ਪੰਜਾਬੀ ਅਤੇ ਉਰਦੂ ਅਧਿਆਪਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਲੜਾਈ ਨੂੰ ਮਿਲੀ ਵੱਡੀ ਕਾਮਯਾਬੀ, ਨਿਯੁਕਤੀ ਪੱਤਰ ਹੋਏ ਜਾਰੀ: ਬੀਬੀ ਰਣਜੀਤ ਕੌਰ

ਨੈਸ਼ਨਲ ਪੰਜਾਬ

ਨਵੀਂ ਦਿੱਲੀ 1 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-

ਪੰਜਾਬੀ ਅਤੇ ਉਰਦੂ ਅਧਿਆਪਕਾਂ ਦੀਆਂ ਭਰਤੀਆਂ ਨੂੰ ਲੈ ਕੇ ਕਈ ਸਾਲਾਂ ਤੋਂ ਚੱਲ ਰਹੀ ਲੜਾਈ ਨੂੰ ਆਖ਼ਿਰਕਾਰ ਵੱਡੀ ਜਿੱਤ ਮਿਲੀ ਹੈ। ਇਸ ਸੰਘਰਸ਼ ਦੇ ਨਤੀਜੇ ਵਜੋਂ ਟ੍ਰੇਨਡ ਗ੍ਰੈਜੂਏਟ ਟੀਚਰ ਅਤੇ ਪੋਸਟ ਗ੍ਰੈਜੂਏਟ ਟੀਚਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਗਏ ਹਨ ਅਤੇ ਉਹ ਆਪਣੀਆਂ ਸੇਵਾਵਾਂ ਵੀ ਸੰਭਾਲ ਚੁੱਕੇ ਹਨ। ਇਹ ਉਪਲਬਧੀ ਸਿਰਫ਼ ਅਧਿਆਪਕਾਂ ਲਈ ਹੀ ਨਹੀਂ, ਸਗੋਂ ਪੰਜਾਬੀ ਅਤੇ ਉਰਦੂ ਭਾਸ਼ਾਵਾਂ ਦੇ ਪ੍ਰਚਾਰ-ਪ੍ਰਸਾਰ ਅਤੇ ਨਵੀਂ ਪੀੜ੍ਹੀ ਨੂੰ ਆਪਣੀ ਮਾਤ ਭਾਸ਼ਾ ਨਾਲ ਜੋੜਨ ਵੱਲ ਵੀ ਇੱਕ ਅਹਿਮ ਕਦਮ ਸਾਬਤ ਹੋਵੇਗੀ। ਇੰਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਜੀਟੀਬੀਆਈਟੀ ਕਾਲਜ ਦੇ ਚੇਅਰਮੈਨ ਬੀਬੀ ਰਣਜੀਤ ਕੌਰ ਨੇ ਕਿਹਾ ਕਿ ਇਹ ਜਿੱਤ ਉਨ੍ਹਾਂ ਸਾਰੇ ਅਧਿਆਪਕਾਂ, ਸਮਾਜਿਕ ਸੰਸਥਾਵਾਂ ਅਤੇ ਆਗੂਆਂ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ, ਜਿਨ੍ਹਾਂ ਨੇ ਲੰਬੇ ਸਮੇਂ ਤੱਕ ਧੀਰਜ ਅਤੇ ਦ੍ਰਿੜਤਾ ਨਾਲ ਇਹ ਲੜਾਈ ਲੜੀ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਉਨ੍ਹਾਂ ਨੇ ਖੁਦ ਵੀ ਲੰਮਾ ਸੰਘਰਸ਼ ਕੀਤਾ ਅਤੇ ਕਈ ਸਰਕਾਰੀ ਮਹਿਕਮਿਆਂ ਦੇ ਦਫ਼ਤਰਾਂ ਵਿੱਚ ਲਗਾਤਾਰ ਆਉਣਾ-ਜਾਣਾ ਕਰਕੇ ਇਸ ਮਾਮਲੇ ਨੂੰ ਅੰਜਾਮ ਤੱਕ ਪਹੁੰਚਾਉਣ ਲਈ ਅਹਿਮ ਯਤਨ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬੀ ਅਤੇ ਉਰਦੂ ਭਾਸ਼ਾਵਾਂ ਦੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਅਜਿਹੇ ਕਦਮ ਬਹੁਤ ਜ਼ਰੂਰੀ ਹਨ ਅਤੇ ਭਵਿੱਖ ਵਿੱਚ ਵੀ ਭਾਸ਼ਾਈ ਹੱਕਾਂ ਦੀ ਰੱਖਿਆ ਲਈ ਯਤਨ ਜਾਰੀ ਰਹਿਣਗੇ। ਬੀਬੀ ਰਣਜੀਤ ਕੌਰ ਨੇ ਕਿਹਾ ਕਿ ਅਧਿਆਪਕ ਕਿਸੇ ਵੀ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ ਹਜ਼ਾਰਾਂ ਵਿਦਿਆਰਥੀਆਂ ਨੂੰ ਆਪਣੀ ਮਾਤ ਭਾਸ਼ਾ ਵਿੱਚ ਸਿੱਖਿਆ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਆਸ ਜਤਾਈ ਕਿ ਨਵੇਂ ਨਿਯੁਕਤ ਅਧਿਆਪਕ ਪੂਰੀ ਲਗਨ, ਇਮਾਨਦਾਰੀ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵਿੱਚ ਅਹਿਮ ਯੋਗਦਾਨ ਪਾਉਣਗੇ। ਉਨ੍ਹਾਂ ਇਸ ਲੜਾਈ ਨੂੰ ਅੰਜਾਮ ਤੱਕ ਪਹੁੰਚਾਉਣ ਲਈ ਅਹਿਮ ਭੂਮਿਕਾ ਨਿਭਾਉਣ ਵਾਲੇ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਸ. ਮਨਜਿੰਦਰ ਸਿੰਘ ਸਿਰਸਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਦਾ ਦਿਲੋਂ ਧੰਨਵਾਦ ਕੀਤਾ। ਨਿਯੁਕਤ ਹੋਏ ਅਧਿਆਪਕ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ, ਜਿੱਥੇ ਬੀਬੀ ਰਣਜੀਤ ਕੌਰ ਨੇ ਉਨ੍ਹਾਂ ਨੂੰ ਇਸ ਸਫਲਤਾ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।