ਨਵਾਂ ਐਕਟ ਲਿਆਉਣ ਦੀ ਤਜਵੀਜ਼ ਦਾ ਕੀਤਾ ਸਖ਼ਤ ਵਿਰੋਧ
ਨਵੀਂ ਦਿੱਲੀ, 26 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਨਾਂਦੇੜ ਸਥਿਤ ਤਖ਼ਤ ਸ੍ਰੀ ਸੱਚਖੰਡ ਹਜ਼ੂਰ ਅਬਚਲਨਗਰ ਸਾਹਿਬ ਬੋਰਡ ਐਕਟ, 1956 ਨੂੰ ਰੱਦ ਕਰਕੇ ਉਸਦੀ ਥਾਂ ਨਵਾਂ ਐਕਟ ਲਿਆਉਣ ਦੀ ਤਜਵੀਜ਼ ਦਾ ਸਖ਼ਤ ਵਿਰੋਧ ਕੀਤਾ ਹੈ। ਇਸ ਸਬੰਧੀ ਉਨ੍ਹਾਂ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ੍ਰੀ ਦੇਵੇਂਦਰ ਫੜਨਵੀਸ ਨੂੰ ਪੱਤਰ ਲਿਖ ਕੇ ਤੁਰੰਤ ਮੁਲਾਕਾਤ ਲਈ ਸਮਾਂ ਮੰਗਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਕਾਲਕਾ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਵੱਲੋਂ ਸਿੱਖ ਕੌਮ ਦੀਆਂ ਚੁਣੀਆਂ ਹੋਈਆਂ ਨੁਮਾਇੰਦਾ ਸੰਸਥਾਵਾਂ, ਜਿਨ੍ਹਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਪੰਥਕ ਜਥੇਬੰਦੀਆਂ ਸ਼ਾਮਲ ਹਨ, ਨਾਲ ਕੋਈ ਸਲਾਹ-ਮਸ਼ਵਰਾ ਕੀਤੇ ਬਿਨਾਂ ਨਵਾਂ ਐਕਟ ਲਿਆਉਣ ਦੀ ਤਜਵੀਜ਼ ਉਲੀਕੇ ਜਾਣ ਕਾਰਨ ਸਿੱਖ ਭਾਈਚਾਰੇ ਵਿੱਚ ਡੂੰਘਾ ਰੋਸ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਤਖ਼ਤ ਸਾਹਿਬ ਤੋਂ ਪਾਸ ਹੋਏ ਗੁਰਮਤੇ ਦੀ ਦਿੱਲੀ ਕਮੇਟੀ ਪੂਰੀ ਦ੍ਰਿੜਤਾ ਨਾਲ ਹਮਾਇਤ ਕਰਦੀ ਹੈ ਅਤੇ ਸਿੱਖ ਗੁਰਧਾਮਾਂ ਦੇ ਪ੍ਰਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਲਈ ਐਕਟ ਵਿੱਚ ਸੋਧ ਕਰਨੀ ਲਾਜ਼ਮੀ ਹੈ ਤਾਂ ਸਭ ਤੋਂ ਪਹਿਲਾਂ ਸਿੱਖ ਕੌਮ ਦੀਆਂ ਨੁਮਾਇੰਦਾ ਸੰਸਥਾਵਾਂ ਅਤੇ ਜਥੇਬੰਦੀਆਂ ਦੇ ਪ੍ਰਤੀਨਿਧਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਜਾਵੇ ਅਤੇ ਉਸ ਤੋਂ ਬਾਅਦ ਹੀ ਕੋਈ ਫ਼ੈਸਲਾ ਲਿਆ ਜਾਵੇ। ਉਨ੍ਹਾਂ ਅੰਤ ਵਿੱਚ ਕਿਹਾ ਕਿ ਇਹ ਸਿੱਖ ਕੌਮ ਲਈ ਬਹੁਤ ਮਹੱਤਵਪੂਰਨ ਮਸਲਾ ਹੈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤਖ਼ਤ ਸਾਹਿਬ ਦੇ ਗੁਰਮਤੇ ਅਤੇ ਕੌਮ ਦੇ ਹੱਕਾਂ ਦੀ ਰੱਖਿਆ ਲਈ ਹਮੇਸ਼ਾ ਡਟ ਕੇ ਖੜ੍ਹੀ ਰਹੇਗੀ।












