ਨਵੀਂ ਦਿੱਲੀ, 18 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):-
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਸਥਿਤ ਇਕ ਗੁਰੂ ਘਰ ਦੇ ਸੇਵਕ ਪਤੀ-ਪਤਨੀ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਅਤੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ ਮੁਹੱਈਆ ਕਰਵਾਇਆ ਜਾਵੇ। ਜਾਰੀ ਕੀਤੇ ਇੱਕ ਬਿਆਨ ਵਿੱਚ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ਅਤੇ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮ੍ਰਿਤਕ ਪਤੀ-ਪਤਨੀ ਸਿਰਫ਼ ਗੁਰੂ ਘਰ ਦੀ ਸੇਵਾ ਵਿੱਚ ਸਮਰਪਿਤ ਰਹਿੰਦੇ ਸਨ ਅਤੇ ਕਿਸੇ ਨਾਲ ਵੀ ਉਨ੍ਹਾਂ ਦੀ ਕੋਈ ਦੁਸ਼ਮਣੀ ਜਾਂ ਵਿਵਾਦ ਨਹੀਂ ਸੀ। ਅਜਿਹੇ ਨਿਰਦੋਸ਼ ਅਤੇ ਨਿਹੱਥੇ ਸੇਵਕਾਂ ਦਾ ਬੇਰਹਿਮੀ ਨਾਲ ਕਤਲ ਕਰਨਾ ਬਹੁਤ ਹੀ ਚਿੰਤਾਜਨਕ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿਸੇ ਵੀ ਵਿਅਕਤੀ ਦਾ ਕਤਲ ਦੁਖਦਾਈ ਹੁੰਦਾ ਹੈ, ਪਰ ਗੁਰੂ ਘਰ ਦੇ ਸੇਵਾਦਾਰਾਂ ਨੂੰ ਨਿਸ਼ਾਨਾ ਬਣਾਉਣਾ ਮਨੁੱਖਤਾ ਦੇ ਖ਼ਿਲਾਫ਼ ਇੱਕ ਗੰਭੀਰ ਅਪਰਾਧ ਹੈ। ਕਾਲਕਾ ਅਤੇ ਕਾਹਲੋਂ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਦੇ ਹੋਏ ਦੋਸ਼ੀਆਂ ਖ਼ਿਲਾਫ਼ ਤੁਰੰਤ ਸਖ਼ਤ ਮੁਕੱਦਮਾ ਦਰਜ ਕੀਤਾ ਜਾਵੇ, ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਕਰੜੀ ਤੋਂ ਕਰੜੀ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਅਪਰਾਧੀ ਮਨੁੱਖਤਾ ਦੇ ਦੋਸ਼ੀ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਸਮਾਜ ਵਿੱਚ ਅਮਨ ਅਤੇ ਭਾਈਚਾਰੇ ਨੂੰ ਕਾਇਮ ਰੱਖਣ ਲਈ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਬਹੁਤ ਜ਼ਰੂਰੀ ਹੈ।












