ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ
ਸੂਬੇ ਵਿੱਚ ਪਹਿਲੇ ਪੜਾਅ ਤਹਿਤ 5 ਅਤਿ-ਆਧੁਨਿਕ ਰਿਟੇਲ ਫਰੂਟ ਐਂਡ ਵੈਜੀਟੇਬਲ ਮੰਡੀਆਂ ਤਿਆਰ ਕੀਤੀਆਂ ਜਾਣਗੀਆਂ: ਬਰਸਟ
ਐਸ.ਏ.ਐਸ. ਨਗਰ (ਮੋਹਾਲੀ), 17 ਅਗਸਤ, ਬੋਲੇ ਪੰਜਾਬ ਬਿਊਰੋ:-
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਸੂਬੇ ਭਰ ਦੀਆਂ ਮੰਡੀਆਂ, ਲਿੰਕ ਸੜਕਾਂ ਅਤੇ ਵੱਖ-ਵੱਖ ਵਿਕਾਸ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਕੰਮਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਦਿੱਤੀਆਂ। ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਮਿਆਰੀ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ ਨਾਲ-ਨਾਲ ਕਿਸਾਨਾਂ ਨੂੰ ਮੰਡੀਆਂ ਵਿੱਚ ਬਿਹਤਰ ਅਤੇ ਆਧੁਨਿਕ ਸਹੂਲਤਾਂ ਦੇਣ ਲਈ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਭਰ ਵਿੱਚ ਲਿੰਕ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ ਕੰਮ ਕਰਵਾਏ ਜਾ ਰਹੇ ਹਨ। ਮੀਟਿੰਗ ਦੌਰਾਨ ਚੇਅਰਮੈਨ ਵੱਲੋਂ ਇਨ੍ਹਾਂ ਸੜਕਾਂ ਨਾਲ ਸਬੰਧਤ ਚੱਲ ਰਹੇ ਕੰਮਾਂ ਦੀ ਪ੍ਰਗਤੀ ਅਤੇ ਮੌਜੂਦਾ ਸਥਿਤੀ ਦਾ ਮੁਲਾਂਕਣ ਕੀਤਾ ਗਿਆ। ਸ. ਬਰਸਟ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ।
ਚੇਅਰਮੈਨ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਵਿੱਚ ਅਤਿ-ਆਧੁਨਿਕ ਰਿਟੇਲ ਫ਼ਲ ਅਤੇ ਸਬਜੀ ਮੰਡੀਆਂ ਨੂੰ ਵਿਕਸਤ ਕਰਨ ਦੀ ਯੋਜਨਾ ਤਹਿਤ ਪਹਿਲੇ ਪੜਾਅ ਵਿੱਚ 5 ਅਤਿ-ਆਧੁਨਿਕ ਰਿਟੇਲ ਮੰਡੀਆਂ ਤਿਆਰ ਕੀਤੀਆਂ ਜਾਣਗੀਆਂ। ਇਨ੍ਹਾਂ ਮੰਡੀਆਂ ਵਿੱਚ ਸਾਫ਼-ਸਫ਼ਾਈ, ਬਿਜਲੀ, ਪਾਣੀ, ਪਲੇਟਫਾਰਮ ਅਤੇ ਹੋਰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਆਧੁਨਿਕ ਮੰਡੀਆਂ ਦਾ ਉਦੇਸ਼ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ ਅਤੇ ਆਮ ਲੋਕਾਂ ਨੂੰ ਸਾਫ਼-ਸੁਥਰਾ ਅਤੇ ਸੁਵਿਧਾਜਨਕ ਵਾਤਾਵਰਣ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਹਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਪੰਜਾਬ ਦੇ ਵਾਤਾਵਰਣ ਨੂੰ ਸਾਫ਼ ਅਤੇ ਹਰਿਆ-ਭਰਿਆ ਬਣਾਉਣ ਲਈ ਚਲਾਈ ਜਾ ਰਹੀ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਸੂਬੇ ਭਰ ਵਿੱਚ 55 ਹਜ਼ਾਰ ਬੂਟੇ ਲਗਾਉਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਇਸ ਟੀਚੇ ਤਹਿਤ ਹੁਣ ਤੱਕ ਕਰੀਬ 34 ਹਜ਼ਾਰ ਬੂਟੇ ਲਗਾਏ ਜਾ ਚੁੱਕੇ ਹਨ। ਚੇਅਰਮੈਨ ਸ. ਬਰਸਟ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸੂਬੇ ਨੂੰ ਹੋਰ ਹਰਿਆ-ਭਰਿਆ ਬਣਾਉਣ ਲਈ ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕੀਤੀ।
ਮੰਡੀ ਬੋਰਡ ਦੀ ਆਮਦਨ ਵਿੱਚ ਵਾਧਾ ਕਰਨ ’ਤੇ ਜ਼ੋਰ ਦਿੰਦਿਆਂ ਸ. ਬਰਸਟ ਨੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਏ.ਟੀ.ਐਮ. ਸਥਾਪਤ ਕਰਨ ਦੀ ਯੋਜਨਾ ’ਤੇ ਤੇਜ਼ੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਇਸ ਦੇ ਨਾਲ ਹੀ ਮੰਡੀਆਂ ਵਿੱਚ ਲਗਾਏ ਗਏ ਯੂਨੀਪੋਲਾਂ ਨੂੰ ਵਿਗਿਆਪਨਾਂ ਲਈ ਕਿਰਾਏ ’ਤੇ ਮੁਹੱਈਆ ਕਰਵਾਉਣ ਦੇ ਪ੍ਰਬੰਧਾਂ ਨੂੰ ਵੀ ਸੁਚਾਰੂ ਬਣਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਆਫ਼-ਸੀਜ਼ਨ ਦੌਰਾਨ ਮੰਡੀਆਂ ਦੇ ਕਵਰ ਸ਼ੈੱਡ ਸਮਾਜਿਕ ਸਮਾਗਮਾਂ ਲਈ ਬਹੁਤ ਹੀ ਵਾਜਬ ਦਰਾਂ ’ਤੇ ਕਿਰਾਏ ’ਤੇ ਮੁਹੱਈਆ ਕਰਵਾਏ ਜਾਂਦੇ ਹਨ। ਇਸ ਸਹੂਲਤ ਰਾਹੀਂ ਕਰੀਬ 77 ਲੱਖ ਰੁਪਏ ਦੀ ਆਮਦਨ ਹੋਈ ਹੈ। ਚੇਅਰਮੈਨ ਨੇ ਲੋਕਾਂ ਤੱਕ ਇਸ ਸਹੂਲਤ ਬਾਰੇ ਵੱਧ ਤੋਂ ਵੱਧ ਜਾਣਕਾਰੀ ਪਹੁੰਚਾਉਣ ਦੀ ਹਦਾਇਤ ਦਿੱਤੀ, ਤਾਂ ਜੋ ਮੰਡੀਆਂ ਦੇ ਕਵਰ ਸ਼ੈੱਡਾਂ ਦੀ ਵੱਧ ਤੋਂ ਵੱਧ ਵਰਤੋਂ ਹੋਣ ਦੇ ਨਾਲ-ਨਾਲ ਮੰਡੀ ਬੋਰਡ ਦੀ ਆਮਦਨ ਵਿੱਚ ਵੀ ਵਾਧਾ ਕੀਤਾ ਜਾ ਸਕੇ।
ਉਨ੍ਹਾਂ ਨੇ ਕਿਸਾਨ ਭਵਨ ਅਤੇ ਕਿਸਾਨ ਹਵੇਲੀ ਦੀ ਤਰਜ਼ ’ਤੇ ਪੰਜਾਬ ਮੰਡੀ ਬੋਰਡ ਦੇ ਹੋਰਨਾਂ ਗੈਸਟ ਹਾਊਸਾਂ ਵਿੱਚ ਵੀ ਆਨਲਾਈਨ ਬੁਕਿੰਗ ਦੀ ਸਹੂਲਤ ਸ਼ੁਰੂ ਕਰਨ ਦੀ ਹਦਾਇਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਗੈਸਟ ਹਾਊਸਾਂ ਦਾ ਨਵੀਨੀਕਰਨ ਹੋਣਾ ਹੈ, ਉਸ ਨੂੰ ਜਲਦ ਤੋਂ ਜਲਦ ਮੁਕੰਮਲ ਕਰਵਾਇਆ ਜਾਵੇ, ਤਾਂ ਜੋ ਇਨ੍ਹਾਂ ਸਹੂਲਤਾਂ ਨੂੰ ਲੋਕਾਂ ਲਈ ਹੋਰ ਬਿਹਤਰ ਬਣਾਇਆ ਜਾਵੇ।
ਚੇਅਰਮੈਨ ਨੇ ਸਮੂਹ ਮਾਰਕਿਟ ਕਮੇਟੀਆਂ, ਫੀਲਡ ਦਫ਼ਤਰਾਂ ਅਤੇ ਮੰਡੀਆਂ ਦੇ ਕਵਰ ਸ਼ੈੱਡਾਂ ’ਤੇ ਸੋਲਰ ਪਾਵਰ ਪਲਾਂਟ ਲਗਾਉਣ ਦੇ ਕੰਮ ਨੂੰ ਵੀ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਵਿਆਉਣਯੋਗ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਵਾਤਾਵਰਣ ਦੀ ਸੰਭਾਲ ਦੇ ਨਾਲ-ਨਾਲ ਬਿਜਲੀ ਦੇ ਖਰਚਿਆਂ ਨੂੰ ਘਟਾਉਣ ਵੱਲ ਵੀ ਇੱਕ ਮਹੱਤਵਪੂਰਨ ਕਦਮ ਹੈ।
ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਬੋਰਡ ਨਾਲ ਸਬੰਧਤ ਸਮੂਹ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾਵੇ, ਤਾਂ ਜੋ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ ਅਤੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਸ ਮੌਕੇ ਸ੍ਰੀ ਕੁਮਾਰ ਅਮਿਤ (ਆਈ.ਏ.ਐਸ.) ਸਕੱਤਰ ਪੰਜਾਬ ਮੰਡੀ ਬੋਰਡ, ਸ. ਜਤਿੰਦਰ ਸਿੰਘ ਭੰਗੂ ਇੰਜੀਨੀਅਰ-ਇਨ-ਚੀਫ਼, ਸ. ਹਰਜੀਤ ਸਿੰਘ ਸੰਧੂ (ਪੀ.ਸੀ.ਐਸ.) ਸੰਯੁਕਤ ਸਕੱਤਰ, ਸ. ਮਨਿੰਦਰਜੀਤ ਸਿੰਘ ਬੇਦੀ ਜੀ.ਐਮ., ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ ਸਮੇਤ ਸਮੂਹ ਡੀ.ਜੀ.ਐਮ. ਅਤੇ ਹੋਰ ਉੱਚ ਅਧਿਕਾਰੀ ਮੌਜੂਦ ਰਹੇ।












