ਬਠਿੰਡਾ 11 ਅਗਸਤ ,ਬੋਲੇ ਪੰਜਾਬ ਬਿਊਰੋ;
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਵੱਡਾ ਉਲਟ ਫੇਰ ਮਾਲਵਾ ਖੇਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਅੱਜ ਆਪਣੇ ਸੈਂਕੜੇ ਸਮਰਥਕਾਂ, ਪੰਚਾਂ ਅਤੇ ਸਰਪੰਚਾਂ ਸਮੇਤ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਿਲ ਹੋ ਗਏ।
ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦਰਸ਼ਨ ਸਿੰਘ ਕੋਟਫੱਤਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਰਸਮੀ ਤੌਰ ‘ਤੇ ਸਿਰੋਪਾਓ ਪਾ ਕੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦਰਸ਼ਨ ਸਿੰਘ ਕੋਟਫੱਤਾ ਵਰਗੇ ਤਜਰਬੇਕਾਰ ਅਤੇ ਜਮੀਨੀ ਪੱਧਰ ਦੇ ਆਗੂ ਦੇ ਆਉਣ ਨਾਲ ਪੰਜਾਬ, ਖਾਸ ਕਰਕੇ ਮਾਲਵਾ ਖੇਤਰ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਬਹੁਤ ਮਜ਼ਬੂਤੀ ਮਿਲੇਗੀ।ਦਰਸ਼ਨ ਸਿੰਘ ਕੋਟਫੱਤਾ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਅਤੇ ਸਰਗਰਮ ਚਿਹਰਿਆਂ ਵਿੱਚੋਂ ਇੱਕ ਰਹੇ ਹਨ। ਉਨ੍ਹਾਂ ਦਾ ਆਪਣੇ ਇਲਾਕੇ ਵਿੱਚ ਚੰਗਾ ਜਨਤਕ ਆਧਾਰ ਮੰਨਿਆ ਜਾਂਦਾ ਹੈ। ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਪੰਚ, ਸਰਪੰਚ ਅਤੇ ਸਥਾਨਕ ਆਗੂ ਵੀ ਭਾਜਪਾ ਵਿੱਚ ਸ਼ਾਮਿਲ ਹੋਏ ਹਨ। ਸਿਆਸੀ ਮਾਹਰਾਂ ਦਾ ਮੰਨਣਾ ਹੈਕਿ ਕੋਟਫੱਤਾ ਦੇ ਪਾਰਟੀ ਬਦਲਣ ਨਾਲ ਮਾਲਵਾ ਖੇਤਰ ਵਿੱਚ ਭਾਜਪਾ ਆਪਣੀ ਪਕੜ ਹੋਰ ਮਜ਼ਬੂਤ ਕਰੇਗੀ, ਜਦਕਿ ਸ਼੍ਰੋਮਣੀ ਅਕਾਲੀ ਦਲ ਲਈ ਇਹ ਇੱਕ ਵੱਡਾ ਨੁਕਸਾਨ ਸਾਬਤ ਹੋ ਸਕਦਾ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਹੋਰਨਾਂ ਰਵਾਇਤੀ ਪਾਰਟੀਆਂ ਦੀਆਂ ਨੀਤੀਆਂ ਤੋਂ ਅੱਕ ਚੁੱਕੇ ਹਨ ਅਤੇ ਉਹ ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਕੇਂਦਰ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋਕੇ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਦਰਸ਼ਨ ਸਿੰਘ ਕੋਟਫੱਤਾ ਅਤੇ ਉਨ੍ਹਾਂ ਦੇ ਸਾਰੇ ਸਮਰਥਕਾਂ, ਆਗੂਆਂ ਤੇ ਵਰਕਰਾਂ ਨੂੰ ਪੂਰਾ ਮਾਣ-ਸਤਿਕਾਰ ਅਤੇ ਯੋਗ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।
ਭਾਜਪਾ ‘ਚ ਸ਼ਾਮਿਲ ਹੋਣ ਤੋਂ ਬਾਅਦ ਦਰਸ਼ਨ ਸਿੰਘ ਕੋਟਫੱਤਾ ਨੇ ਕਿਹਾ ਕਿ ਉਨ੍ਹਾਂ ਨੇ ਇਹ ਫੈਸਲਾ ਪੰਜਾਬ ਦੇ ਬਿਹਤਰ ਭਵਿੱਖ ਅਤੇ ਆਪਣੇ ਇਲਾਕੇ ਦੇ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ ਅਤੇ ਉਹ ਪੰਜਾਬ ਵਿੱਚ ਵੀ ਭਾਜਪਾ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ।
ਉਨ੍ਹਾਂ ਆਪਣੇ ਸਾਰੇ ਸਮਰਥਕਾਂ ਦਾ ਧੰਨਵਾਦ ਕੀਤਾ ਜੋ ਹਰ ਮੋੜ ‘ਤੇ ਉਨ੍ਹਾਂ ਦੇ ਨਾਲ ਚੱਟਾਨ ਵਾਂਗ ਖੜ੍ਹੇ ਰਹੇ ਹਨ। ਇਸ ਪ੍ਰੋਗਰਾਮ ਦੌਰਾਨ ਭਾਜਪਾ ਦੇ ਹੋਰ ਵੀ ਕਈ ਸੀਨੀਅਰ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ, ਜਿਨ੍ਹਾਂ ਨੇ ਨਵੇਂ ਸ਼ਾਮਿਲ ਹੋਏ ਆਗੂਆਂ ਦਾ ਸਵਾਗਤ ਕੀਤਾ।












