ਨਵੀਂ ਦਿੱਲੀ 1 ਜੂਨ (ਮਨਪ੍ਰੀਤ ਸਿੰਘ ਖਾਲਸਾ):-
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਬੀ ਬਲਾਕ ਕਾਲਕਾ ਜੀ) ਨਵੀਂ ਦਿੱਲੀ ਵਿਖੇ ਪੰਜਵੇਂ ਗੁਰਮਤਿ ਕੈਂਪ ਦੀ ਸ਼ੁਰੂਆਤ ਮੌਕੇ ਆਪਣੇ ਸੰਦੇਸ਼ ਰਾਹੀਂ ਗੁਰਮਤਿ ਕੈਂਪਾਂ ਵਿੱਚ ਭਾਗ ਲੈ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ। ਆਪਣੇ ਸੰਦੇਸ਼ ਵਿੱਚ ਸਰਦਾਰ ਕਾਲਕਾ ਅਤੇ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਨੌਜਵਾਨ ਸਾਡੀ ਕੌਮ ਅਤੇ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਨੂੰ ਸਿੱਖੀ ਦੀਆਂ ਮਹਾਨ ਪਰੰਪਰਾਵਾਂ, ਗੁਰਬਾਣੀ ਦੇ ਉਪਦੇਸ਼ਾਂ ਅਤੇ ਆਪਣੀਆਂ ਧਾਰਮਿਕ ਜੜ੍ਹਾਂ ਨਾਲ ਜੋੜਨਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਗੁਰਮਤਿ ਕੈਂਪ ਕੇਵਲ ਧਾਰਮਿਕ ਸਿੱਖਿਆ ਦੇ ਕੇਂਦਰ ਹੀ ਨਹੀਂ, ਸਗੋਂ ਇਹ ਨੌਜਵਾਨ ਪੀੜ੍ਹੀ ਵਿੱਚ ਆਪਸੀ ਪਿਆਰ, ਭਾਈਚਾਰਕ ਸਾਂਝ, ਅਨੁਸ਼ਾਸਨ, ਸੇਵਾ ਭਾਵਨਾ ਅਤੇ ਸਮਾਜਿਕ ਜ਼ਿੰਮੇਵਾਰੀ ਵਰਗੀਆਂ ਉੱਚੀਆਂ ਕਦਰਾਂ-ਕੀਮਤਾਂ ਨੂੰ ਵੀ ਪ੍ਰਫੁੱਲਤ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਆਧੁਨਿਕ ਅਤੇ ਤੇਜ਼ੀ ਨਾਲ ਬਦਲ ਰਹੇ ਸਮੇਂ ਵਿੱਚ ਬੱਚਿਆਂ ਨੂੰ ਗੁਰਮੁਖੀ, ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜਾਣੂ ਕਰਵਾਉਣਾ ਸਮੇਂ ਦੀ ਵੱਡੀ ਲੋੜ ਹੈ। ਗੁਰਮਤਿ ਕੈਂਪ ਇਸ ਪਵਿੱਤਰ ਉਦੇਸ਼ ਨੂੰ ਪੂਰਾ ਕਰਨ ਲਈ ਇੱਕ ਅਹਿਮ ਮਾਧਿਅਮ ਸਾਬਤ ਹੋ ਰਹੇ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵੱਖ-ਵੱਖ ਸਹਿਯੋਗੀ ਸੰਸਥਾਵਾਂ ਦੇ ਸਹਿਯੋਗ ਨਾਲ ਬੱਚਿਆਂ ਨੂੰ ਗੁਰਮੁਖੀ ਅਤੇ ਗੁਰਮਤਿ ਦੀ ਸਿੱਖਿਆ ਪ੍ਰਦਾਨ ਕਰਨ ਲਈ ਗੁਰਮਤਿ ਕੈਂਪ ਲਗਾਏ ਜਾ ਰਹੇ ਹਨ। ਇਹ ਕੈਂਪ ਦਿੱਲੀ ਤੋਂ ਇਲਾਵਾ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਵੱਖ-ਵੱਖ ਸ਼ਹਿਰਾਂ ਅਤੇ ਇਲਾਕਿਆਂ ਵਿੱਚ ਆਯੋਜਿਤ ਕੀਤੇ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦਾ ਸਮਾਪਤੀ ਸਮਾਗਮ ਅਤੇ ਫਾਈਨਲ ਕੈਂਪ 20 ਅਤੇ 21 ਜੂਨ 2026 ਨੂੰ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬ ਗੰਜ ਸਾਹਿਬ, ਨਵੀਂ ਦਿੱਲੀ ਵਿਖੇ ਕਰਵਾਇਆ ਜਾਵੇਗਾ, ਜਿਸ ਵਿੱਚ ਵੱਖ-ਵੱਖ ਰਾਜਾਂ ਤੋਂ ਕੈਂਪਾਂ ਵਿੱਚ ਭਾਗ ਲੈਣ ਵਾਲੇ ਬੱਚੇ ਅਤੇ ਪ੍ਰਚਾਰਕ ਸ਼ਮੂਲੀਅਤ ਕਰਨਗੇ।












