Punjab Governor ਵੱਲੋਂ ਸੀਨੀਅਰ ਪੱਤਰਕਾਰਾਂ ਲਈ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦਾ ਭਰੋਸਾ

ਚੰਡੀਗੜ੍ਹ ਪੰਜਾਬ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਨਾਲ ਕੀਤਾ ਵਿਚਾਰ-ਵਟਾਂਦਰਾ

ਚੰਡੀਗੜ੍ਹ, 20 ਜੂਨ,ਬੋਲੇ ਪੰਜਾਬ ਬਿਊਰੋ:

ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਐਲਾਨ ਕੀਤਾ ਕਿ ਸੀਨੀਅਰ ਪੱਤਰਕਾਰਾਂ ਨੂੰ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਚਿਤ ਯਤਨ ਕੀਤੇ ਜਾਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਮੰਤਵ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਰਾਜਪਾਲ ਨੇ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਮੀਡੀਆ ਦੀ ਭੂਮਿਕਾ ਦੀ ਵੀ ਭਰਪੂਰ ਪ੍ਰਸ਼ੰਸਾ ਕੀਤੀ। ਉਹ ਲੋਕ ਭਵਨ ਵਿਖੇ ਸੀਨੀਅਰ ਜਰਨਲਿਸਟਸ ਫੋਰਮ, ਚੰਡੀਗੜ੍ਹ ਵੱਲੋਂ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।

ਫੋਰਮ ਦੇ ਮੈਂਬਰਾਂ ਦਾ ਸਵਾਗਤ ਕਰਦਿਆਂ ਰਾਜਪਾਲ ਨੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਜਨਮਤ ਦੇ ਨਿਰਮਾਣ ਵਿੱਚ ਪੱਤਰਕਾਰਤਾ ਦੀ ਅਹਿਮ ਭੂਮਿਕਾ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੱਚਾਈ, ਇਮਾਨਦਾਰੀ ਅਤੇ ਨਿਰਪੱਖ ਵਿਸ਼ਲੇਸ਼ਣ ਨਾਲ ਕਲਮ ਦੀ ਤਾਕਤ ਨੇ ਪੱਤਰਕਾਰਾਂ ਨੂੰ ਸਮਾਜ ਵਿੱਚ ਵਿਸ਼ੇਸ਼ ਮਾਣ-ਸਨਮਾਨ ਅਤੇ ਪਛਾਣ ਬਖ਼ਸ਼ੀ ਹੈ।

ਸ੍ਰੀ ਕਟਾਰੀਆ ਨੇ ਕਿਹਾ ਕਿ ਸੰਸਦ ਅਤੇ ਰਾਜ ਵਿਧਾਨ ਸਭਾਵਾਂ ਵਿੱਚ ਵਿਚਾਰੇ ਗਏ ਕਈ ਮਹੱਤਵਪੂਰਨ ਮਸਲੇ ਇਤਿਹਾਸਕ ਤੌਰ ’ਤੇ ਪੱਤਰਕਾਰਾਂ ਦੀਆਂ ਰਿਪੋਰਟਾਂ ਅਤੇ ਖੋਜੀ ਪੜਤਾਲਾਂ ਰਾਹੀਂ ਹੀ ਸਾਹਮਣੇ ਆਏ ਹਨ। ਉਨ੍ਹਾਂ ਮੀਡੀਆ ਨੂੰ ਲੋਕਤੰਤਰ ਦਾ ਇੱਕ ਅਹਿਮ ਸਤੰਭ ਕਰਾਰ ਦਿੰਦਿਆਂ ਜਨਤਾ ਦੀਆਂ ਸਮੱਸਿਆਵਾਂ ਨੂੰ ਸਰਕਾਰਾਂ ਅਤੇ ਨੀਤੀ-ਨਿਰਮਾਤਾਵਾਂ ਤੱਕ ਪਹੁੰਚਾਉਣ ਵਿੱਚ ਪੱਤਰਕਾਰਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ।

ਰਾਜਪਾਲ ਨੇ ਕਿਹਾ ਕਿ ਪ੍ਰਣਾਲੀ ਦੀਆਂ ਕਮੀਆਂ ਨੂੰ ਉਜਾਗਰ ਕਰਨਾ ਪੱਤਰਕਾਰਾਂ ਦੀ ਜ਼ਿੰਮੇਵਾਰੀ ਹੈ ਤਾਂ ਜੋ ਲੋਕ ਹਿੱਤ ਵਿੱਚ ਉਨ੍ਹਾਂ ਨੂੰ ਦੂਰ ਕਰਨ ਲਈ ਢੁੱਕਵੇਂ ਕਦਮ ਚੁੱਕੇ ਜਾ ਸਕਣ। ਉਨ੍ਹਾਂ ਕਿਹਾ ਕਿ ਉਸਾਰੂ ਆਲੋਚਨਾ ਅਤੇ ਨਿਡਰ ਪੱਤਰਕਾਰਤਾ ਸਰਕਾਰਾਂ ਅਤੇ ਪ੍ਰਸ਼ਾਸਨਾਂ ਨੂੰ ਆਪਣੀ ਕਾਰਗੁਜ਼ਾਰੀ ਸੁਧਾਰਨ ਅਤੇ ਲੋਕ ਭਲਾਈ ਨੂੰ ਯਕੀਨੀ ਬਣਾਉਣ ਵਿੱਚ ਸਹਾਇਤਾ ਕਰਦੀ ਹੈ।

ਸਵੈ-ਸੁਧਾਰ ਦੀ ਮਹੱਤਤਾ ਉੱਤੇ ਜ਼ੋਰ ਦਿੰਦਿਆਂ ਸ੍ਰੀ ਕਟਾਰੀਆ ਨੇ ਕਿਹਾ, “ਇਨਸਾਨ ਨੂੰ ਆਪਣੀਆਂ ਕਮੀਆਂ ਨੂੰ ਲੁਕਾਉਣਾ ਨਹੀਂ ਚਾਹੀਦਾ, ਸਗੋਂ ਉਨ੍ਹਾਂ ਤੋਂ ਸਿੱਖ ਕੇ ਆਪਣੇ ਆਪ ਨੂੰ ਲਗਾਤਾਰ ਬਿਹਤਰ ਬਣਾਉਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ।”

ਉਨ੍ਹਾਂ ਅੱਗੇ ਕਿਹਾ ਕਿ ਪੱਤਰਕਾਰ ਸਰਕਾਰਾਂ ਅਤੇ ਪ੍ਰਸ਼ਾਸਨਾਂ ਲਈ ਮਾਰਗਦਰਸ਼ਕ ਦੀ ਭੂਮਿਕਾ ਨਿਭਾਉਂਦੇ ਹਨ ਕਿਉਂਕਿ ਉਹ ਸੁਧਾਰ ਦੀ ਲੋੜ ਵਾਲੇ ਖੇਤਰਾਂ ਵੱਲ ਧਿਆਨ ਦਿਵਾਉਂਦੇ ਹਨ। ਉਨ੍ਹਾਂ ਦੇ ਵਿਚਾਰ ਅਤੇ ਨਿਰੀਖਣ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਕੇਂਦਰਿਤ ਪ੍ਰਸ਼ਾਸਨ ਦੀ ਸਥਾਪਨਾ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ।

ਸੀਨੀਅਰ ਪੱਤਰਕਾਰ ਫੋਰਮ ਦੀ ਪਹਿਲ ਦੀ ਸ਼ਲਾਘਾ ਕਰਦਿਆਂ ਰਾਜਪਾਲ ਨੇ ਇਸ ਮੰਚ ਨੂੰ ਸੀਨੀਅਰ ਪੱਤਰਕਾਰਾਂ ਨੂੰ ਇਕੱਠਾ ਕਰਨ ਲਈ ਇੱਕ ਸ਼ਲਾਘਾਯੋਗ ਉਪਰਾਲਾ ਦੱਸਿਆ। ਉਨ੍ਹਾਂ ਨੇ ਸੇਵਾਮੁਕਤੀ ਤੋਂ ਬਾਅਦ ਕਈ ਪੱਤਰਕਾਰਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਵੀ ਜ਼ਿਕਰ ਕੀਤਾ ਅਤੇ ਅਜਿਹੇ ਮੰਚਾਂ ਦੀ ਲੋੜ ਉੱਤੇ ਜ਼ੋਰ ਦਿੱਤਾ ਜੋ ਆਪਸੀ ਸਹਿਯੋਗ, ਸਹਾਰਾ ਅਤੇ ਸਰਗਰਮ ਭਾਗੀਦਾਰੀ ਦੇ ਮੌਕੇ ਪ੍ਰਦਾਨ ਕਰ ਸਕਣ। ਸ਼੍ਰੀ ਕਟਾਰੀਆ ਨੇ ਐਲਾਨ ਕੀਤਾ ਕਿ ਸੀਨੀਅਰ ਪੱਤਰਕਾਰਾਂ ਨੂੰ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਚਿਤ ਯਤਨ ਕੀਤੇ ਜਾਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਮੰਤਵ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।

ਇਸ ਮੌਕੇ ਫੋਰਮ ਦੇ ਪ੍ਰਧਾਨ ਸ੍ਰੀ ਜਗਤਾਰ ਸਿੰਘ ਸਿੱਧੂ ਨੇ ਰਾਜਪਾਲ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸੰਸਥਾ ਦੇ ਉਦੇਸ਼ਾਂ ਅਤੇ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਰਾਜਪਾਲ ਨੇ ਸੀਨੀਅਰ ਜਰਨਲਿਸਟਸ ਫੋਰਮ ਦਾ ਲੋਗੋ ਵੀ ਜਾਰੀ ਕੀਤਾ। ਸੀਨੀਅਰ ਪੱਤਰਕਾਰ ਫੋਰਮ ਦੇ ਚੇਅਰਮੈਨ ਸ੍ਰੀ ਏ.ਐਸ. ਪ੍ਰਸ਼ਾਰ ਨੇ ਇਸ ਵਿਚਾਰ-ਵਟਾਂਦਰੇ ਲਈ ਪੰਜਾਬ ਲੋਕ ਭਵਨ ਦਾ ਧੰਨਵਾਦ ਕੀਤਾ।

ਇਸ ਵਿਚਾਰ-ਵਟਾਂਦਰੇ ਦੌਰਾਨ ਲੋਕਤੰਤਰੀ ਸਮਾਜ ਵਿੱਚ ਮੀਡੀਆ ਦੀ ਭੂਮਿਕਾ ਅਤੇ ਪੱਤਰਕਾਰਾਂ ਦੀ ਭਲਾਈ ਨਾਲ ਜੁੜੇ ਮਸਲਿਆਂ ਬਾਰੇ ਅਰਥਪੂਰਨ ਵਿਚਾਰਾਂ ਦਾ ਆਦਾਨ-ਪ੍ਰਦਾਨ ਹੋਇਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।