ਨਹਿਰੂ-ਮਾਸਟਰ ਤਾਰਾ ਸਿੰਘ ਪੈਕਟ ਅਨੁਸਾਰ ਗੁਰਧਾਮਾਂ ਦੇ ਦਰਸ਼ਨਾਂ ਲਈ ਤੁਰੰਤ ਸਰਹੱਦਾਂ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਿਆ ਜਾਵੇ : ਮਾਨ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 7 ਅਗਸਤ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):-

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਨਹਿਰੂ–ਮਾਸਟਰ ਤਾਰਾ ਸਿੰਘ ਸਮਝੌਤੇ ਦੀ ਭਾਵਨਾ ਅਨੁਸਾਰ ਸਿੱਖਾਂ ਨੂੰ ਆਪਣੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਕਰਤਾਰਪੁਰ ਸਾਹਿਬ ਲਾਂਘਾ ਅਤੇ ਵਾਹਗਾ, ਅਟਾਰੀ, ਸੁਲੇਮਾਨਕੀ ਤੇ ਹੁਸੈਨੀਵਾਲਾ ਸਰਹੱਦਾਂ ਤੁਰੰਤ ਖੋਲ੍ਹੀਆਂ ਜਾਣ। ਉਨ੍ਹਾਂ ਕਿਹਾ ਕਿ ਇਸ ਨਾਲ ਸਿਰਫ਼ ਧਾਰਮਿਕ ਯਾਤਰਾ ਹੀ ਨਹੀਂ, ਸਗੋਂ ਪੰਜਾਬ ਦੇ ਵਪਾਰ ਅਤੇ ਖੇਤੀਬਾੜੀ ਨੂੰ ਵੀ ਮੱਧ ਏਸ਼ੀਆ, ਰੂਸ ਅਤੇ ਅਰਬ ਦੇਸ਼ਾਂ ਨਾਲ ਜੋੜਨ ਦੇ ਮੌਕੇ ਮਿਲਣਗੇ ਅਤੇ ਦੇਸ਼ ਦੀ ਅਰਥਵਿਵਸਥਾ ਨੂੰ ਵੀ ਲਾਭ ਹੋਵੇਗਾ। ਸਰਦਾਰ ਮਾਨ ਨੇ ਦੋਸ਼ ਲਾਇਆ ਕਿ ਪੰਜਾਬ ਨਾਲ ਲੱਗਦੀਆਂ ਸਰਹੱਦਾਂ ਬੰਦ ਰੱਖਣਾ ਸਿੱਖਾਂ ਅਤੇ ਪੰਜਾਬੀਆਂ ਨਾਲ ਵਿਤਕਰਾ ਹੈ। ਪਾਰਟੀ ਮੁੱਖ ਦਫ਼ਤਰ ਵਿਖੇ ਸਨੌਰ ਵਿਧਾਨ ਸਭਾ ਹਲਕੇ ਦੇ ਆਗੂ ਭੁਪਿੰਦਰ ਸਿੰਘ ਮਸੀਗਣ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿੱਚ ਸ਼ਾਮਲ ਹੋਏ, ਜਿਨ੍ਹਾਂ ਦਾ ਮਾਨ ਨੇ ਸਵਾਗਤ ਕੀਤਾ। ਇਸ ਮੌਕੇ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਿੱਖ ਕੌਮ ਦੇ ਰਾਜਨੀਤਿਕ ਹੱਕਾਂ, ਬੰਦੀ ਸਿੰਘਾਂ ਦੀ ਰਿਹਾਈ, ਮਹਿਲਾਵਾਂ ਦੀ ਸੁਰੱਖਿਆ ਅਤੇ ਪੰਥਕ ਏਕਤਾ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 15 ਅਗਸਤ ਨੂੰ ਚੰਡੀਗੜ੍ਹ ਵਿੱਚ ਸਮੁੱਚੀਆਂ ਪੰਥਕ ਜਥੇਬੰਦੀਆਂ ਵੱਲੋਂ ਵੱਡਾ ਇਕੱਠ ਕੀਤਾ ਜਾਵੇਗਾ। ਮਾਨ ਨੇ ਅੰਤਰਰਾਸ਼ਟਰੀ ਪੱਧਰ ‘ਤੇ ਵੀ ਸਿੱਖ ਮਸਲਿਆਂ ਵੱਲ ਧਿਆਨ ਦਿਵਾਉਣ ਦੀ ਲੋੜ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ ਖੇਤਰੀ ਅਮਨ ਅਤੇ ਸਥਿਰਤਾ ਲਈ ਸਿੱਖਾਂ ਨਾਲ ਹੋ ਰਹੇ ਵਿਤਕਰੇ ਦਾ ਹੱਲ ਲੱਭਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਉੱਤੇ ਰਾਸ਼ਟਰੀ ਪ੍ਰਤੀਕਾਂ ਅਤੇ ਗੀਤਾਂ ਨੂੰ ਜ਼ਬਰਦਸਤੀ ਥੋਪਣ ਦੀ ਬਜਾਏ ਸਾਰੀਆਂ ਕੌਮਾਂ ਨੂੰ ਬਰਾਬਰ ਸਨਮਾਨ ਮਿਲਣਾ ਚਾਹੀਦਾ ਹੈ। ਸਮਾਗਮ ਵਿੱਚ ਜਸਪਾਲ ਸਿੰਘ ਗਿੱਲ, ਧਰਮ ਸਿੰਘ ਕਲੌੜ, ਹਰਮੀਤ ਸਿੰਘ ਸੋਢੀ ਸਮੇਤ ਕਈ ਪਾਰਟੀ ਆਗੂ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।