ਮੋਹਾਲੀ, 5 ਅਗਸਤ, ਬੋਲੇ ਪੰਜਾਬ ਬਿਊਰੋ :
ਭ੍ਰਿਸ਼ਟਾਚਾਰ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਮੋਹਾਲੀ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਦਫ਼ਤਰ ਦੀ ਸੀਨੀਅਰ ਸਹਾਇਕ ਭੁਪਿੰਦਰ ਕੌਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਦੋਸ਼ੀ ਕਰਮਚਾਰੀ ‘ਤੇ ਦੋਸ਼ ਹੈ ਕਿ ਉਸਨੇ ਇੱਕ ਨਿੱਜੀ ਕੰਪਨੀ ਵਿੱਚ ਪਲਾਟ ਹਾਸਲ ਕਰਨ ਦੇ ਬਦਲੇ ਕੁੱਲ 8 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਜਾਲ ਵਿਛਾ ਕੇ ਕਾਰਵਾਈ ਕੀਤੀ।
ਵਿਜੀਲੈਂਸ ਅਧਿਕਾਰੀਆਂ ਦੇ ਅਨੁਸਾਰ, ਬਟਾਲਾ ਦੇ ਨਿਵਾਸੀ ਪ੍ਰਭਜੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ‘ਸਕਾਈ ਰੌਕ ਕੰਪਨੀ’ ਨਾਲ ਸਬੰਧਤ ਪਲਾਟ ਸਬੰਧੀ ਭੁਪਿੰਦਰ ਕੌਰ ਨੂੰ ਮਿਲਿਆ ਸੀ। ਦੋਸ਼ ਹੈ ਕਿ ਕਰਮਚਾਰੀ ਨੇ ਉਸ ਲਈ ਪਲਾਟ ਹਾਸਲ ਕਰਨ ਦੇ ਭਰੋਸੇ ਨਾਲ 8 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗ ਸੰਬੰਧੀ ਗੱਲਬਾਤ ਰਿਕਾਰਡ ਕੀਤੀ ਅਤੇ ਰਿਕਾਰਡਿੰਗ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਸ਼ਿਕਾਇਤ ਦੀ ਪੁਸ਼ਟੀ ਕਰਨ ਤੋਂ ਬਾਅਦ, ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਜਾਲ ਵਿਛਾਇਆ। ਜਿਵੇਂ ਹੀ ਸ਼ਿਕਾਇਤਕਰਤਾ ਨੇ ਪਹਿਲੀ ਕਿਸ਼ਤ ਵਜੋਂ ਦੋਸ਼ੀ ਨੂੰ 1 ਲੱਖ ਰੁਪਏ ਸੌਂਪੇ, ਟੀਮ ਨੇ ਉਸਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ।












