ਸਿਹਤ ਟੀਮਾਂ ਨੇ ਖ਼ਾਲੀ ਪਲਾਟਾਂ ਵਿਚ ਕੀਤਾ ਨਿਰੀਖਣ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜੁਲਾਈ,ਬੋਲੇ ਪੰਜਾਬ ਬਿਊਰੋ;
“ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਮੀਂਹ ਦੌਰਾਨ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ। ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਦਸਿਆ ਕਿ ਟੀਮਾਂ ਨੇ ਵਿਸ਼ੇਸ਼ ਤੌਰ ’ਤੇ ਖ਼ਾਲੀ ਪਲਾਟਾਂ ਅਤੇ ਪਾਣੀ ਇਕੱਤਰ ਹੋਣ ਦੀ ਸੰਭਾਵਨਾ ਵਾਲੀਆਂ ਥਾਵਾਂ ’ਤੇ ਨਿਰੀਖਣ ਕੀਤਾ । ਜਿਥੇ ਪਾਣੀ ਖੜਾ ਸੀ, ਉਥੇ ਦਵਾਈ ਦਾ ਛਿੜਕਾਅ ਕੀਤਾ ਗਿਆ ਅਤੇ ਲੋਕਾਂ ਨੂੰ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ ਲਈ ਪ੍ਰੇਰਿਆ ਗਿਆ।
ਡਾ. ਸੰਗੀਤਾ ਜੈਨ ਨੇ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਅਤੇ ਆਲੇ-ਦੁਆਲੇ ਸਾਫ਼-ਸਫ਼ਾਈ ਬਣਾਈ ਰੱਖਣ, ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਬੁਖ਼ਾਰ ਹੋਣ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨ।
ਡਾ. ਅਨਾਮਿਕਾ ਸੋਨੀ ਨੇ ਦਸਿਆ ਕਿ ਮੁਹਿੰਮ ਸਾਰੇ ਜ਼ਿਲ੍ਹੇ ਵਿਚ ਚੱਲ ਰਹੀ ਹੈ। ਅਧਿਕਾਰੀਆਂ ਸਮੇਤ ਹੋਰ ਸਟਾਫ਼ ਜਿਥੇ ਘਰੑ-ਘਰ ਜਾ ਕੇ ਸਰਵੇਖਣ ਕਰ ਰਹੇ ਹਨ, ਉਥੇ ਚਾਲਾਨ ਕੱਟਣ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਸਰਵੇ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਡੇਂਗੂ ਬੁਖ਼ਾਰ ਦੇ ਲੱਛਣ
ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।












