ਲਾਲੜੂ, 30 ਜੁਲਾਈ ,ਬੋਲੇ ਪੰਜਾਬ ਬਿਊਰੋ:
ਅੱਜ ਨਗਰ ਕੌਂਸਲਾਂ ਲਾਲੜੂ, ਡੇਰਾਬੱਸੀ ਅਤੇ ਜ਼ੀਰਕਪੁਰ ਦੇ ਸਮੂਹ ਕਰਮਚਾਰੀਆਂ ਵੱਲੋਂ ਸ਼ਹਿਰ ਦੇ ਬਾਜ਼ਾਰਾਂ ਵਿੱਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਅਤੇ ਸਾਰਾ ਕੰਮਕਾਜ ਮੁਕੰਮਲ ਤੌਰ ‘ਤੇ ਠੱਪ ਰੱਖਿਆ ਗਿਆ। ਇਸ ਦੌਰਾਨ ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਵੱਲੋਂ ਬਾਜ਼ਾਰ ਬੰਦ ਰੱਖ ਕੇ ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਨੂੰ ਪੂਰਨ ਸਮਰਥਨ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਅਤੇ ਯੂਨੀਅਨ ਆਗੂਆਂ ਨੇ ਇਸ ਹੜਤਾਲ ਨੂੰ ਭਰਵਾਂ ਸਾਥ ਦੇਣ ਲਈ ਸਮੂਹ ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।
ਪ੍ਰਦਰਸ਼ਨਕਾਰੀਆਂ ਨੇ ਬਰਨਾਲਾ ਵਿੱਚ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਧਰਨੇ ‘ਤੇ ਬੈਠੇ ਸਫ਼ਾਈ ਕਰਮਚਾਰੀਆਂ ‘ਤੇ ਹੋਏ ਪੁਲਿਸ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਮੰਗ ਕੀਤੀ ਕਿ ਇਸ ਘਟਨਾ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕੇਸ ਦਰਜ ਕੀਤਾ ਜਾਵੇ।
ਇਸ ਰੋਸ ਮਾਰਚ ਨੂੰ ਵੱਖ-ਵੱਖ ਸਮਾਜਿਕ ਅਤੇ ਰਾਜਨੀਤਿਕ ਜਥੇਬੰਦੀਆਂ ਨੇ ਵੀ ਆਪਣਾ ਭਰਪੂਰ ਸਮਰਥਨ ਦਿੱਤਾ। ਇਸ ਮੌਕੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸੀਨੀਅਰ ਆਗੂ ਜੱਥੇਦਾਰ ਕੁਲਦੀਪ ਸਿੰਘ ਸਰਸੀਣੀ ਅਤੇ ਹਰਵਿੰਦਰ ਸਿੰਘ ਝਰਮੜੀ ਸਮੇਤ ਹੋਰ ਪ੍ਰਮੁੱਖ ਆਗੂ ਵੀ ਮੌਜੂਦ ਰਹੇ। ਉਨ੍ਹਾਂ ਨੇ ਸਫ਼ਾਈ ਸੇਵਕਾਂ ਦੇ ਸੰਘਰਸ਼ ਨੂੰ ਜਾਇਜ਼ ਕਰਾਰ ਦਿੰਦਿਆਂ ਪੂਰੀ ਹਮਾਇਤ ਦਾ ਐਲਾਨ ਕੀਤਾ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਕਰਮਚਾਰੀਆਂ ਦੀਆਂ ਮੰਗਾਂ ਦਾ ਜਲਦ ਹੱਲ ਕੀਤਾ ਜਾਵੇ।
ਵਿਨੋਦ ਚੁੱਘ ਸੂਬਾ ਮੀਤ ਪ੍ਰਧਾਨ ਪੰਜਾਬ ਏਟਕ ਯੂਨੀਅਨ ਆਗੂਆਂ ਦੇ ਪ੍ਰਧਾਨ ਰਾਜੇਸ਼ ਕੁਮਾਰ ਕਮਲ ਕੁਮਾਰ ਸੰਜੀਵ ਕੁਮਾਰ ਅਤੇ ਸੁਖਵਿੰਦਰ ਸਿੰਘ ਸਮੇਤ ਯੂਨੀਅਨ ਦੇ ਹੋਰ ਅਹੁਦੇਦਾਰਾਂ ਨੇ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਪ੍ਰਸ਼ਾਸਨ ਅਤੇ ਸਰਕਾਰ ਨੂੰ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦੀ ਹੀ ਕਰਮਚਾਰੀਆਂ ਦੀਆਂ ਮੰਗਾਂ ਦਾ ਫੈਸਲਾ ਨਾ ਕੀਤਾ ਗਿਆ ਅਤੇ ਮੰਗਾਂ ਨਾ ਮੰਨੀਆਂ ਗਈਆਂ, ਤਾਂ ਇਹ ਹੜਤਾਲ ਲਗਾਤਾਰ ਜਾਰੀ ਰਹੇਗੀ ਅਤੇ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਸਫ਼ਾਈ ਦਾ ਕੰਮ ਲਗਾਤਾਰ ਠੱਪ ਰਹੇਗਾ।
ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਏਟਕ ਹਮੇਸ਼ਾ ਮਜ਼ਦੂਰਾਂ ਅਤੇ ਕਰਮਚਾਰੀਆਂ ਦੀ ਪਿੱਠ ‘ਤੇ ਖੜੀ ਹੈ। ਇਨ੍ਹਾਂ ਸਫ਼ਾਈ ਕਰਮਚਾਰੀਆਂ ਦੀ ਹੱਕੀ ਲੜਾਈ ਵਿੱਚ ਏਟਕ ਵੱਲੋਂ ਡੱਟ ਕੇ ਸਾਥ ਦਿੱਤਾ ਜਾਵੇਗਾ ਅਤੇ ਜਦੋਂ ਤੱਕ ਕਰਮਚਾਰੀਆਂ ਨੂੰ ਇਨਸਾਫ਼ ਨਹੀਂ ਮਿਲਦਾ, ਇਹ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਰਜੇਸ਼ ਕੁਮਾਰ ਸੁਖਵਿੰਦਰ ਸਿੰਘ ਕਮਲ ਕੁਮਾਰ ਸੰਜੀਵ ਕੁਮਾਰ ਨੇ ਵੀ ਸੰਬੋਧਿਤ ਕੀਤਾ












