ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ ਲਈ ਟਰਾਂਸਪੋਰਟ ਅਤੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 28 ਜੁਲਾਈ ,ਬੋਲੇ ਪੰਜਾਬ ਬਿਊਰੋ:

ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਟਰਾਂਸਪੋਰਟ ਅਤੇ ਜਨਤਕ ਖੇਤਰ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਕੰਮਕਾਜੀ ਚੁਣੌਤੀਆਂ ਦੇ ਨਿਪਟਾਰੇ ਲਈ ਲੜੀਵਾਰ ਵਿਆਪਕ ਮੀਟਿੰਗਾਂ ਕੀਤੀਆਂ।

ਟਰਾਂਸਪੋਰਟ ਖੇਤਰ ਦੀਆਂ ਅਹਿਮ ਵਿਚਾਰ-ਵਟਾਂਦਰੇ ਦੌਰਾਨ, ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਪੰਜਾਬ ਸਟੇਟ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ’ ਅਤੇ ‘ਸਮਾਲ ਸਕੇਲ ਬੱਸ ਆਪ੍ਰੇਟਰਜ਼ ਐਸੋਸੀਏਸ਼ਨ’ ਦੇ ਵਫ਼ਦਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।
ਟਰਾਂਸਪੋਰਟ ਇੰਡਸਟਰੀ ਨੂੰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਭਗਵੰਤ ਮਾਨ ਸਰਕਾਰ ਦੀ ਇਸ ਨੂੰ ਪੂਰਾ ਸਮਰਥਨ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਟਰਾਂਸਪੋਰਟ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਟਰਾਂਸਪੋਰਟ ਖੇਤਰ ਦੀ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਦੋਵਾਂ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕੀਤਾ ਜਾਵੇਗਾ।”

ਪ੍ਰਸ਼ਾਸਕੀ ਪੱਧਰ ‘ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ ਲਈ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਕੱਤਰ ਟਰਾਂਸਪੋਰਟ ਵਰੁਣ ਰੂਜ਼ਮ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੂੰ ਨਿਰਦੇਸ਼ ਦਿੱਤੇ ਕਿ ਉਹ ਟਰਾਂਸਪੋਰਟ ਯੂਨੀਅਨਾਂ ਵੱਲੋਂ ਸੌਂਪੇ ਮੰਗ ਪੱਤਰਾਂ ਦੀ ਬਾਰੀਕੀ ਨਾਲ ਸਮੀਖਿਆ ਕਰਨ, ਉਨ੍ਹਾਂ ਦੇ ਮੁੱਖ ਮੁੱਦਿਆਂ ਦੇ ਠੋਸ ਹੱਲ ਤਿਆਰ ਕਰਨ ਅਤੇ ਮਸਲਿਆਂ ਨੂੰ ਅੰਤਿਮ ਰੂਪ ਦੇਣ ਲਈ ਜਲਦ ਤੋਂ ਜਲਦ ਅਗਲੀਆਂ ਮੀਟਿੰਗਾਂ ਕਰਨ।

ਟਰਾਂਸਪੋਰਟ ਖੇਤਰ ਦੀਆਂ ਮੀਟਿੰਗਾਂ ਤੋਂ ਇਲਾਵਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਦੇ ਮਸਲਿਆਂ ਲਈ ਬਣਾਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ‘ਜੀ.ਪੀ.ਡਬਲਯੂ.ਐਸ.ਸੀ. ਵਾਟਰ ਸਪਲਾਈ ਪੰਪ ਆਪ੍ਰੇਟਰ ਐਸੋਸੀਏਸ਼ਨ ਪੰਜਾਬ’, ‘ਐਨ.ਐਚ.ਐਮ. ਇੰਪਲਾਈਜ਼ ਯੂਨੀਅਨ’, ‘ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ’ ਅਤੇ ‘ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ’ ਦੇ ਨੁਮਾਇੰਦਿਆਂ ਨਾਲ ਵੀ ਵਿਆਪਕ ਵਿਚਾਰ-ਵਟਾਂਦਰਾ ਕੀਤਾ।

ਮੁਲਾਜ਼ਮ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਦਾ ਜਵਾਬ ਦਿੰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪੰਜਾਬ ਸਰਕਾਰ ਤੁਹਾਡੀਆਂ ਮੰਗਾਂ ਨੂੰ ਪੂਰੀ ਹਮਦਰਦੀ ਅਤੇ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਸਮੇਂ ਸਿਰ ਰਾਹਤ ਦੇਣ ਲਈ ਜ਼ਰੂਰੀ ਕਦਮਾਂ ਦੀ ਸਰਗਰਮੀ ਨਾਲ ਸਮੀਖਿਆ ਕੀਤੀ ਜਾ ਰਹੀ ਹੈ।”

ਇਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਸਟੇਟ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ ਵੱਲੋਂ ਚਰਨ ਸਿੰਘ ਲਾਹੌਰੀਆ, ਜੇ.ਪੀ. ਅਗਰਵਾਲ, ਬਲਰਾਜ ਸ਼ਰਮਾ, ਕਾਮਰੇਡ ਪ੍ਰੇਮ ਸਿੰਘ ਬਨੂੜ ਅਤੇ ਸ਼ਮਿੰਦਰ ਸਿੰਘ ਬਰਾੜ; ਸਮਾਲ ਸਕੇਲ ਬੱਸ ਆਪ੍ਰੇਟਰਜ਼ ਐਸੋਸੀਏਸ਼ਨ ਵੱਲੋਂ ਦਰਸ਼ਨ ਸਿੰਘ, ਸੰਦੀਪ ਸ਼ਰਮਾ, ਜਗਰੂਪ ਸਿੰਘ ਅਤੇ ਬਰਿੰਦਰ ਸਿੰਘ; ਜੀ.ਪੀ.ਡਬਲਯੂ.ਐਸ.ਸੀ. ਵਾਟਰ ਸਪਲਾਈ ਪੰਪ ਆਪ੍ਰੇਟਰ ਐਸੋਸੀਏਸ਼ਨ ਵੱਲੋਂ ਬੇਅੰਤ ਸਿੰਘ ਅਤੇ ਅਵਤਾਰ ਸਿੰਘ; ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਵੱਲੋਂ ਸੰਦੀਪ ਕੌਰ, ਜਸਵੀਰ ਸਿੰਘ ਅਤੇ ਡਾ. ਵਾਹਿਦ ਮੁਹੰਮਦ; ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਵੱਲੋਂ ਗੁਰਜਿੰਦਰ ਸਿੰਘ ਔਲਖ, ਹਰਮਨਦੀਪ ਸਿੰਘ ਸਿੱਧੂ ਅਤੇ ਨਜ਼ਰ ਸਿੰਘ; ਅਤੇ ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਵੱਲੋਂ ਸ਼ਿੰਦਰਪਾਲ ਸਿੰਘ ਅਤੇ ਜਗਤਾਰ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਪੇਸ਼ ਕੀਤੀਆਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।