ਸੰਯੁਕਤ ਕਿਸਾਨ ਮੋਰਚਾ ਵੱਲੋਂ ਰਾਜਪਾਲ ਭਵਨ ਵੱਲ ਕੂਚ ਕਰਨ ਦੀ ਕੋਸ਼ਿਸ਼ ਨਾਕਾਮ; ਕਈ ਕਿਸਾਨ ਜ਼ਖ਼ਮੀ, ਦਰਜਨਾਂ ਹਿਰਾਸਤ ’ਚ
ਚੰਡੀਗੜ੍ਹ, 15 ਮਈ ,ਬੋਲੇ ਪੰਜਾਬ ਬਿਉਰੋ;
ਪੰਜਾਬ ਸਰਹੱਦ ’ਤੇ ਅੱਜ ਉਸ ਵੇਲੇ ਸਥਿਤੀ ਬੇਹੱਦ ਤਣਾਅਪੂਰਨ ਹੋ ਗਈ ਜਦੋਂ ਸੰਯੁਕਤ ਕਿਸਾਨ ਮੋਰਚਾ (SKM) ਦੀ ਅਗਵਾਈ ਹੇਠ ਰਾਜਪਾਲ ਭਵਨ ਵੱਲ ਕੂਚ ਕਰ ਰਹੇ ਸੈਂਕੜੇ ਕਿਸਾਨਾਂ ਨੂੰ ਚੰਡੀਗੜ੍ਹ ਪੁਲੀਸ ਨੇ ਸਰਹੱਦ ’ਤੇ ਹੀ ਰੋਕ ਲਿਆ। ਇਸ ਦੌਰਾਨ ਜਦੋਂ ਕਿਸਾਨਾਂ ਨੇ ਅੱਗੇ ਵਧਣ ਲਈ ਲਗਾਏ ਗਏ ਭਾਰੀ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ, ਤਾਂ ਚੰਡੀਗੜ੍ਹ ਪੁਲੀਸ ਨੇ ਕਿਸਾਨਾਂ ਨੂੰ ਖਿੰਡਾਉਣ ਲਈ ਹਲਕਾ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ। ਪੁਲੀਸ ਦੀ ਇਸ ਸਖ਼ਤ ਕਾਰਵਾਈ ਕਾਰਨ ਕਈ ਕਿਸਾਨਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।

ਮਿਲੀ ਜਾਣਕਾਰੀ ਅਨੁਸਾਰ ਵੱਖ-ਵੱਖ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਅੱਜ ਚੰਡੀਗੜ੍ਹ ਸਥਿਤ ਰਾਜਪਾਲ ਭਵਨ ਦਾ ਘੇਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਵੱਡੀ ਗਿਣਤੀ ਵਿੱਚ ਕਿਸਾਨ ਟਰੈਕਟਰ-ਟਰਾਲੀਆਂ ਅਤੇ ਗੱਡੀਆਂ ਰਾਹੀਂ ਚੰਡੀਗੜ੍ਹ ਵੱਲ ਵਧ ਰਹੇ ਸਨ। ਪਰ ਚੰਡੀਗੜ੍ਹ ਪੁਲੀਸ ਨੇ ਮੁਸਤੈਦੀ ਦਿਖਾਉਂਦਿਆਂ ਕਿਸਾਨਾਂ ਨੂੰ ਸ਼ਹਿਰ ਦੀ ਹੱਦ ਅੰਦਰ ਦਾਖ਼ਲ ਹੋਣ ਤੋਂ ਪਹਿਲਾਂ ਹੀ ਰੋਕਣ ਲਈ ਮਜ਼ਬੂਤ ਬੈਰੀਕੇਡਿੰਗ ਕਰ ਦਿੱਤੀ ਸੀ।

ਸਰਹੱਦ ’ਤੇ ਲਗਾਏ ਨਾਕਿਆਂ ਕੋਲ ਪਹੁੰਚ ਕੇ ਕਿਸਾਨਾਂ ਅਤੇ ਪੁਲੀਸ ਦਰਮਿਆਨ ਤਿੱਖੀ ਬਹਿਸ ਹੋਈ, ਜੋ ਕੁਝ ਹੀ ਦੇਰ ਵਿੱਚ ਹੰਗਾਮੇ ਵਿੱਚ ਬਦਲ ਗਈ। ਜਦੋਂ ਕਿਸਾਨਾਂ ਨੇ ਬੈਰੀਕੇਡ ਹਟਾ ਕੇ ਜ਼ਬਰਦਸਤੀ ਅੱਗੇ ਵਧਣ ਦਾ ਯਤਨ ਕੀਤਾ, ਤਾਂ ਪੁਲੀਸ ਨੇ ਕਿਸਾਨਾਂ ਉੱਤੇ ਲਗਾਤਾਰ ਪਾਣੀ ਦੀਆਂ ਬੁਛਾੜਾਂ (Water Cannons) ਮਾਰਨੀਆਂ ਸ਼ੁਰੂ ਕਰ ਦਿੱਤੀਆਂ। ਪਾਣੀ ਦੀ ਮਾਰ ਅਤੇ ਧੱਕਾਮੁੱਕੀ ਦੌਰਾਨ ਹਫੜਾ-ਦਫੜੀ ਮੱਚ ਗਈ, ਜਿਸ ਵਿੱਚ ਅਨੇਕਾਂ ਬਜ਼ੁਰਗ ਅਤੇ ਨੌਜਵਾਨ ਕਿਸਾਨਾਂ ਦੀਆਂ ਪੱਗਾਂ ਵੀ ਲੱਥ ਗਈਆਂ। ਇਸ ਦੇ ਬਾਵਜੂਦ ਜਦੋਂ ਸਥਿਤੀ ਬੇਕਾਬੂ ਹੋਣ ਲੱਗੀ, ਤਾਂ ਪੁਲੀਸ ਨੇ ਲਾਠੀਚਾਰਜ ਕਰਦਿਆਂ ਅੱਥਰੂ ਗੈਸ ਦੇ ਗੋਲੇ ਦਾਗੇ ਗਏ।ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਕੂਚ ਕਰਨ ਦੇ ਦਿੱਤੇ ਗਏ ਸੱਦੇ ਤਹਿਤ ਮੁਹਾਲੀ ਵਿਖੇ ਕਿਸਾਨਾਂ ਦਾ ਧਰਨਾ ਆਰੰਭ ਹੋ ਗਿਆ ਹੈ। ਕਿਸਾਨਾਂ ਦਾ ਇਹ ਧਰਨਾ ਵਾਈ ਪੀ ਐਸ ਚੌਕ ਦੇ ਨੇੜੇ ਇੱਕ ਪਾਰਕ ਵਿਖੇ ਸ਼ੁਰੂ ਹੋਇਆ ਹੈ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਜਿਨ੍ਹਾਂ ਵਿੱਚ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਰੁਲਦੂ ਸਿੰਘ ਮਾਨਸਾ, ਬੂਟਾ ਸਿੰਘ ਬੁਰਜ ਗਿੱਲ, ਹਰਿੰਦਰ ਸਿੰਘ ਲੱਖੋਵਾਲ ਪ੍ਰਮੁੱਖ ਹਨ ਇੱਥੇ ਪਹੁੰਚੇ ਹੋਏ ਹਨ। ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਕਿਸਾਨ, ਜਿਨ੍ਹਾਂ ਵਿੱਚ ਮਹਿਲਾਵਾਂ ਵੀ ਸ਼ਾਮਿਲ ਹਨ ਇਕੱਠ ਵਿੱਚ ਸ਼ਾਮਿਲ ਹੋਏ ਸਨ।

ਚੰਡੀਗੜ੍ਹ ਪੁਲਿਸ ਨੇ ਪੰਜਾਬ ਨਾਲ ਲੱਗਦੀਆਂ ਸਾਰੀਆਂ ਸਰਹੱਦਾਂ ‘ਤੇ ਬੈਰੀਕੇਡਿੰਗ ਕਰਕੇ ਉਨ੍ਹਾਂ ਨੂੰ ਸੀਲ ਕਰ ਦਿੱਤਾ ਹੈ। ਹਾਲਾਂਕਿ, ਬੈਰੀਕੇਡਾਂ ਨੂੰ ਟੱਪ ਕੇ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਤੋਂ ਬਾਅਦ ਵੀ ਜਦੋਂ ਕਿਸਾਨ ਨਾ ਰੁਕੇ ਤਾਂ ਉਨ੍ਹਾਂ ‘ਤੇ ਵਾਟਰ ਕੈਨਨ ਦੀ ਵਰਤੋਂ ਕੀਤੀ ਗਈ।ਚੰਡੀਗੜ੍ਹ ਪੁਲਿਸ ਦਾ ਕਹਿਣਾ ਹੈ ਕਿ ਹਾਲਾਤ ਨੂੰ ਦੇਖਦੇ ਹੋਏ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ। ਐਸਐਸਪੀ (SSP) ਸਮੇਤ ਉੱਚ ਅਧਿਕਾਰੀ ਖ਼ੁਦ ਮੌਕੇ ‘ਤੇ ਮੌਜੂਦ ਰਹਿ ਕੇ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ।












