ਚੰਡੀਗੜ੍ਹ 6 ਮਈ ,ਬੋਲੇ ਪੰਜਾਬ ਬਿਊਰੋ;
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਜਲੰਧਰ ਵਿੱਚ ਹੋਏ ਬੰਬ ਵਿਸਫੋਟ ਦੇ ਮਾਮਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਬਿਆਨ ਦੀ ਕੜੀ ਨਿੰਦਾ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਦਾ ਇਹ ਬਿਆਨ ਗੈਰ-ਜ਼ਿੰਮੇਵਾਰਾਨਾ ਅਤੇ ਦਹਿਸ਼ਤਗਰਦ ਤਾਕਤਾਂ ਦੇ ਹੌਂਸਲੇ ਵਧਾਉਣ ਵਾਲਾ ਹੈ।
ਉੱਭਾ ਨੇ ਕਿਹਾ ਕਿ ਜਿੱਥੇ ਪੰਜਾਬ ਦੇ ਡੀਜੀਪੀ ਇਸ ਘਟਨਾ ਨੂੰ ਦਹਿਸ਼ਤਗਰਦੀ ਕਾਰਵਾਈ ਦੇ ਤੌਰ ‘ਤੇ ਵੇਖ ਰਹੇ ਹਨ ਅਤੇ ਜਾਂਚ ਏਜੰਸੀਆਂ ਵੀ ਇਸ ਨੂੰ ਗੰਭੀਰਤਾ ਨਾਲ ਲੈ ਰਹੀਆਂ ਹਨ, ਉੱਥੇ ਮੁੱਖ ਮੰਤਰੀ ਵੱਲੋਂ ਰਾਜਨੀਤਿਕ ਲਾਭ ਲਈ ਗਲਤ ਬਿਆਨਬਾਜ਼ੀ ਕਰਨਾ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਹੈ।
ਉਨ੍ਹਾਂ ਕਿਹਾ ਕਿ ਅਜਿਹੇ ਸੰਵੇਦਨਸ਼ੀਲ ਮਾਮਲਿਆਂ ‘ਤੇ ਸਿਆਸੀ ਰੋਟੀਆਂ ਸੇਕਣ ਦੀ ਬਜਾਏ ਸਰਕਾਰ ਨੂੰ ਪੰਜਾਬ ਦੀ ਅਮਨ-ਸ਼ਾਂਤੀ ਅਤੇ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦੇਣੀ ਚਾਹੀਦੀ ਹੈ। ਮੁੱਖ ਮੰਤਰੀ ਦੇ ਬਿਆਨ ਨਾਲ ਨਾ ਸਿਰਫ਼ ਲੋਕਾਂ ਵਿੱਚ ਭਰਮ ਪੈਦਾ ਹੁੰਦਾ ਹੈ, ਸਗੋਂ ਸੁਰੱਖਿਆ ਏਜੰਸੀਆਂ ਦੇ ਮਨੋਬਲ ‘ਤੇ ਵੀ ਨਕਾਰਾਤਮਕ ਅਸਰ ਪੈਂਦਾ ਹੈ।
ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨਾਲ ਕੋਈ ਸਮਝੌਤਾ ਨਹੀਂ ਹੋਣ ਦੇਵੇਗੀ ਅਤੇ ਅਜਿਹੇ ਮਾਮਲਿਆਂ ‘ਤੇ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।ਉੱਭਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਚੁਕੀ ਹੈ ਪੰਜਾਬ ਦਾ ਹਰ ਵਰਗ ਇਸ ਸਰਕਾਰ ਤੋ ਦੁਖੀ ਹੈ ।












