ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਜੂਨ ਤੋਂ ਸ਼ੁਰੂ ਹੋਣ ਵਾਲੇ ਪੰਜਵੇਂ ਗੁਰਮਤਿ ਕੈਂਪ ਦੀਆਂ ਤਿਆਰੀਆਂ ਮੁਕੰਮਲ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 26 ਮਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):-

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਰਮੀ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਲਈ ਪੰਜਵੇਂ ਗੁਰਮਤਿ ਕੈਂਪ ਲਗਾਉਣ ਦੀਆਂ ਤਿਆਰੀਆਂ ਵਿਆਪਕ ਪੱਧਰ ’ਤੇ ਮੁਕੰਮਲ ਕਰ ਲਈਆਂ ਗਈਆਂ ਹਨ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ 25 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦੇ ਕੈਂਪਾਂ ਵਿਚ ਸ਼ਮੂਲੀਅਤ ਕਰਨ ਦੀ ਸੰਭਾਵਨਾ ਹੈ। ਉਹਨਾਂ ਦੱਸਿਆ ਕਿ ਇਹ ਗੁਰਮਤਿ ਕੈਂਪ 1 ਜੂਨ ਤੋਂ ਸ਼ੁਰੂ ਹੋਣਗੇ, ਜਦਕਿ ਸਮਾਪਤੀ ਸਮਾਗਮ 20 ਅਤੇ 21 ਜੂਨ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਸਥਿਤ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਆਯੋਜਿਤ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਕਮੇਟੀ ਨੇ ਇਹ ਮੁਹਿੰਮ ਸਾਲ 2022 ਵਿਚ ਸ਼ੁਰੂ ਕੀਤੀ ਸੀ। ਪਹਿਲੇ ਸਾਲ 4 ਹਜ਼ਾਰ ਬੱਚਿਆਂ ਨੇ ਸ਼ਮੂਲੀਅਤ ਕੀਤੀ ਸੀ। ਇਸ ਤੋਂ ਬਾਅਦ 2023 ਵਿਚ 9 ਹਜ਼ਾਰ, 2024 ਵਿਚ 12 ਹਜ਼ਾਰ ਅਤੇ 2025 ਵਿਚ ਕਰੀਬ 20 ਹਜ਼ਾਰ ਵਿਦਿਆਰਥੀਆਂ ਨੇ ਕੈਂਪਾਂ ਵਿਚ ਹਿੱਸਾ ਲਿਆ। ਇਸ ਵਾਰ ਇਹ ਗਿਣਤੀ 25 ਹਜ਼ਾਰ ਤੱਕ ਪਹੁੰਚਣ ਦੀ ਉਮੀਦ ਹੈ। ਉਹਨਾਂ ਕਿਹਾ ਕਿ ਗੁਰਮਤਿ ਕੈਂਪਾਂ ਦਾ ਮੁੱਖ ਉਦੇਸ਼ ਬੱਚਿਆਂ ਨੂੰ ਗੁਰਸਿੱਖੀ ਜੀਵਨ ਜਾਚ, ਗੁਰਮੁਖੀ ਭਾਸ਼ਾ, ਗੁਰਬਾਣੀ, ਸਿੱਖ ਇਤਿਹਾਸ ਅਤੇ ਅਮੀਰ ਵਿਰਸੇ ਨਾਲ ਜੋੜਨਾ ਹੈ। ਉਹਨਾਂ ਦੱਸਿਆ ਕਿ ਗੁਰੂ ਸਾਹਿਬਾਨ ਦੇ ਸਮੇਂ ਦੇਵਨਾਗਰੀ, ਅਰਬੀ ਅਤੇ ਫਾਰਸੀ ਭਾਸ਼ਾਵਾਂ ਪ੍ਰਚਲਿਤ ਸਨ, ਪਰ ਗੁਰੂ ਸਾਹਿਬਾਨ ਨੇ 35 ਅੱਖਰੀ ਗੁਰਮੁਖੀ ਲਿਪੀ ਨੂੰ ਪ੍ਰਚਲਿਤ ਕਰਕੇ ਗੁਰਬਾਣੀ ਦੀ ਰਚਨਾ ਕੀਤੀ। ਕਮੇਟੀ ਅਨੁਸਾਰ ਇਸ ਵਾਰ ਕਰੀਬ 1 ਹਜ਼ਾਰ ਵਾਲੰਟੀਅਰਜ਼ ਨੇ ਸੇਵਾਵਾਂ ਲਈ ਰਜਿਸਟਰੇਸ਼ਨ ਕਰਵਾਈ ਹੈ। ਕੌਮੀ ਰਾਜਧਾਨੀ ਤੋਂ ਇਲਾਵਾ ਰਾਜਸਥਾਨ, ਉੱਤਰ ਪ੍ਰਦੇਸ਼, ਉੱਤਰਾਖੰਡ, ਬਿਹਾਰ ਅਤੇ ਅਰੁਣਾਚਲ ਪ੍ਰਦੇਸ਼ ਤੋਂ ਵੀ ਕੈਂਪ ਲਗਾਉਣ ਦੀ ਮੰਗ ਆਈ ਹੈ। ਇਸ ਦੇ ਚਲਦੇ ਕੁੱਲ 125 ਕੈਂਪ ਆਯੋਜਿਤ ਕੀਤੇ ਜਾਣ ਦੀ ਸੰਭਾਵਨਾ ਹੈ। ਪੰਜਾਬ ਵਿਚ ਵੀ ਅਜਿਹੇ ਕੈਂਪਾਂ ਲਈ ਮੰਗ ਵਧ ਰਹੀ ਹੈ। ਉਹਨਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੈਂਪਾਂ ਦਾ ਸਿਲੇਬਸ ਬਦਲਿਆ ਗਿਆ ਹੈ ਅਤੇ ਇਸ ਵਾਰ ਸਿੱਖ ਜੰਗਾਂ ਦਾ ਇਤਿਹਾਸ ਵੀ ਸਿਲੇਬਸ ਵਿਚ ਸ਼ਾਮਲ ਕੀਤਾ ਗਿਆ ਹੈ। ਸਹਿਜਧਾਰੀ ਪਰਿਵਾਰਾਂ ਵੱਲੋਂ ਵੀ ਬੱਚਿਆਂ ਨੂੰ ਕੈਂਪਾਂ ਵਿਚ ਭੇਜਣ ਸਬੰਧੀ ਰੁਚੀ ਦਿਖਾਈ ਗਈ ਹੈ, ਜਿਸ ਦਾ ਕਮੇਟੀ ਨੇ ਸਵਾਗਤ ਕੀਤਾ ਹੈ। ਕਮੇਟੀ ਨੇ ਦੱਸਿਆ ਕਿ ਕੈਂਪਾਂ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਅਤੇ ਟ੍ਰਾਫੀਆਂ ਨਾਲ ਸਨਮਾਨਿਤ ਕੀਤਾ ਜਾਂਦਾ ਹੈ। ਇੱਕ ਵਿਦਿਆਰਥੀ ਨੂੰ 14 ਬਾਣੀਆਂ ਕੰਠ ਕਰਨ ’ਤੇ 51 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਗਿਆ ਸੀ ਅਤੇ ਹੁਣ ਉਸ ਨੂੰ 21 ਬਾਣੀਆਂ ਕੰਠ ਹੋ ਚੁੱਕੀਆਂ ਹਨ। ਆਗੂਆਂ ਨੇ ਕਿਹਾ ਕਿ ਕਮੇਟੀ ਦਾ ਮੁੱਖ ਉਦੇਸ਼ ਧਰਮ ਦਾ ਪ੍ਰਚਾਰ ਅਤੇ ਪ੍ਰਸਾਰ ਕਰਨਾ ਹੈ ਅਤੇ ਬੱਚਿਆਂ ਨੂੰ ਗੁਰਬਾਣੀ, ਗੁਰਮੁਖੀ ਭਾਸ਼ਾ ਅਤੇ ਸਿੱਖ ਇਤਿਹਾਸ ਨਾਲ ਜੋੜਨਾ ਹੈ। ਉਹਨਾਂ ਦੱਸਿਆ ਕਿ ਹਰ ਸਾਲ ਮਾਪਿਆਂ ਅਤੇ ਵਿਦਿਆਰਥੀਆਂ ਵਿਚ ਕੈਂਪਾਂ ਲਈ ਉਤਸ਼ਾਹ ਵੱਧ ਰਿਹਾ ਹੈ ਅਤੇ ਹੁਣ ਲੋਕ ਇਨ੍ਹਾਂ ਕੈਂਪਾਂ ਦੀਆਂ ਤਾਰੀਖਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ। ਅੰਤ ਵਿਚ ਕਮੇਟੀ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਗੁਰਮਤਿ ਕੈਂਪਾਂ ਨਾਲ ਜੋੜਣ ਤਾਂ ਜੋ ਨਵੀਂ ਪੀੜ੍ਹੀ ਨੂੰ ਆਪਣੇ ਧਰਮ, ਭਾਸ਼ਾ ਅਤੇ ਵਿਰਸੇ ਨਾਲ ਮਜ਼ਬੂਤੀ ਨਾਲ ਜੋੜਿਆ ਜਾ ਸਕੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।