ਨਵੀਂ ਦਿੱਲੀ, 27 ਜੁਲਾਈ, ਬੋਲੇ ਪੰਜਾਬ ਬਿਊਰੋ :
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਅਤੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਦੀ ਸਮਾਪਤੀ ਤੋਂ ਦੋ ਦਿਨ ਬਾਅਦ, ਪੇਪਰ ਲੀਕ ਨੂੰ ਰੋਕਣ ਲਈ ਇੱਕ ਬਿੱਲ ਅੱਜ ਸੰਸਦ ਵਿੱਚ ਪੇਸ਼ ਕੀਤਾ ਜਾਣਾ ਹੈ। ‘ਜਨਤਕ ਪ੍ਰੀਖਿਆਵਾਂ ਸੋਧ ਬਿੱਲ, 2026’ ਸਿਰਲੇਖ ਵਾਲਾ ਇਹ ਬਿੱਲ ਕੇਂਦਰੀ ਮੰਤਰੀ ਜਤਿੰਦਰ ਸਿੰਘ ਲੋਕ ਸਭਾ ਵਿੱਚ ਪੇਸ਼ ਕਰਨਗੇ।
2024 ਵਿੱਚ ਲਾਗੂ ਕੀਤੇ ਗਏ ਕਾਨੂੰਨ ਵਿੱਚ ਸੋਧ ਕੀਤੀ ਜਾਵੇਗੀ। ਇਸ ਵਿੱਚ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਅਤੇ ਭਾਰੀ ਜੁਰਮਾਨੇ ਦੀਆਂ ਵਿਵਸਥਾਵਾਂ ਸ਼ਾਮਲ ਹਨ। ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਵਿਸ਼ੇਸ਼ ਫਾਸਟ-ਟਰੈਕ ਅਦਾਲਤਾਂ ਸਥਾਪਤ ਕਰਨ ਦਾ ਅਧਿਕਾਰ ਦਿੱਤਾ ਜਾਵੇਗਾ, ਜਿੱਥੇ ਰੋਜ਼ਾਨਾ ਸੁਣਵਾਈ ਹੋਵੇਗੀ।
ਜਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ 23 ਜੁਲਾਈ ਦੀ ਰਾਤ ਨੂੰ ਜਾਰੀ ਕੀਤੇ ਢਾਈ ਮਿੰਟ ਦੇ ਵੀਡੀਓ ਸੰਦੇਸ਼ ਵਿੱਚ ਇਸ ਬਿੱਲ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਪੇਪਰ ਲੀਕ ਕੋਈ ਮਾਮੂਲੀ ਮਾਮਲਾ ਨਹੀਂ ਹੈ ਸਗੋਂ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਬਹੁਤ ਜ਼ਿਆਦਾ ਪ੍ਰੇਸ਼ਾਨੀ ਵਾਲ ਹੈ, ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਹੱਲ ਕਰਨ ਲਈ ਸਖ਼ਤ ਉਪਾਅ ਕੀਤੇ ਜਾਣਗੇ।












