ਚੰਡੀਗੜ੍ਹ 9 ਅਗਸਤ ,ਬੋਲੇ ਪੰਜਾਬ ਬਿਊਰੋ;
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਚਖੰਡ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੁਰਬਾਣੀ ਪੂਰੀ ਮਾਨਵਤਾ ਲਈ ਸਰਵ-ਸਾਂਝੀ ਹੈ ਅਤੇ ਇਸ ਦੇ ਪ੍ਰਸਾਰਣ ਉੱਤੇ ਕਿਸੇ ਵੀ ਤਰ੍ਹਾਂ ਦਾ ਵਪਾਰਕ ਜਾਂ ਕਾਰੋਬਾਰੀ ਹਿੱਤ ਨਹੀਂ ਹੋਣਾ ਚਾਹੀਦਾ।ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਅਸਲ ਮਕਸਦ ਪੂਰੀ ਦੁਨੀਆ ਵਿੱਚ ਗੁਰਬਾਣੀ ਦਾ ਪਵਿੱਤਰ ਸੁਨੇਹਾ ਘਰ-ਘਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਆਖਿਆ ਕਿ ਗੁਰਬਾਣੀ ਦੇ ਪ੍ਰਸਾਰਣ ਦਾ ਅਧਿਕਾਰ ਸਭ ਨੂੰ ਮਿਲਣਾ ਚਾਹੀਦਾ ਹੈ ਅਤੇ ਇਸ ਨੂੰ ਕਿਸੇ ਖ਼ਾਸ ਚੈਨਲ ਜਾਂ ਵਪਾਰਕ ਦਾਇਰੇ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ।
ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਦੇ ਅਧਿਕਾਰਾਂ ਨੂੰ ਲੈ ਕੇ ਵਪਾਰਕ ਹਿੱਤਾਂ ਨੂੰ ਪਹਿਲ ਨਹੀਂ ਦਿੱਤੀ ਜਾਣੀ ਚਾਹੀਦੀ। ਉਨ੍ਹਾਂ ਮੰਗ ਕੀਤੀ ਕਿ ਬਿਨਾਂ ਕਿਸੇ ਵਪਾਰਕ ਸੌਦੇਬਾਜ਼ੀ ਦੇ ਗੁਰਬਾਣੀ ਦਾ ਪ੍ਰਸਾਰਣ ਮੁਫ਼ਤ ਸਾਰੇ ਮੀਡੀਆ ਪਲੇਟਫ਼ਾਰਮਾਂ ਲਈ ਉਪਲਬਧ ਹੋਣਾ ਚਾਹੀਦਾ ਹੈ, ਤਾਂ ਜੋ ਦੇਸ਼-ਵਿਦੇਸ਼ ਵਿੱਚ ਬੈਠੀ ਸਮੁੱਚੀ ਸੰਗਤ ਬਿਨਾਂ ਕਿਸੇ ਰੁਕਾਵਟ ਦੇ ਗੁਰਬਾਣੀ ਦਾ ਆਨੰਦ ਮਾਣ ਸਕੇ।












