ਜ਼ਿਲ੍ਹੇ ਦੇ 51 ਹਜਾਰ 108 ਬੱਚਿਆਂ ਨੂੰ ਪੋਲੀਓ ਰੋਕੂ ਬੁੰਦਾਂ ਪਿਲਾਉਣ ਲਈ 369 ਬੂਥ ਅਤੇ 15 ਟਰਾਂਜਿਟ ਟੀਮਾਂ ਗਠਿਤ
ਫ਼ਤਹਿਗੜ੍ਹ ਸਾਹਿਬ, 25 ਜੂਨ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋ);
ਸਿਹਤ ਵਿਭਾਗ ਵੱਲੋਂ 28 ਤੋਂ 30 ਜੂਨ ਤੱਕ ਪਲਸ ਪੋਲੀਓ ਮੁਹਿੰਮ ਤਹਿਤ ਜਿਲੇ ਦੇ 0-5 ਸਾਲ ਤੱਕ ਦੀ ਉਮਰ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 381 ਬੂਥ ਲਗਾਏ ਜਾਣਗੇ ਅਤੇ ਬੂਥਾਂ ਤੇ ਨਾ ਪਹੁੰਚ ਸਕਣ ਵਾਲੇ ਬੱਚਿਆਂ ਨੂੰ ਅਗਲੇ ਦੋ ਦਿਨ ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਵਿਚ 0 ਤੋਂ 5 ਸਾਲ ਤੱਕ ਦੇ ਲਗਭਗ 51 ਹਜਾਰ 108 ਬੱਚਿਆਂ ਦੇ ਨਿਰਧਾਰਤ ਟੀਚੇ ਨੂੰ ਪ੍ਰਾਪਤ ਕਰਨ ਲਈ 369 ਬੂਥ ਅਤੇ ਬੱਸ ਸਟੈਂਡ ਤੇ ਰੇਲਵੇ ਸਟੇਸ਼ਨਾਂ ਤੇ 15 ਟਰਾਂਜਿਟ ਟੀਮਾਂ ਕੰਮ ਕਰਨਗੀਆਂ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਭੱਠਿਆਂ, ਫੈਕਟਰੀਆਂ, ਉਸਾਰੀ ਵਾਲੀਆਂ, ਬਿਲਡਿੰਗਾਂ, ਝੁੱਗੀਆਂ, ਝੋਪੜੀਆਂ ਅਤੇ ਪਥੇਰਾ ਆਦਿ ਵਿੱਚ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ 31 ਮੋਬਾਈਲ ਟੀਮਾਂ ਵੀ ਕੰਮ ਕਰਨਗੀਆਂ। ਇਸ ਪ੍ਰੋਗਰਾਮ ਦੀ ਸੁਪਰਵੀਜ਼ਨ ਕਰਨ ਲਈ ਬਲਾਕ ਪੱਧਰ ਤੋਂ 66 ਸੁਪਰਵਾਈਜ਼ਰ ਲਗਾਏ ਗਏ ਹਨ ਜਦਕਿ ਜਿਲਾ ਪੱਧਰ ਦੀਆਂ ਟੀਮਾਂ ਵੱਲੋਂ ਵੀ ਮੁਹਿੰਮ ਦੀ ਸੁਪਰਵੀਜ਼ਨ ਕੀਤੀ ਜਾਵੇਗੀ। ਉਹਨਾਂ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਨਿਰਧਾਰਤ ਉਮਰ ਵਰਗ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ। ਸਿਵਲ ਸਰਜਨ ਡਾ. ਅਰਵਿੰਦਪਾਲ ਸਿੰਘ ਨੇ ਦੱਸਿਆ ਕਿ ਦੱਸਿਆ ਕਿ ਇਸ ਸਬੰਧੀ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਪੈਰਾਮੈਡੀਕਲ ਸਟਾਫ ਨਾਲ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਇਸ ਮੁਹਿੰਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪੋ ਆਪਣੇ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਇਹ ਪੋਲੀਓ ਬੂੰਦਾਂ ਪਿਲਾਉਣੀਆਂ ਯਕੀਨੀ ਬਣਾਉਣ ।












