ਫ਼ਤਹਿਗੜ੍ਹ ਸਾਹਿਬ,26, ਮਈ,ਬੋਲੇ ਪੰਜਾਬ ਬਿਉਰੋ;
ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ (ਰਜਿ.) ਪੰਜਾਬ’ ਦੇ ਸੂਬਾ ਲੀਡਰਸ਼ਿਪ ਵੱਲੋਂ ਅੱਜ ਇੱਥੇ ਇੱਕ ਸਾਂਝਾ ਪ੍ਰੈਸ ਬਿਆਨ ਜਾਰੀ ਕਰਦਿਆਂ ਮੁਲਾਜ਼ਮ ਮੰਗਾਂ ਲਈ ਲੜ ਰਹੇ ‘ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ’ ਦੇ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ ਹੈ।
ਯੂਨੀਅਨ ਦੇ ਸੂਬਾ ਪ੍ਰਧਾਨ ਮਲਾਗਰ ਸਿੰਘ ਖਮਾਣੋਂ, ਜਨਰਲ ਸਕੱਤਰ ਜਸਵਿੰਦਰ ਬਠਿੰਡਾ, ਸੀਨੀਅਰ ਮੀਤ ਪ੍ਰਧਾਨ ਓੰਕਾਰ ਯਾਦਵ ਅਤੇ ਅਸ਼ੋਕ ਸ਼ਰਮਾ ਨੇ ਸਾਂਝੇ ਤੌਰ ‘ਤੇ ਆਖਿਆ ਕਿ ਮੋਰਚੇ ਵੱਲੋਂ ਵਿੱਢਿਆ ਗਿਆ ਇਹ ਸੰਘਰਸ਼ ਸਮੁੱਚੀ ਮੁਲਾਜ਼ਮ ਜਮਾਤ ਦੇ ਹੱਕਾਂ ਦੀ ਰਾਖੀ ਲਈ ਬੇਹੱਦ ਅਹਿਮ ਹੈ।
ਮੁਲਾਜ਼ਮ ਆਗੂਆਂ ਨੇ ਬਿਆਨ ਵਿੱਚ ਕਿਹਾ:
“ਮੁਲਾਜ਼ਮਾਂ ਦੇ ਪੁਰਾਣੇ ਪੇ-ਸਕੇਲ, ਪੁਰਾਣੀ ਪੈਨਸ਼ਨ ਸਕੀਮ (OPS) ਦੀ ਬਹਾਲੀ ਅਤੇ ਕੱਟੇ ਗਏ ਭੱਤਿਆਂ ਨੂੰ ਮੁੜ ਲਾਗੂ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਸਰਕਾਰ ਵੱਲੋਂ ਮੁਲਾਜ਼ਮਾਂ ਦੇ ਹੱਕਾਂ ‘ਤੇ ਮਾਰੇ ਜਾ ਰਹੇ ਡਾਕੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਾਡੀ ਜਥੇਬੰਦੀ ਇਸ ਹੱਕੀ ਸੰਘਰਸ਼ ਵਿੱਚ ਮੋਰਚੇ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।”
ਇਨ੍ਹਾਂ ਆਗੂਆਂ ਨੇ ਨਵੀਂ ਪੈਨਸ਼ਨ ਸਕੀਮ ਨੂੰ ਰੱਦ ਕਰਕੇ ਮੁਲਾਜ਼ਮਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪੁਰਾਣੀ ਪੈਨਸ਼ਨ ਤੁਰੰਤ ਬਹਾਲ ਕੀਤੀ ਜਾਵੇ।
ਪੁਰਾਣੇ ਪੇ-ਸਕੇਲ: ਨਵੇਂ ਭਰਤੀ ਹੋਣ ਵਾਲੇ ਅਤੇ ਮੌਜੂਦਾ ਮੁਲਾਜ਼ਮਾਂ ਨਾਲ ਹੋ ਰਹੀ ਨਾਇਨਸਾਫ਼ੀ ਨੂੰ ਖ਼ਤਮ ਕਰਕੇ ਪੁਰਾਣੇ ਸਕੇਲ ਮੁੜ ਲਾਗੂ ਕੀਤੇ ਜਾਣ।ਬੰਦ ਕੀਤੇ ਗਏ ਸਮੂਹ ਭੱਤੇ ਤੁਰੰਤ ਪ੍ਰਭਾਵ ਤੋਂ ਬਹਾਲ ਕੀਤੇ ਜਾਣ।
ਸੂਬਾ ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਇਨ੍ਹਾਂ ਹੱਕੀ ਤੇ ਜਾਇਜ਼ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਤਿੱਖੇ ਸੰਘਰਸ਼ਾਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਪਵੇਗਾ। ‘ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ’ ਦਾ ਹਰ ਇੱਕ ਵਰਕਰ ਅਤੇ ਅਹੁਦੇਦਾਰ ਇਸ ਮੋਰਚੇ ਦੀਆਂ ਗਤੀਵਿਧੀਆਂ ਵਿੱਚ ਵਧ-ਚੜ੍ਹ ਕੇ ਹਿੱਸਾ ਲਵੇਗਾ।












