ਸਰਕਾਰੀ ਬੱਸਾਂ ਦੀ ਆਵਾਜਾਈ ਮੁੜ ਸ਼ੁਰੂ
ਚੰਡੀਗੜ੍ਹ , 4 ਅਗਸਤ ,ਬੋਲੇ ਪੰਜਾਬ ਬਿਊਰੋ;
ਪੰਜਾਬ ਵਿੱਚ ਸਰਕਾਰੀ ਬੱਸਾਂ ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖਬਰ ਹੈ। ਪੰਜਾਬ ਵਿੱਚ ਕਰਮਚਾਰੀਆਂ ਦੀ ਹੜਤਾਲ ਦੇ ਚਲਦਿਆਂ 2,200 ਤੋਂ ਵੱਧ ਸਰਕਾਰੀ ਬੱਸਾਂ ਸੜਕਾਂ ‘ਤੇ ਨਹੀਂ ਉੱਤਰੀਆਂ, ਜਿਸ ਨਾਲ ਲਗਭਗ 1,000 – 1,100 ਰੂਟ ਪ੍ਰਭਾਵਿਤ ਹੋਏ। ਪਰ ਹੁਣ ਖਬਰ ਹੈ ਕਿ ਸਰਕਾਰੀ ਬੱਸਾਂ ਦੀ ਆਵਾਜਾਈ ਮੁੜ ਸ਼ੁਰੂ ਹੋ ਗਈ ਹੈ।
ਚਿਰਾਂ ਤੋਂ ਲਟਕਦੀਆਂ ਮੰਗਾਂ ‘ਤੇ ਸਰਕਾਰ ਵੱਲੋਂ ਭਰੋਸਾ ਮਿਲਣ ਤੋਂ ਬਾਅਦ ਪੀ.ਆਰ.ਟੀ.ਸੀ. (PRTC) ਅਤੇ ਪਨਬੱਸ (PUNBUS) ਮੁਲਾਜ਼ਮਾਂ ਨੇ ਹੜਤਾਲ ਖ਼ਤਮ ਕਰ ਦਿੱਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨਿਵਾਸ (ਸੀ.ਐੱਮ. ਹਾਊਸ) ਵੱਲ ਪ੍ਰਸਤਾਵਿਤ ਕੂਚ ਵੀ ਟਾਲ ਦਿੱਤਾ ਗਿਆ ਹੈ।
ਯੂਨੀਅਨ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਅੱਜ ਮੁਹਾਲੀ ਵਿੱਚ ਧਰਨਾ ਪ੍ਰਸਤਾਵਿਤ ਸੀ, ਪਰ ਇਸ ਨੂੰ ਸਮਾਪਤ ਕਰ ਦਿੱਤਾ ਗਿਆ ਹੈ। ਇਸ ਦਾ ਮੁੱਖ ਕਾਰਨ ਇਹ ਹੈ ਕਿ ਟਰਾਂਸਪੋਰਟ ਮੰਤਰੀ ਨਾਲ ਹੋਈ ਬੈਠਕ ਵਿੱਚ ਜਿਨ੍ਹਾਂ ਮੰਗਾਂ ‘ਤੇ ਸਹਿਮਤੀ ਬਣੀ ਸੀ, ਉਨ੍ਹਾਂ ਨੂੰ ਪ੍ਰਬੰਧਕ ਲਿਖਤੀ ਰੂਪ ਵਿੱਚ ਦੇਣ ਤੋਂ ਬਚ ਰਹੇ ਸਨ। ਪ੍ਰਸ਼ਾਸਨ ਨਾਲ ਹੋਈ ਬੈਠਕ ਵਿੱਚ ਸਾਡੀਆਂ ਸਾਰੀਆਂ ਸਹਿਮਤ ਮੰਗਾਂ ਨੂੰ ਲਿਖਤੀ ਰੂਪ ਵਿੱਚ ਦਰਜ ਕਰ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਅਗਲੀ ਬੈਠਕ 14 ਅਗਸਤ ਨੂੰ ਵਿੱਤ ਮੰਤਰੀ, ਟਰਾਂਸਪੋਰਟ ਮੰਤਰੀ ਅਤੇ ਪ੍ਰਸੋਨਲ ਵਿਭਾਗ ਦੇ ਅਧਿਕਾਰੀਆਂ ਨਾਲ ਹੋਵੇਗੀ। ਇਸ ਤੋਂ ਪਹਿਲਾਂ 11 ਅਗਸਤ ਨੂੰ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਨਿਯਮ ਬਣਾਉਣ ਦੇ ਪ੍ਰਸਤਾਵ ਨੂੰ ਬੋਰਡ ਆਫ਼ ਡਾਇਰੈਕਟਰਜ਼ ਦੀ ਬੈਠਕ ਵਿੱਚ ਮਨਜ਼ੂਰੀ ਲਈ ਰੱਖਿਆ ਜਾਵੇਗਾ।












