ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ – ਮੰਡੀਆਂ ਵਿੱਚ 123.50 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ
ਐਸ.ਏ.ਐਸ. ਨਗਰ (ਮੋਹਾਲੀ), 11 ਮਈ, ਬੋਲੇ ਪੰਜਾਬ ਬਿਊਰੋ;
ਹਾੜੀ ਸੀਜਨ 2026-27 ਆਖਰੀ ਪੜਾਅ ਵਿੱਚ ਪਹੁੰਚ ਗਿਆ ਹੈ ਅਤੇ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦੇ ਕਾਰਜ ਤੇਜੀ ਨਾਲ ਨੇਪਰੇ ਚਾੜ੍ਹੇ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਡੀਆਂ ਵਿੱਚ ਕੀਤੇ ਪੁਖਤਾ ਪ੍ਰਬੰਧਾਂ ਸਦਕਾ ਹੁਣ ਤੱਕ 123.20 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਨਾਲੋਂ-ਨਾਲ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਸ. ਬਰਸਟ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 123.50 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 123.20 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਸਰਕਾਰੀ ਏਜੰਸੀਆਂ ਵੱਲੋਂ 121.61 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ, ਜਿਸਦੇ ਤਹਿਤ ਪਨਗ੍ਰੇਨ ਵੱਲੋਂ 39,90,264 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 2,55,561 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 31,25,455 ਮੀਟ੍ਰਿਕ ਟਨ, ਪਨਸਪ ਵੱਲੋਂ 28,30,814 ਮੀਟ੍ਰਿਕ ਟਨ, ਵੇਅਰ ਹਾਊਸ ਵੱਲੋਂ 19,58,799 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸਦੇ ਨਾਲ ਹੀ ਪ੍ਰਾਈਵੇਟ ਪੱਧਰ ਤੇ 1,59,172 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ।
ਚੇਅਰਮੈਨ ਨੇ ਦੱਸਿਆ ਕਿ ਮੰਡੀਆਂ ਵਿੱਚੋਂ 97.16 ਲੱਖ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਕਿਸਾਨਾਂ ਨੂੰ ਲਗਭਗ 29,932 ਕਰੋੜ ਦੀ ਅਦਾਇਗੀ ਕੀਤੀ ਜਾ ਚੁਕੀ ਹੈ। ਉਨ੍ਹਾਂ ਦੱਸਿਆ ਕਿ 10 ਮਈ ਨੂੰ ਸੂਬੇ ਦੀਆਂ ਮੰਡੀਆਂ ਵਿੱਚ 29,394 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 33,605 ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ, ਜਦਕਿ 3.07 ਲੱਖ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋਈ ਹੈ। ਹਾੜੀ ਸੀਜਨ 2026-27 ਦੌਰਾਨ 2585 ਰੁਪਏ ਤੋਂ ਲੈ ਕੇ 2660 ਰੁਪਏ ਪ੍ਰਤੀ ਕੁਵਿੰਟਲ ਤੱਕ ਕਣਕ ਦੀ ਖਰੀਦ ਹੋਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਹੈ। ਸੀਜਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿੱਚ ਸਾਫ਼-ਸਫਾਈ, ਪੀਣ ਵਾਲਾ ਪਾਣੀ, ਬਾਥਰੂਮ, ਛਾਂ, ਬੈਠਣ ਆਦਿ ਦੇ ਕੀਤੇ ਗਏ ਪੁਖਤਾ ਪ੍ਰਬੰਧ ਕਰਕੇ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਸਮੇਤ ਕਿਸੇ ਨੂੰ ਵੀ ਕੋਈ ਸਮੱਸਿਆਂ ਨਹੀਂ ਆਉਣ ਦਿੱਤੀ ਗਈ ਹੈ। ਸ. ਹਰਚੰਦ ਸਿੰਘ ਬਰਸਟ ਨੇ ਆੜ੍ਹਤੀਆਂ, ਮਜਦੂਰਾਂ, ਕਿਸਾਨਾਂ, ਮੰਡੀ ਬੋਰਡ/ਮਾਰਕਿਟ ਕਮੇਟੀਆਂ, ਵੱਖ-ਵੱਖ ਏਜੰਸੀਆਂ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ।












