ਚੰਡੀਗੜ੍ਹ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ‘ਤੇ ਕੀਤੇ ਜਬਰ ਦਾ ਪੰਜਾਬ ਸਰਕਾਰ ਨੂੰ ਚੁਕਾਉਣਾ ਪਵੇਗਾ ਮੁੱਲ; ਰਾਂਚੀ ਵਿਖੇ ਨੇਹਾ ਬੋਰਾ ਤੇ ਸ਼ਿਆਹੀ ਸੁੱਟਣੀ ਸੰਘੀ ਲਾਣੇ ਦੀ ਕਾਇਰ ਮਾਨਸਿਕਤਾ ਦਾ ਪ੍ਰਗਟਾਵਾ
ਚੰਡੀਗੜ੍ਹ, 9 ਅਗਸਤ, ਬੋਲੇ ਪੰਜਾਬ ਬਿਊਰੋ;
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਚੰਡੀਗੜ੍ਹ ਵਿਖੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ ਪਾਣੀ ਦੀਆਂ ਬੁਛਾੜਾਂ ਮਾਰਨ, ਅੱਥਰੂ ਗੈਸ ਛੱਡਣ ਅਤੇ ਕਈ ਮੁਲਾਜ਼ਮਾਂ ਅਤੇ ਬਜ਼ੁਰਗ ਪੈਨਸ਼ਨਰਾਂ ਨੂੰ ਜ਼ਖ਼ਮੀ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਵੋਟਾਂ ਤੋਂ ਪਹਿਲਾਂ ਕੀਤੇ ਗਏ ਸਾਰੇ ਵਾਅਦਿਆਂ ਦੇ ਉਲਟ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਨੂੰ ਉਹਨਾਂ ਦੇ ਹੱਕ ਦੇਣ ਤੋਂ ਇਨਕਾਰੀ ਹੈ। ਨਾ ਤਾਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਨਾ ਹੀ ਪਿਛਲੇ ਬਕਾਏ ਜਾਰੀ ਕੀਤੇ ਜਾ ਰਹੇ ਹਨ।
ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਵੀ ਬਹਾਲ ਨਹੀਂ ਕੀਤੀ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ
ਵਾਅਦਾ ਵੀ ਅਧੂਰਾ ਹੈ। ਇਸ ਤੋਂ ਇਲਾਵਾ ਆਂਗਨਵਾੜੀ ਵਰਕਰਾਂ, ਆਸ਼ਾ ਵਰਕਰਾਂ ਅਤੇ ਹੋਰ ਤਬਕਿਆਂ ਤੇ ਘੱਟੋ ਘੱਟ ਮਜ਼ਦੂਰੀ ਲਾਗੂ ਕਰਨ ਤੋਂ
ਵੀ ਇਹ ਸਰਕਾਰ ਇਨਕਾਰੀ ਹੈ। ਸੂਬਾਈ ਆਗੂਆਂ ਨੇ ਕਿਹਾ ਕਿ ਮਨੀਸ਼ ਸਿਸ਼ੋਦੀਆ ਵੱਲੋਂ ਸ਼ਾਮ, ਦਾਮ, ਦੰਡ, ਭੇਦ ਦੀ ਨੀਤੀ ਉਜਾਗਰ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੰਗੇ ਚਿੱਟੇ ਜਬਰ ਤੇ ਉਤਾਰੂ ਹੈ। ਕਦੇ ਕਿਸਾਨਾਂ ਤੇ ਲਾਠੀਚਾਰਜ ਹੁੰਦਾ ਹੈ, ਕਦੇ ਮਜ਼ਦੂਰਾਂ , ਕਦੇ ਮਗਨਰੇਗਾ ਵਰਕਰਾਂ, ਕਦੇ ਅਪ੍ਰੈਂਟਸ਼ਿਪ ਲਾਈਨਮੈਨਾਂ ਅਤੇ ਕਦੇ ਹੱਕ ਮੰਗਦੇ ਮੁਲਾਜ਼ਮਾ ਪੈਨਸ਼ਨਰਾਂ ਦੀ ਕੁੱਟਮਾਰ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਇਸ ਸਾਰੇ ਜ਼ੁਲਮ ਦਾ ਹਿਸਾਬ ਦੇਣਾ ਪਵੇਗਾ। ਸੂਬਾ ਕਮੇਟੀ ਨੇ ਝਾਰਖੰਡ ਦੇਸ਼ਹਿਰ ਰਾਂਚੀ ਵਿਖੇ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੀ ਆਗੂ ਨੇਹਾ ਬੋਰਾ ਤੇ ਆਰਐਸਐਸ ਦੇ ਗੁੰਡਿਆਂ ਵੱਲੋਂ ਸਿਆਹੀ ਸੁੱਟਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਜਥੇਬੰਦੀ ਨੇ ਕਿਹਾ ਹੈ ਕਿ ਲੋਕਾਂ ਦੇ ਘੋਲ ਇਸ ਤਰ੍ਹਾਂ ਨਹੀਂ ਰੁਕਦੇ। ਇਸ ਕਰਤੂਤ ਨੇ ਸੰਘੀ ਲਾਣੇ ਦੀ ਔਰਤ ਵਿਰੋਧੀ ਮਾਨਸਿਕਤਾ ਨੂੰ ਨੰਗਿਆਂ ਕੀਤਾ ਹੈ। ਸੂਬਾ ਕਮੇਟੀ ਨੇ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਪਹਿਲਾਂ ਨਾਲੋਂ ਵੀ ਵੱਧ ਤਕੜੇ ਹੋਕੇ ਸੰਘਰਸ਼ ਦੇ ਰਾਹ ਤੇ ਅੱਗੇ ਵਧਣਗੇ। ਸੂਬਾਈ ਆਗੂਆਂ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸੰਘਰਸ਼ ਦੀ ਪੂਰਨ ਹਮਾਇਤ ਕਰੇਗੀ। ਉਹਨਾਂ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸੰਘਰਸ਼ ਦੇ ਰਾਹ ਤੇ ਹੋਰ ਅੱਗੇ ਵਧਣ ਦੀ ਅਪੀਲ ਕੀਤੀ।












