਸਹੂਲਤਾਂ ਵੱਲ ਕੋਈ ਗੰਭੀਰ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਬਿਲਡਰਾਂ ਦੀਆਂ ਯੋਜਨਾਬੱਧ ਗਲਤੀਆਂ ਅਤੇ ਸਰਕਾਰੀ ਨਿਗਰਾਨੀ ਦੀ ਕਮੀ ਦਾ ਖਮਿਆਜ਼ਾ ਅੱਜ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਅੱਜ ਵੀ ਇਲਾਕੇ ਦੇ ਹਜ਼ਾਰਾਂ ਪਰਿਵਾਰ ਪੀਣ ਵਾਲੇ ਸਾਫ਼ ਪਾਣੀ, ਸੁਚੱਜੇ ਸੀਵਰੇਜ ਸਿਸਟਮ, ਵਧੀਆ ਸੜਕਾਂ, ਸਟਰੀਟ ਲਾਈਟਾਂ, ਪਾਰਕਾਂ, ਪਾਰਕਿੰਗ, ਕਮਿਊਨਿਟੀ ਸੈਂਟਰ ਅਤੇ ਹੋਰ ਜਨਤਕ ਸਹੂਲਤਾਂ ਤੋਂ ਵਾਂਝੇ ਹਨ।
ਉਨ੍ਹਾਂ ਕਿਹਾ ਕਿ ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਇਸ ਖੇਤਰ ਦਾ ਧਰਤੀ ਹੇਠਲਾ ਪਾਣੀ ਸਿਹਤ ਲਈ ਹਾਨੀਕਾਰਕ ਹੋਣ ਦੇ ਬਾਵਜੂਦ ਲੋਕ ਮਜਬੂਰੀ ਵੱਸ ਉਹੀ ਪਾਣੀ ਪੀਣ ਲਈ ਮਜਬੂਰ ਹਨ, ਜਿਸ ਨਾਲ ਲੋਕਾਂ ਦੀ ਸਿਹਤ ‘ਤੇ ਨਕਾਰਾਤਮਕ ਅਸਰ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਖੇਤਰ ਵਿੱਚ ਨਹਿਰੀ ਪਾਣੀ ਦੀ ਸਪਲਾਈ ਤੁਰੰਤ ਯਕੀਨੀ ਬਣਾਈ ਜਾਵੇ, ਤਾਂ ਜੋ ਲੋਕਾਂ ਨੂੰ ਸਾਫ਼, ਸੁਰੱਖਿਅਤ ਅਤੇ ਪੀਣਯੋਗ ਪਾਣੀ ਉਪਲਬਧ ਹੋ ਸਕੇ।
ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਇਲਾਕੇ ਵਿੱਚ ਵਧੀਆ ਸੀਵਰੇਜ ਸਿਸਟਮ, ਸੜਕਾਂ ਦਾ ਨਿਰਮਾਣ ਅਤੇ ਮੁਰੰਮਤ, ਸਫਾਈ ਪ੍ਰਬੰਧ, ਸਟਰੀਟ ਲਾਈਟਾਂ, ਪਾਰਕਾਂ, ਓਪਨ ਜਿਮ, ਕਮਿਊਨਿਟੀ ਸੈਂਟਰ ਅਤੇ ਸਰਕਾਰੀ ਸਕੂਲਾਂ ਦੇ ਨਵੀਨੀਕਰਨ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਤੁਰੰਤ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਨੇ ਸਮੇਂ ਸਿਰ ਇਨ੍ਹਾਂ ਮਸਲਿਆਂ ਵੱਲ ਧਿਆਨ ਦਿੱਤਾ ਹੁੰਦਾ ਤਾਂ ਅੱਜ ਲੋਕਾਂ ਨੂੰ ਇੰਨੀ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪੈਂਦਾ।
ਉਨ੍ਹਾਂ ਆਸ ਜਤਾਈ ਕਿ ਮਾਨਯੋਗ ਰਾਜਪਾਲ ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਨਗੇ, ਤਾਂ ਜੋ ਸੰਬੰਧਿਤ ਵਿਭਾਗ ਤੁਰੰਤ ਕਾਰਵਾਈ ਕਰਦੇ ਹੋਏ ਵਾਰਡ ਨੰਬਰ 41 ਦੇ ਨਿਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ।












