27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਕੀਤੇ ਜਾਣਗੇ ਰੋਸ ਪ੍ਰਦਰਸ਼ਨ
ਚੰਡੀਗੜ੍ਹ ਰੈਲੀ ਨੂੰ ਸਫ਼ਲ ਬਣਾਉਣ ਲਈ ਸਮੂਹ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਪ੍ਰੈੱਸ ਦਾ ਧੰਨਵਾਦ
08 ਅਗਸਤ, ਚੰਡੀਗੜ੍ਹ ,ਬੋਲੇ ਪੰਜਾਬ ਬਿਊਰੋ;
ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਸਥਾਨਕ ਸੈਕਟਰ-39 ਦੀ ਦਾਣਾ ਮੰਡੀ ਵਿਖੇ ਬੀਤੇ ਕੱਲ੍ਹ ਕੀਤੀ ਗਈ ਵਿਸ਼ਾਲ ਰੈਲੀ ਰੋਸ ਮਾਰਚ ਉਪਰੰਤ ਭਾਵੇਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਵੇਂ 27 ਅਗਸਤ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ ਪਰ ਇਸਦੇ ਬਾਵਜੂਦ ਉਹਨਾਂ ਤਾਲਮੇਲ ਕਮੇਟੀ ਨੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ।
ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਗਗਨਦੀਪ ਸਿੰਘ ਭੁੱਲਰ, ਸੁਖਚੈਨ ਸਿੰਘ ਖਹਿਰਾ, ਸੁਖਦੇਵ ਸਿੰਘ ਸੈਣੀ, ਗੁਰਨਾਮ ਸਿੰਘ ਵਿਰਕ, ਰਣਜੀਤ ਸਿੰਘ ਰਾਣਵਾਂ, ਰਾਕੇਸ਼ ਕੁਮਾਰ, ਅਮਰੀਕ ਸਿੰਘ ਕੰਗ, ਕੁਲਵਿੰਦਰ ਸਿੰਘ ਢਿੱਲੋਂ, ਮਨਜੀਤ ਸਿੰਘ ਬਾਸਰਕੇ, ਤਰਸੇਮ ਸਿੰਘ ਭੱਠਲ, ਕਰਮ ਸਿੰਘ ਧਨੋਆ, ਭਜਨ ਸਿੰਘ ਗਿੱਲ, ਸਤੀਸ਼ ਰਾਣਾ, ਜਰਮਨਜੀਤ ਸਿੰਘ ਅਤੇ ਰਘਵੀਰ ਸਿੰਘ ਬਡਵਾਲ ਨੇ ਕਿਹਾ ਕਿ 27 ਅਗਸਤ ਨੂੰ ਮੀਟਿੰਗ ਵਾਲੇ ਦਿਨ ਹੀ ਸਮੁੱਚੇ ਪੰਜਾਬ ਦੇ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਤਹਿਸੀਲ/ਜ਼ਿਲਾ ਕੇਂਦਰਾਂ ‘ਤੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਨਗੇ।

ਉਹਨਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਖ਼ਤ ਹੁਕਮਾਂ ਦੇ ਬਾਵਜੂਦ 18 ਫੀਸਦੀ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਬਕਾਏ ਨਾ ਜਾਰੀ ਕੀਤੇ ਜਾਣ, ਪੈਨਸ਼ਨਰਾਂ ਅਤੇ ਅਣ-ਰਿਵਾਇਜ਼ਡ ਕੈਟਾਗਰੀਆਂ ਦੇ ਮੁਲਾਜ਼ਮਾਂ ‘ਤੇ 2.59 ਦਾ ਗੁਣਾਂਕ ਲਾਗੂ ਨਾ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੇ ਜਾਣ, ਵੱਖ-ਵੱਖ ਕਿਸਮ ਦੇ ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਨਾ ਕੀਤੇ ਜਾਣ, ਮਿਡ-ਡੇ-ਮੀਲ, ਆਸ਼ਾ ਤੇ ਆਂਗਣਵਾੜੀ ਵਰਕਰਾਂ ‘ਤੇ ਘੱਟੋ-ਘੱਟ ਉਜ਼ਰਤਾਂ ਲਾਗੂ ਨਾ ਕੀਤੇ ਜਾਣ, ਪੇਂਡੂ ਅਤੇ ਬਾਰਡਰ ਏਰੀਆ ਸਮੇਤ ਬੰਦ ਕੀਤੇ ਗਏ 37 ਕਿਸਮ ਦੇ ਭੱਤੇ ਅਤੇ ਏਸੀਪੀ ਸਕੀਮ ਬਹਾਲ ਨਾ ਕੀਤੇ ਜਾਣ, 17/07/2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ‘ਤੇ ਪੰਜਾਬ ਦੇ ਤਨਖਾਹ ਸਕੇਲ ਲਾਗੂ ਨਾ ਕੀਤੇ ਜਾਣ ਅਤੇ ਹੋਰ ਮੰਗਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਕਰਕੇ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਗੁੱਸੇ ਦੀ ਭਾਰੀ ਲਹਿਰ ਹੈ।
ਤਾਲਮੇਲ ਕਮੇਟੀ ਦੇ ਆਗੂਆਂ ਹਰਜਿੰਦਰਪਾਲ ਸਿੰਘ ਪੰਨੂ, ਸ਼ੁਸ਼ੀਲ ਕੁਮਾਰ ਫ਼ੌਜੀ, ਦਿਗਵਿਜੇ ਪਾਲ ਸ਼ਰਮਾਂ, ਐੱਨ.ਕੇ.ਸੈਣੀ, ਹਰਨੇਕ ਸਿੰਘ, ਅਮਿਤ ਕਟੋਚ, ਸੁਖਵਿੰਦਰ ਸਿੰਘ ਚਾਹਲ, ਰਾਧੇ ਸ਼ਿਆਮ, ਜਸਵੀਰ ਤਲਵਾੜਾ, ਜਗਦੀਸ਼ ਸਿੰਘ ਚਾਹਲ, ਬੋਬਿੰਦਰ ਸਿੰਘ, ਕਰਮਜੀਤ ਬੀਹਲਾ, ਸ਼ੈਲਿੰਦਰ ਕੰਬੋਜ਼, ਕੁਲਵੰਤ ਸਿੰਘ, ਬਲਰਾਜ ਸਿੰਘ ਔਜਲਾ, ਬਲਵੀਰ ਸਿੰਘ ਗਰਚਾ, ਗੁਰਜੀਤ ਗੋਪਾਲਪੁਰੀ, ਸ਼ਾਮ ਲਾਲ ਸ਼ਰਮਾਂ, ਹਰਵੰਤ ਸਿੰਘ ਮਾਂਗਟ ਅਤੇ ਅਵਤਾਰ ਸਿੰਘ ਆਦਿ ਨੇ ਆਖਿਆ ਕਿ ਉਹਨਾਂ ਦਾ ਸੰਘਰਸ਼ ਕੇਵਲ ਡੀ.ਏ. ਲੈਣ ਤੱਕ ਸੀਮਤ ਨਹੀਂ ਸਗੋਂ ਮੰਗ ਪੱਤਰ ਵਿੱਚ ਦਰਜ਼ ਸਾਰੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ। ਤਾਲਮੇਲ ਕਮੇਟੀ ਵੱਲੋਂ ਚੰਡੀਗੜ੍ਹ ਰੈਲੀ ਨੂੰ ਸਫ਼ਲ ਬਣਾਉਣ ਲਈ ਸਮੂਹ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੇ ਨਾਲ-ਨਾਲ ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਦਾ ਵੀ ਧੰਨਵਾਦ ਕੀਤਾ।












