ਵਿਧਾਇਕ ਕੁਲਵੰਤ ਸਿੰਘ ਵੱਲੋਂ ਜੁਝਾਰ ਨਗਰ ਤੋਂ ਕੀਤੀ ਸ਼ੁਰੂਆਤ; ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਉਪਰਾਲਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਜੁਲਾਈ,ਬੋਲੇ ਪੰਜਾਬ ਬਿਊਰੋ :
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ, ਉਪਦੇਸ਼ਾਂ ਅਤੇ ਸਮਾਜ ਸੁਧਾਰ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਗਈ ਵਿਸ਼ੇਸ਼ ਦਸਤਾਵੇਜ਼ੀ ਵੈਨ ਦਾ ਅੱਜ ਹਲਕਾ ਮੋਹਾਲੀ ਵਿੱਚ ਵਿਧਾਇਕ ਕੁਲਵੰਤ ਸਿੰਘ ਵੱਲੋਂ ਪਿੰਡ ਜੁਝਾਰ ਨਗਰ ਤੋਂ ਰਸਮੀ ਆਗਾਜ਼ ਕੀਤਾ ਗਿਆ।
ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਦਰਸ਼ਨ ਅਤੇ ਸਿੱਖਿਆਵਾਂ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਇਹ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦਸਤਾਵੇਜ਼ੀ ਵੈਨ ‘ਤੇ 12 ਫੁੱਟ × 8 ਫੁੱਟ ਦੀ ਆਧੁਨਿਕ ਐਲ.ਈ.ਡੀ. ਸਕਰੀਨ ਲਗਾਈ ਗਈ ਹੈ, ਜਿਸ ਰਾਹੀਂ ਕਰੀਬ 30 ਮਿੰਟ ਦੀ ਸੰਖੇਪ, ਅਰਥਪੂਰਨ ਅਤੇ ਪ੍ਰਭਾਵਸ਼ਾਲੀ ਦਸਤਾਵੇਜ਼ੀ ਦਾ ਪ੍ਰਦਰਸ਼ਨ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਮੰਤਵ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਸਮਾਜਿਕ ਬਰਾਬਰੀ, ਸਦਭਾਵਨਾ, ਸੱਚ, ਮਿਹਨਤ ਅਤੇ ਮਨੁੱਖਤਾ ਦੇ ਸਰਬੱਤ ਦੇ ਭਲੇ ਵਾਲੇ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਦਸਤਾਵੇਜ਼ੀ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਆਦਰਸ਼ਾਂ ਨਾਲ ਜੋੜਨ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਲਈ ਮਹੱਤਵਪੂਰਨ ਭੂਮਿਕਾ ਨਿਭਾਏਗੀ।
ਵਿਧਾਇਕ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਇਹ ਦਸਤਾਵੇਜ਼ੀ ਵੈਨ ਹਰ ਰੋਜ਼ ਹਲਕੇ ਦੇ ਦੋ ਪਿੰਡਾਂ ਵਿੱਚ ਜਾ ਕੇ ਦਸਤਾਵੇਜ਼ੀ ਦਾ ਪ੍ਰਦਰਸ਼ਨ ਕਰੇਗੀ। ਉਨ੍ਹਾਂ ਹਲਕਾ ਮੋਹਾਲੀ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡ ਵਿੱਚ ਵੈਨ ਦੇ ਪਹੁੰਚਣ ਸਮੇਂ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋਣ ਅਤੇ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜ ਨੂੰ ਦਿੱਤੇ ਅਮੁੱਲੇ ਯੋਗਦਾਨ ਤੋਂ ਪ੍ਰੇਰਣਾ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਆਪਸੀ ਭਾਈਚਾਰੇ, ਸਮਾਨਤਾ, ਸਾਂਝੀਵਾਲਤਾ ਅਤੇ ਸਮਾਜਿਕ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਸਾਬਤ ਹੋਣਗੇ।
ਪਹਿਲੇ ਦਿਨ ਇਸ ਵਿਸ਼ੇਸ਼ ਦਸਤਾਵੇਜ਼ੀ ਦਾ ਪ੍ਰਦਰਸ਼ਨ ਪਿੰਡ ਜੁਝਾਰ ਨਗਰ ਅਤੇ ਬੜ੍ਹ ਮਾਜਰਾ ਵਿਖੇ ਕੀਤਾ ਗਿਆ, ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਦਸਤਾਵੇਜ਼ੀ ਦਾ ਲਾਭ ਪ੍ਰਾਪਤ ਕੀਤਾ।
ਇਸ ਮੌਕੇ ਸੀਨੀਅਰ ਡਿਪਟੀ ਮੇਅਰ ਆਰ.ਪੀ. ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਉਪ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਵਿਧਾਨ ਸਭਾ ਹਲਕਾ ਚੇਅਰਮੈਨ ਅਕਵਿੰਦਰ ਸਿੰਘ ਗੋਸਲ, ਜੁਝਾਰ ਨਗਰ ਦੇ ਸਰਪੰਚ ਇਕਬਾਲ ਸਿੰਘ, ਬੜ੍ਹ ਮਾਜਰਾ ਦੇ ਸਰਪੰਚ ਰਾਜਿੰਦਰ ਸਿੰਘ, ਬੜ੍ਹ ਮਾਜਰਾ ਕਲੋਨੀ ਦੇ ਸਰਪੰਚ ਗੁਰਨਾਮ ਸਿੰਘ ਸਮੇਤ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।












