ਨਵੀਂ ਦਿੱਲੀ, 21 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ 62 ਮੈਂਬਰੀ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਪੁੱਜ ਗਿਆ ਹੈ। ਇਹ ਜੱਥਾ 29 ਜੂਨ ਨੂੰ ਬਰਸੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਉਪਰੰਤ 30 ਜੂਨ ਨੂੰ ਭਾਰਤ ਵਾਪਸ ਪਰਤੇਗਾ। ਇਹ ਜਾਣਕਾਰੀ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੀ ਪ੍ਰਵਾਨਗੀ ਤੋਂ ਬਾਅਦ ਜੱਥੇ ਦੇ ਮੈਂਬਰਾਂ ਨੂੰ ਪਾਕਿਸਤਾਨੀ ਅੰਬੈਸੀ ਵੱਲੋਂ ਵੀਜ਼ੇ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਸ਼ਰਧਾਲੂ ਇਸ ਗੱਲ ਤੋਂ ਖੁਸ਼ ਅਤੇ ਸੰਤੁਸ਼ਟ ਸਨ ਕਿ ਉਹ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾ ਰਹੇ ਹਨ ਅਤੇ ਉੱਥੇ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਾਪਤ ਕਰਨਗੇ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਵਿਸਾਖੀ ਅਤੇ ਗੁਰਪੁਰਬਾਂ ਮੌਕੇ ਸ਼ਰਧਾਲੂਆਂ ਦੇ ਜੱਥੇ ਪਾਕਿਸਤਾਨ ਭੇਜੇ ਜਾਂਦੇ ਹਨ। ਇਸ ਵਾਰ ਖਾਸ ਖੁਸ਼ੀ ਅਤੇ ਸੰਤੁਸ਼ਟੀ ਦੀ ਗੱਲ ਇਹ ਹੈ ਕਿ 13 ਸਾਲਾਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਇੱਕੋ ਤਾਰੀਖ ਨੂੰ ਮਨਾਇਆ ਗਿਆ, ਜਿਸ ਨਾਲ ਕੌਮ ਵਿੱਚ ਪਈ ਦੁਬਿਧਾ ਦੂਰ ਹੋਈ। ਇਸੇ ਦਿਨ ਪਾਕਿਸਤਾਨ ਵਿੱਚ ਵੀ ਸ਼ਹੀਦੀ ਦਿਹਾੜਾ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਸਾਰੇ ਇਤਿਹਾਸਕ ਦਿਹਾੜੇ ਮਨਾਉਣ ਲਈ ਦ੍ਰਿੜ੍ਹ ਸੰਕਲਪਿਤ ਹੈ ਅਤੇ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਰਹੇਗੀ। ਇਸ ਮੌਕੇ ਕਮੇਟੀ ਦੇ ਚੇਅਰਮੈਨ ਸਰਦਾਰ ਭੁਪਿੰਦਰ ਸਿੰਘ ਭੁੱਲਰ ਅਤੇ ਸਰਦਾਰ ਪਰਮਜੀਤ ਸਿੰਘ ਚੰਢੋਕ ਵੀ ਹਾਜ਼ਰ ਸਨ।












