ਜੰਤਰ-ਮੰਤਰ ਤੋਂ ਸਰਨਾ ਦਾ ਕੇਂਦਰ ‘ਤੇ ਸਿੱਧਾ ਹਮਲਾ, ਕਿਹਾ ਨੌਜਵਾਨਾਂ ਦੀ ਆਵਾਜ਼ ਦਬਾਉਣੀ ਬੰਦ ਕਰ, ਮੰਗਾਂ ਤੁਰੰਤ ਹੱਲ ਕਰੋ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 23 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-

ਜੰਤਰ-ਮੰਤਰ ‘ਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਲਗਾਤਾਰ ਸ਼ਾਂਤਮਈ ਧਰਨਾ ਦੇ ਰਹੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਜੰਤਰ-ਮੰਤਰ ‘ਤੇ ਪਹੁੰਚੇ। ਵਿਦਿਆਰਥੀਆਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਕੇਂਦਰ ਸਰਕਾਰ ਨੂੰ ਤਿੱਖੇ ਸ਼ਬਦਾਂ ਵਿੱਚ ਘੇਰਿਆ ਅਤੇ ਕਿਹਾ ਕਿ ਹੱਕ ਮੰਗ ਰਹੇ ਨੌਜਵਾਨਾਂ ਦੀ ਆਵਾਜ਼ ਦਬਾਉਣ ਦੀ ਬਜਾਏ ਉਨ੍ਹਾਂ ਨਾਲ ਤੁਰੰਤ ਸੰਵਾਦ ਕਰਕੇ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇ। ਸਰਨਾ ਨੇ ਕਿਹਾ ਗੁਰਦੁਆਰਾ ਸਾਹਿਬ ਦੇ ਦਰਵਾਜ਼ੇ ਵਿਦਿਆਰਥੀਆਂ ਲਈ ਪਹਿਲਾਂ ਤੋਂ ਹੀ ਖੁੱਲ੍ਹੇ ਹੋਏ ਹਨ ਅਤੇ ਸਾਡੇ ਘਰਾਂ ਦੇ ਦਰਵਾਜ਼ੇ ਵੀ ਉਨ੍ਹਾਂ ਲਈ ਹਰ ਵੇਲੇ ਖੁੱਲ੍ਹੇ ਹਨ। ਤੁਸੀਂ ਇਕੱਲੇ ਨਹੀਂ ਹੋ, ਅਸੀਂ ਹਰ ਪਲ ਤੁਹਾਡੇ ਨਾਲ ਡਟ ਕੇ ਖੜ੍ਹੇ ਹਾਂ। ਕੇਂਦਰ ਸਰਕਾਰ ‘ਤੇ ਸਿੱਧਾ ਨਿਸ਼ਾਨਾ ਸਾਧਦਿਆਂ ਸਰਨਾ ਨੇ ਕਿਹਾ ਕਿ ਜੇ ਹਜ਼ਾਰਾਂ ਨੌਜਵਾਨ ਆਪਣੇ ਹੱਕਾਂ ਲਈ ਸੜਕਾਂ ‘ਤੇ ਬੈਠਣ ਲਈ ਮਜਬੂਰ ਹਨ ਤਾਂ ਇਹ ਸਰਕਾਰ ਦੀ ਨਾਕਾਮੀ ਦਾ ਸਭ ਤੋਂ ਵੱਡਾ ਸਬੂਤ ਹੈ। ਲੋਕਤੰਤਰ ਵਿੱਚ ਆਵਾਜ਼ ਸੁਣੀ ਜਾਂਦੀ ਹੈ, ਦਬਾਈ ਨਹੀਂ ਜਾਂਦੀ। ਸਰਕਾਰ ਜ਼ਿੱਦ ਛੱਡੇ ਅਤੇ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ‘ਤੇ ਤੁਰੰਤ ਫ਼ੈਸਲਾ ਲਵੇ। ਉਨ੍ਹਾਂ ਕਿਹਾ ਕਿ ਸਰਕਾਰ ਲਈ ਇਹ ਸਮਾਂ ਟਕਰਾਅ ਦਾ ਨਹੀਂ, ਸਗੋਂ ਸੰਵਾਦ ਦਾ ਹੈ। ਜੇਕਰ ਫਿਰ ਵੀ ਨੌਜਵਾਨਾਂ ਦੀਆਂ ਆਵਾਜ਼ਾਂ ਨੂੰ ਅਣਸੁਣਿਆ ਕੀਤਾ ਗਿਆ ਤਾਂ ਇਸ ਨਾਲ ਸਰਕਾਰ ਦੀ ਨੀਅਤ ਅਤੇ ਲੋਕਤੰਤਰ ਪ੍ਰਤੀ ਉਸਦੀ ਵਚਨਬੱਧਤਾ ‘ਤੇ ਗੰਭੀਰ ਸਵਾਲ ਖੜ੍ਹੇ ਹੋਣਗੇ। ਸਰਨਾ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਅੰਦੋਲਨ ਪੂਰੀ ਤਰ੍ਹਾਂ ਸ਼ਾਂਤਮਈ, ਅਨੁਸ਼ਾਸਿਤ ਅਤੇ ਅਹਿੰਸਕ ਰੱਖਣ। ਕਿਸੇ ਵੀ ਤਰ੍ਹਾਂ ਦੇ ਉਕਸਾਵੇ ਜਾਂ ਭੜਕਾਹਟ ਵਿੱਚ ਨਾ ਆਉਣ ਅਤੇ ਆਪਣੀ ਸੰਵਿਧਾਨਕ ਲੜਾਈ ਉਦੋਂ ਤੱਕ ਜਾਰੀ ਰੱਖਣ, ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲ ਜਾਂਦਾ। ਇਸ ਮੌਕੇ ਸਰਨਾ ਨੇ ਵਿਦਿਆਰਥੀ ਆਗੂ ਅਭਿਜੀਤ ਦੀਪਿਕੇ ਨੂੰ ਦਸਤਾਰ ਸਜਾ ਕੇ ਉਸ ਦਾ ਹੌਸਲਾ ਵਧਾਇਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਨਿਆਂਪੂਰਨ ਲੜਾਈ ਵਿੱਚ ਉਹ ਅਤੇ ਉਨ੍ਹਾਂ ਦੀ ਪਾਰਟੀ ਹਰ ਪੜਾਅ ‘ਤੇ ਉਨ੍ਹਾਂ ਦੇ ਨਾਲ ਡਟ ਕੇ ਖੜ੍ਹੇ ਰਹਿਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।