ਮੋਹਾਲੀ, 2 ਜੂਨ, ਬੋਲੇ ਪੰਜਾਬ ਬਿਊਰੋ :
ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਫੈਸਲੇ ਅਨੁਸਾਰ ਮੋਹਾਲੀ ਜਿਲੇ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਇਕੱਠੇ ਹੋ ਕੇ ਡੀਸੀ ਦਫਤਰ ਅੱਗੇ ਧਰਨਾ ਦਿੱਤਾ ਅਤੇ ਡੀਸੀ ਮੋਹਾਲੀ ਨੂੰ ਆਪਣੀਆਂ ਮੰਗਾਂ ਸੰਬੰਧੀ ਪੱਤਰ ਦਿੱਤਾ।
ਧਰਨੇ ਵਿੱਚ ਬੋਲਦੇ ਹੋਇਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ ਨੇ ਮੰਗ ਕੀਤੀ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਨੁਮਾਇੰਦਗੀ ਦਾ ਹੱਕ ਖੋਹਣ ਵਾਲਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ, ਯੂਰੀਆ ਅਤੇ ਡੀਏਪੀ ਖਾਦ ਲੋੜ ਅਨੁਸਾਰ ਮੁਹੱਈਆ ਕਰਵਾਈ ਜਾਵੇ, ਡੀਜਲ ਦੀਆਂ ਵਧਾਈਆਂ ਗਈਆਂ ਕੀਮਤਾਂ ਵਾਪਸ ਲਈਆਂ ਜਾਣ।
ਕਿਸਾਨ ਆਗੂਆਂ ਨੇ ਕਿਹਾ ਕਿ ਰਜਿਸਟਰਾਰ, ਸਹਿਕਾਰੀ ਸਭਾਵਾਂ ਵੱਲੋਂ ਨਵਾਂ ਹੱਦ ਕਰਜ਼ਾ 15 ਮਈ ਤੱਕ ਲਾਗੂ ਕਰਨ ਦਾ ਵਾਅਦਾ ਕੀਤਾ ਗਿਆ ਸੀ ਜੋ ਕਿ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ। ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਨਵੇਂ ਹੱਦ ਕਰਜ਼ੇ ਦਾ ਨੋਟੀਫਿਕੇਸ਼ਨ ਤੁਰੰਤ ਲਾਗੂ ਕੀਤਾ ਜਾਵੇ।
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਭਦੌੜ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਿਲਾ ਪ੍ਰਧਾਨ ਜਗਜੀਤ ਸਿੰਘ ਜੱਗੀ ਕਰਾਲਾ ਨੇ ਕੇਂਦਰ ਸਰਕਾਰ ਵੱਲੋਂ ਫਸਲਾਂ ਦੀ ਐਮਐਸਸੀ ਵਿੱਚ ਕੀਤੇ ਗਏ ਨਿਗੂਣੇ ਵਾਧੇ ਨੂੰ ਰੱਦ ਕਰਦਿਆਂ ਮੰਗ ਕੀਤੀ ਕਿ ਸਾਰੀਆਂ ਫਸਲਾਂ ਦੀ ਐਮਐਸਪੀ ਤੇ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ ਅਤੇ ਐਮਐਸਪੀ ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ ਸੀ-2+20% ਅਨੁਸਾਰ ਮਿਥੀ ਜਾਵੇ।
ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਅਤੇ ਬੀਕੇਯੂ ਲੱਖੇਵਾਲ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹ ਕਲਾਂ ਨੇ ਕਿਹਾ ਕਿ ਫਸਲਾਂ ਦੀ ਖਰੀਦ ਦੀ ਗਰੰਟੀ ਦਾ ਕਾਨੂੰਨ ਨਾ ਹੋਣ ਕਾਰਨ ਕਿਸਾਨ ਬੁਰੀ ਤਰ੍ਹਾਂ ਕਰਜ਼ੇ ਦੇ ਬੋਝ ਥੱਲੇ ਦੱਬੇ ਹੋਏ ਹਨ। ਇਸ ਲਈ ਸਮੁੱਚੇ ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਕੀਤੀ ਜਾਵੇ ਅਤੇ 58 ਸਾਲ ਦੀ ਉਮਰ ਹੋਣ ਤੇ ਕਿਸਾਨਾਂ ਮਜ਼ਦੂਰਾਂ ਨੂੰ ਘੱਟੋ ਘੱਟ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ।
ਜਮਹੂਰੀ ਕਿਸਾਨ ਸਭਾ ਦੇ ਰਾਮ ਕ੍ਰਿਸ਼ਨ ਧੁਨਕੀਆ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਹਰਜੀਤ ਸਿੰਘ ਮਲਕਪੁਰ ਨੇ ਬੀਜ ਬਿੱਲ ਅਤੇ ਬਿਜਲੀ ਸੋਧ ਬਿੱਲ ਦਾ ਵਿਰੋਧ ਕਰਦਿਆਂ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚੋਂ ਖੇਤੀ ਖੇਤਰ ਨੂੰ ਬਾਹਰ ਰੱਖਣ ਦੀ ਮੰਗ ਜ਼ੋਰਦਾਰ ਢੰਗ ਨਾਲ ਉਠਾਈ। ਅਮਰੀਕਾ ਸਰਕਾਰ ਦਾ ਵਫਦ ਤਿੰਨ ਦਿਨਾਂ ਦੌਰੇ ਤੇ ਭਾਰਤ ਵਿੱਚ ਆਇਆ ਹੋਇਆ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਭਾਰਤ ਸਰਕਾਰ ਨੂੰ ਸੁਣਵਾਈ ਕੀਤੀ ਕਿ ਜੇਕਰ ਦੇਸ ਦੇ ਕਿਸਾਨਾਂ ਮਜ਼ਦੂਰਾਂ ਦੇ ਹਿਤਾਂ ਖਿਲਾਫ ਕੋਈ ਵੀ ਸਮਝੌਤਾ ਕੀਤਾ ਗਿਆ ਤਾਂ ਉਸ ਦਾ ਜਬਰਦਸਤ ਵਿਰੋਧ ਕੀਤਾ ਜਾਵੇਗਾ।
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਹੜਤਾਲ ਦਾ ਡਟਵਾਂ ਸਮਰਥਨ ਕੀਤਾ ਅਤੇ ਕਿਹਾ ਕਿ ਕੱਢੇ ਹੋਏ ਲਗਭਗ 400 ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ, ਉਹਨਾਂ ਨੂੰ ਪੱਕੇ ਕੀਤਾ ਜਾਵੇ ਅਤੇ ਹੋਰ ਮੰਗਾਂ ਮੰਨੀਆਂ ਜਾਣ।
ਧਰਨੇ ਵਿੱਚ ਹੋਰਨਾਂ ਤੋਂ ਇਲਾਵਾ ਦਰਸ਼ਨ ਸਿੰਘ ਦੁਰਾਲੀ, ਜਸਵਿੰਦਰ ਸਿੰਘ ਕੰਡਾਲਾ ਤੇਜਿੰਦਰ ਸਿੰਘ ਪੁਨਿਆ ਨੈਬ ਸਿੰਘ ਡੇਰਾਬਸੀ। ਅਮਰਜੀਤ ਸਿੰਘ ਪਡਿਆਲਾ ਗੁਰਮੀਤ ਸਿੰਘ ਬਨੂੜ ਰਣਵੀਰ ਸਿੰਘ ਗਰੇਵਾਲ, ਰੁਪਿੰਦਰ ਸਿੰਘ ਝਿਉਰਹੇੜੀ ਹਾਜ਼ਰ ਸਨ।











