ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਪਾਕਿਸਤਾਨ ਹਾਈ ਕਮਿਸ਼ਨ ਨਾਲ ਮੁਲਾਕਾਤ

ਨੈਸ਼ਨਲ ਪੰਜਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਦੀ ਕੀਤੀ ਮੰਗ

ਨਵੀਂ ਦਿੱਲੀ, 18 ਅਗਸਤ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਵਫ਼ਦ ਨੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਅਧਿਕਾਰੀ ਜਨਾਬ ਸ਼ਾਇਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ ਨਵੰਬਰ 2026 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਵੱਧ ਤੋਂ ਵੱਧ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕਰਨ ਦੀ ਮੰਗ ਕੀਤੀ। ਇਸ ਸਬੰਧੀ ਹਾਈ ਕਮਿਸ਼ਨ ਨੂੰ ਲਿਖਤੀ ਪੱਤਰ ਵੀ ਸੌਂਪਿਆ ਗਿਆ। ਵਫ਼ਦ ਵਿਚ ਭਾਈ ਰਜਿੰਦਰ ਸਿੰਘ ਮਹਿਤਾ, ਸ. ਪਰਮਜੀਤ ਸਿੰਘ ਸਰਨਾ, ਸ. ਮਨਜੀਤ ਸਿੰਘ ਜੀ.ਕੇ., ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਅਤੇ ਮੈਨੇਜਰ ਸ. ਰਜਿੰਦਰ ਸਿੰਘ ਰੂਬੀ ਦੇ ਨਾਲ ਰਮਨਦੀਪ ਸਿੰਘ ਸੋਨੂੰ ਵੀ ਮੌਜੂਦ ਸਨ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਲ ਹੋਣਾ ਸਿੱਖ ਸੰਗਤ ਦੀ ਡੂੰਘੀ ਧਾਰਮਿਕ ਭਾਵਨਾ ਹੈ। ਇਸ ਵਾਰ 7500 ਤੋਂ ਵੱਧ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਕੋਲ ਜਮ੍ਹਾਂ ਕਰਵਾ ਚੁੱਕੇ ਹਨ, ਇਸ ਲਈ ਨਿਰਧਾਰਤ ਕੋਟੇ ਤੋਂ ਉੱਪਰ ਉੱਠ ਕੇ ਵੱਧ ਤੋਂ ਵੱਧ ਸੰਗਤ ਨੂੰ ਵੀਜ਼ੇ ਦੇਣ ਲਈ ਵਿਸ਼ੇਸ਼ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਨਿੱਜੀ ਤੌਰ ’ਤੇ ਸੰਗਠਿਤ ਸਿੱਖ ਜਥਿਆਂ ਨੂੰ ਵੀਜ਼ੇ ਨਾ ਮਿਲਣ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਬੰਦ ਹੋਣ ਕਾਰਨ ਸੰਗਤ ਦੀ ਗੁਰਧਾਮਾਂ ਦੇ ਦਰਸ਼ਨਾਂ ਦੀ ਤਾਂਘ ਹੋਰ ਵਧੀ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਤੋਂ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਹਾਂ-ਪੱਖੀ ਫ਼ੈਸਲੇ ਦੀ ਉਮੀਦ ਪ੍ਰਗਟਾਈ ਅਤੇ ਭਾਰਤ ਸਰਕਾਰ ਨੂੰ ਵੀ ਵੱਧ ਤੋਂ ਵੱਧ ਸ਼ਰਧਾਲੂਆਂ ਦੀ ਪਾਕਿਸਤਾਨ ਯਾਤਰਾ ਸੁਖਾਲੀ ਬਣਾਉਣ ਲਈ ਮਾਮਲਾ ਪ੍ਰਭਾਵਸ਼ਾਲੀ ਢੰਗ ਨਾਲ ਪਾਕਿਸਤਾਨ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ। ਨਾਲ ਹੀ ਉਨ੍ਹਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਮੁੜ ਖੋਲ੍ਹਣ ਦੀ ਮੰਗ ਕੀਤੀ। ਇਸ ਮੌਕੇ ਐਡਵੋਕੇਟ ਧਾਮੀ ਵੱਲੋਂ ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।