ਜ਼ਿਲ੍ਹਾ ਸਿਹਤ ਵਿਭਾਗ ਵਲੋਂ ਸਵਾਈਨ ਫ਼ਲੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ

ਪੰਜਾਬ

ਮਰੀਜ਼ਾਂ ਨੂੰ ਘਬਰਾਉਣ ਦੀ ਨਹੀਂ, ਸਮੇਂ ਸਿਰ ਇਲਾਜ ਕਰਾਉਣ ਦੀ ਲੋੜ :ਗਿਰੀਸ਼ ਡੋਗਰਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਅਗਸਤ,ਬੋਲੇ ਪੰਜਾਬ ਬਿਊਰੋ:

ਮੌਸਮੀ ਫ਼ਲੂ ਅਤੇ ਸਵਾਈਨ ਫ਼ਲੂ ਤੋਂ ਬਚਾਅ ਲਈ ਜ਼ਿਲ੍ਹਾ ਟੀਕਾਕਰਨ ਅਫਸਰ ਸ੍ਰੀ ਗਿਰੀਸ਼ ਡੋਗਰਾ ਅਤੇ ਪ੍ਰੋਗਰਾਮ ਅਫ਼ਸਰ ਡਾ. ਹਰਮਨਦੀਪ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਾਵਧਾਨੀਆਂ ਵਰਤਣ ਅਤੇ ਸਿਹਤ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕੀਤੀ ਹੈ।

ਅਧਿਕਾਰੀਆਂ ਨੇ ਦਸਿਆ ਕਿ ਸਵਾਈਨ ਫ਼ਲੂ ਇਨਫਲੂਐਂਜ਼ਾ ਵਾਇਰਸ ਕਾਰਨ ਹੋਣ ਵਾਲੀ ਸਾਹ ਪ੍ਰਣਾਲੀ ਦੀ ਛੂਤ ਦੀ ਬਿਮਾਰੀ ਹੈ। ਐਚ ਵਨ ਐਨ ਵਨ ਇਸ ਵਾਇਰਸ ਦਾ ਪ੍ਰਮੁੱਖ ਰੂਪ ਹੈ। ਇਹ ਮੁੱਖ ਤੌਰ ’ਤੇ ਖੰਘਣ, ਛਿੱਕਣ ਜਾਂ ਗੱਲ ਕਰਨ ਸਮੇਂ ਨਿਕਲਣ ਵਾਲੀਆਂ ਸਾਹ ਦੀਆਂ ਬੂੰਦਾਂ ਰਾਹੀਂ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਤਕ ਫੈਲ ਸਕਦਾ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਪਛਾਣ ਅਤੇ ਢੁਕਵੇਂ ਇਲਾਜ ਨਾਲ ਜ਼ਿਆਦਾਤਰ ਮਰੀਜ਼ ਠੀਕ ਹੋ ਜਾਂਦੇ ਹਨ।
ਉਨ੍ਹਾਂ ਦੱਸਿਆ ਕਿ ਸਵਾਈਨ ਫ਼ਲੂ/ਇਨਫਲੂਐਂਜ਼ਾ ਦੇ ਮੁੱਖ ਲੱਛਣਾਂ ਵਿੱਚ ਬੁਖਾਰ, ਖੰਘ, ਗਲੇ ਵਿੱਚ ਦਰਦ, ਨੱਕ ਵਗਣਾ ਜਾਂ ਬੰਦ ਹੋਣਾ, ਸਿਰ ਦਰਦ, ਸਰੀਰ ਵਿੱਚ ਦਰਦ ਅਤੇ ਥਕਾਵਟ ਸ਼ਾਮਲ ਹਨ। ਅਜਿਹੇ ਲੱਛਣ ਨਜ਼ਰ ਆਉਣ ’ਤੇ ਘਬਰਾਉਣ ਦੀ ਬਜਾਏ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਖੰਘਣ ਜਾਂ ਛਿੱਕਣ ਸਮੇਂ ਮੂੰਹ ਅਤੇ ਨੱਕ ਨੂੰ ਰੁਮਾਲ ਜਾਂ ਟਿਸ਼ੂ ਨਾਲ ਢੱਕਣ, ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ, ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਪਰਹੇਜ਼ ਕਰਨ ਅਤੇ ਬੀਮਾਰ ਹੋਣ ਦੀ ਹਾਲਤ ਵਿਚ ਘਰ ਰਹਿ ਕੇ ਦੂਜਿਆਂ ਤੋਂ ਉਚਿਤ ਦੂਰੀ ਬਣਾਈ ਰੱਖਣ। ਅੱਖਾਂ, ਨੱਕ ਅਤੇ ਮੂੰਹ ਨੂੰ ਬਿਨਾਂ ਧੋਤੇ ਹੱਥਾਂ ਨਾਲ ਛੂਹਣ ਤੋਂ ਵੀ ਬਚਣਾ ਚਾਹੀਦਾ ਹੈ।

ਉਨ੍ਹਾਂ ਨੇ ਕਿਹਾ ਕਿ ਛੋਟੇ ਬੱਚੇ, ਬਜ਼ੁਰਗ, ਗਰਭਵਤੀ ਔਰਤਾਂ ਅਤੇ ਪਹਿਲਾਂ ਤੋਂ ਕਿਸੇ ਗੰਭੀਰ ਬੀਮਾਰੀ ਤੋਂ ਪੀੜਤ ਵਿਅਕਤੀਆਂ ਨੂੰ ਖ਼ਾਸ ਸਾਵਧਾਨੀ ਵਰਤਣੀ ਚਾਹੀਦੀ ਹੈ। ਜੇਕਰ ਸਾਹ ਲੈਣ ਵਿੱਚ ਤਕਲੀਫ਼, ਲਗਾਤਾਰ ਤੇਜ਼ ਬੁਖਾਰ ਜਾਂ ਸਿਹਤ ਵਿੱਚ ਤੇਜ਼ੀ ਨਾਲ ਗਿਰਾਵਟ ਵਰਗੇ ਗੰਭੀਰ ਲੱਛਣ ਹੋਣ ਤਾਂ ਤੁਰੰਤ ਨੇੜਲੇ ਸਿਹਤ ਕੇਂਦਰ ਜਾਂ ਹਸਪਤਾਲ ਨਾਲ ਸੰਪਰਕ ਕੀਤਾ ਜਾਵੇ।

ਉਨ੍ਹਾਂ ਸਪੱਸ਼ਟ ਕੀਤਾ ਕਿ ਸਵਾਈਨ ਫ਼ਲੂ ਤੋਂ ਘਬਰਾਉਣ ਦੀ ਲੋੜ ਨਹੀਂ, ਪਰ ਸਮੇਂ ਸਿਰ ਪਛਾਣ, ਸਾਵਧਾਨੀ ਅਤੇ ਡਾਕਟਰੀ ਸਲਾਹ ਬਹੁਤ ਜ਼ਰੂਰੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਇਸ ਬੀਮਾਰੀ ਦੀ ਜਾਂਚ ਅਤੇ ਇਲਾਜ ਮੁਫ਼ਤ ਹੈ l ਵਧੇਰੇ ਜਾਣਕਾਰੀ ਲਈ ਮੈਡੀਕਲ ਹੈਲਪਲਾਈਨ 104 ਤੇ ਸੰਪਰਕ ਕੀਤਾ ਜਾ ਸਕਦਾ ਹੈ l

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।