ਭਗਵੰਤ ਮਾਨ ਦੇ ਪਿੰਡ ‘ਸਤੌਜ’ ਘੇਰਨਗੇ ਅਧਿਆਪਕ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 20 ਅਗਸਤ ,ਬੋਲੇ ਪੰਜਾਬ ਬਿਊਰੋ;


ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕਰਨ ਦੇ ਰੋਸ ਵਿਚਕਾਰ ਸੂਬੇ ਦੇ ਐਲੀਮੈਂਟਰੀ ਅਧਿਆਪਕਾਂ ਨੇ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਦਾ ਬਿਗੁਲ ਵਜਾ ਦਿੱਤਾ ਹੈ। ‘ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ’ ਦੇ ਸੱਦੇ‘ਤੇ ਐਲੀਮੈਂਟਰੀ ਟੀਚਰਜ਼ ਯੂਨੀਅਨ (ਈ.ਟੀ.ਯੂ.) ਪੰਜਾਬ ਨੇ ਐਲਾਨ ਕੀਤਾ ਹੈ ਕਿ ਸੂਬੇ ਭਰ ਦੇਹਜ਼ਾਰਾਂ ਅਧਿਆਪਕ 23 ਅਗਸਤ ਨੂੰ ਮੁੱਖ ਮੰਤਰੀ ਦੇ ਪਿੰਡ ਸਤੌਜ ਵਿਖੇ ਵਿਸ਼ਾਲ ਰੋਸ ਧਰਨਾ ਦੇਣਗੇ। ਇਸ ਤੋਂ ਇਲਾਵਾ, 27 ਅਗਸਤ ਨੂੰ ਸਾਂਝਾ ਮੁਲਾਜ਼ਮ ਮੰਚ ਵੱਲੋਂ ਉਲੀਕੇ ਗਏ ‘ਪੰਜਾਬ ਮਹਾਬੰਦ’ ਦੌਰਾਨ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਪ੍ਰਦਰਸ਼ਨ ਕਰਨਗੇ।
ਈ.ਟੀ.ਯੂ. ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ ਅਤੇ ਸੂਬਾ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਸਰਕਾਰ ਦੀਆਂ ਮੁਲਾਜ਼ਮ-ਵਿਰੋਧੀ ਨੀਤੀਆਂ ਤੋਂ ਸਖ਼ਤ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ 23 ਅਗਸਤ ਦੇ‘ਸਤੌਜ ਮਾਰਚ’ ਅਤੇ 27 ਅਗਸਤ ਦੇ‘ਮਹਾਬੰਦ’ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਆਗੂਆਂ ਨੇ ਸਰਕਾਰ ਅੱਗੇ ਮੁੱਖ ਮੰਗਾਂ ਰੱਖਦਿਆਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਰੂਪ ਵਿੱਚ ਬਹਾਲ ਕੀਤਾ ਜਾਵੇ। 18 ਫ਼ੀਸਦੀ ਡੀ.ਏ. (DA) ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ ਅਤੇ ਕੱਟੇ ਗਏ ਪੇਂਡੂ ਤੇ ਬਾਰਡਰ ਭੱਤੇ ਬਹਾਲ ਕੀਤੇ ਜਾਣ। 6ਵੇਂ ਪੇ-ਕਮਿਸ਼ਨ ਦੀਆਂ ਖਾਮੀਆਂ ਦੂਰ ਕਰਕੇ 2.59 ਗੁਣਾਂਕ ਲਾਗੂ ਕੀਤਾ ਜਾਵੇ। ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਏ.ਸੀ.ਪੀ. (ACP) ਲਾਗੂ ਹੋਵੇ ਅਤੇ ਸਾਰੇ ਮੁਲਾਜ਼ਮਾਂ ਲਈ ਕੈਸ਼ਲੈੱਸ ਸਿਹਤ ਬੀਮਾ ਕਾਰਡ ਜਾਰੀ ਕੀਤੇ ਜਾਣ। ਇਸ ਮੌਕੇ ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਸਿੰਘ ਮੋਹਾਲੀ ਅਤੇ ਹੋਰ ਪ੍ਰਮੁੱਖ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ 27 ਅਗਸਤ ਦੀ ਮੀਟਿੰਗ ਵਿੱਚ ਇਹਨਾਂ ਜਾਇਜ਼ ਮੰਗਾਂ ਦਾ ਸਾਰਥਕ ਹੱਲ ਨਾ ਕੱਢਿਆ, ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।