ਗੈਰ-ਸਿੱਖ ਮੰਤਰੀਆਂ ਤੋਂ ਵੀ ਮੰਗਿਆ ਗਿਆ ਲਿਖਤੀ ਪੱਖ
ਨਵੀਂ ਦਿੱਲੀ, 25 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):—
ਪੰਜਾਬ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਖ਼ਤ ਰੁਖ ਅਖਤਿਆਰ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਮੂਹ ਸਿੱਖ ਵਿਧਾਇਕਾਂ ਅਤੇ ਸੂਬਾ ਸਰਕਾਰ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ 29 ਜੂਨ 2026 ਸਵੇਰੇ 11 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋਣ ਲਈ ਕਿਹਾ ਹੈ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਇਹ ਕਦਮ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ਾਂ ’ਤੇ ਚੁੱਕਿਆ ਗਿਆ ਹੈ। ਸਕੱਤਰੇਤ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਦੱਸਿਆ ਕਿ ਉਕਤ ਕਾਨੂੰਨੀ ਸੋਧ ਸਬੰਧੀ ਮਾਮਲੇ ’ਤੇ ਵਿਚਾਰ ਕਰਨ ਅਤੇ ਸੰਬੰਧਤ ਪੱਖ ਸੁਣਨ ਲਈ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੂੰ ਤਲਬ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮੂਹ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ ਅਧਿਕਾਰਤ ਪੱਤਰ ਉਨ੍ਹਾਂ ਦੇ ਈ-ਮੇਲ ਪਤਿਆਂ, ਵ੍ਹਾਟਸਐਪ ਅਤੇ ਮੋਬਾਈਲ ਨੰਬਰਾਂ ਰਾਹੀਂ ਭੇਜੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਸਕੱਤਰੇਤ ਦੇ ਅਧਿਕਾਰੀਆਂ ਵੱਲੋਂ ਫੋਨ ਕਰਕੇ ਵੀ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ ਹੈ। ਮੀਡੀਆ ਨੂੰ ਜਾਰੀ ਕੀਤੇ ਪ੍ਰੈੱਸ ਨੋਟ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਨੂੰ ਵੀ ਇਸ ਸਬੰਧੀ ਪੱਤਰ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਕੈਬਨਿਟ ਦੇ ਗੈਰ-ਸਿੱਖ ਮੰਤਰੀਆਂ ਨੂੰ ਵੀ ਮਾਮਲੇ ’ਤੇ 29 ਜੂਨ ਤੋਂ ਪਹਿਲਾਂ ਆਪਣਾ ਲਿਖਤੀ ਪੱਖ ਭੇਜਣ ਲਈ ਕਿਹਾ ਗਿਆ ਹੈ। ਅਕਾਲ ਤਖ਼ਤ ਸਾਹਿਬ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਧਾਇਕਾਂ ਅਤੇ ਮੰਤਰੀਆਂ ਨੂੰ ਤਲਬ ਕੀਤਾ ਜਾਣਾ ਪੰਜਾਬ ਦੀ ਸਿਆਸਤ ਅਤੇ ਪੰਥਕ ਹਲਕਿਆਂ ਵਿੱਚ ਚਰਚਾ ਦਾ ਕੇਂਦਰ ਬਣ ਗਿਆ ਹੈ।












