ਪੰਜਾਬੀ ਯੂਨੀਵਰਸਿਟੀ ਨੇ ਵਿਦਿਆਰਥੀ ਫੀਸਾਂ ਵਧਾਉਣ ਦਾ ਫੈਸਲਾ ਲਿਆ ਵਾਪਸ

ਪੰਜਾਬ

ਪਟਿਆਲਾ 30 ਅਗਸਤ ,ਬੋਲੇ ਪੰਜਾਬ ਬਿਊਰੋ;

ਪੰਜਾਬੀ ਯੂਨੀਵਰਸਿਟੀ ਵੱਲੋਂ ਫੀਸਾਂ ਵਿੱਚ ਕੀਤਾ ਗਿਆ ਹਾਲੀਆ ਵਾਧਾ ਵਾਪਸ ਕਰਵਾਉਣ ਲਈ ਪਿਛਲੇ ਸਮੇਂ ਤੋਂ ਸੰਘਰਸ਼ ਕਰ ਰਹੇ ਯੂਨੀਵਰਸਿਟੀ ਦੇ ਵਿਦਿਆਰਥੀ ਸੰਘਰਸ਼ ਨੂੰ ਅੱਜ ਉਸ ਵੇਲ਼ੇ ਬਲ ਮਿਲਿਆ ਜਦੋਂ ਯੂਨੀਵਰਸਿਟੀ ਪ੍ਰਸ਼ਾਸਨ ਨੇ ਸਾਰਾ ਵਾਧਾ ਵਾਪਸ ਲੈਣ ਦਾ ਐਲਾਨ ਕਰ ਦਿੱਤਾ।

ਜ਼ਿਕਰਯੋਗ ਹੈ ਕਿ ਅੱਧੀ ਦਰਜਨ ਤੋਂ ਵੀ ਵੱਧ ਖੱਬੇ ਪੱਖੀ ਜਥੇਬੰਦੀਆਂ ਵੱਲੋਂ ਤਿੰਨ ਹਫਤਿਆਂ ਤੋਂ ਵੀ.ਸੀ ਦਫਤਰ ਮੂਹਰੇ ਪੱਕਾ ਮੋਰਚਾ ਲਾਇਆ ਹੋਇਆ ਸੀ। ਇਸ ਕੜੀ ਵਜੋਂ ਹੀ 31 ਅਗਸਤ ਤੋਂ ਵੀ ਸੀ ਦਫਤਰ ਨੂੰ ਮੁਕੰਮਲ ਤੌਰ ’ਤੇ ਬੰਦ ਕਰਨ ਦਾ ਐਲਾਨ ਵੀ ਕੀਤਾ ਹੋਇਆ ਸੀ ਪਰ ਅੱਜ ਦਿਨ ਭਰ ਚੱਲੀਆਂ ਮੀਟਿੰਗਾਂ ਦੌਰਾਨ ਬਣੀ ਸਹਿਮਤੀ ਤਹਿਤ ਪ੍ਰਸ਼ਾਸਨ ਨੇ ਸਾਰਾ ਵਾਧਾ ਵਾਪਸ ਲੈ ਲਿਆ।ਜ਼ਿਕਰਯੋਗ ਹੈ ਕਿ ਭਾਵੇਂ ਯੂਨੀਵਰਸਿਟੀ ਨੇ ਫੀਸਾਂ ਵਿਚ ਵਾਧਾ ਘਟਾ ਕੇ 7.5 ਫੀਸਦੀ ਤੱਕ ਲੈ ਲਾਂਦਾ ਸੀ ਪਰ ਸੰਘਰਸ਼ਸ਼ੀਲ ਵਿਦਿਆਰਥੀਆਂ ਦਾ ਕਹਿਣਾ ਸੀ ਕਿ ਇਹ ਸਾਰਾ ਵਾਧਾ ਵਾਪਸ ਲਿਆ ਜਾਵੇ। ਇਸ ਸੰਘਰਸ਼ ’ਚ ਪੀ.ਐੱਸ.ਯੂ.(ਲਲਕਾਰ) ਵਲੋਂ ਦਿਲਪ੍ਰੀਤ ਕੌਰ, ਪੀ.ਐੱਸ.ਯੂ ਵਲੋਂ ਵਕਸ਼ਿਤ ਗਰਗ, ਐੱਸ.ਐੱਫ.ਆਈ ਵਲੋਂ ਰਮਨਦੀਪ ਸਿੰਘ, ਪੀ.ਐੱਸ.ਐੱਫ ਵਲੋਂ ਗਗਨ, ਏ.ਆਈ.ਐੱਸ.ਐੱਫ ਤੋਂ ਰਾਹੁਲ, ਡੀ.ਐੱਸ.ਓ ਤੋਂ ਪਾਰਸ, ਅਗਰਗਾਮੀ ਤੋਂ ਵਿਕਾਸ ਅਦਮ, ਪੀ.ਆਰ.ਐਸ.ਯੂ ਤੋਂ ਕੇਸ਼ਵ ਸਮੇਤ ਹਰਪ੍ਰੀਤ ਸਿੰਘ ਅਤੇ ਕਮਲਦੀਪ ਸਿੰਘ ਆਦਿ ਹਿੱਸਾ ਲੈ ਰਹੇ ਸਨ।

ਇਸੇ ਦੌਰਾਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਅੱਜ ਦੱਸਿਆ ਕਿ ਅੱਜ ਯੂਨੀਵਰਸਿਟੀ ਕੈਂਪਸ ਵਿਖੇ ਯੂਨੀਵਰਸਿਟੀ ਅਥਾਰਿਟੀ ਦੇ ਉੱਚ ਅਧਿਕਾਰੀਆਂ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਵਿਦਿਆਰਥੀਆਂ ਦੀਆਂ ਮੰਗਾਂ ਅਤੇ ਹਿਤਾਂ ਨੂੰ ਮੁੱਖ ਰੱਖਦਿਆਂ ਸੈਸ਼ਨ 2026-27 ਦੌਰਾਨ ਟਿਊਸ਼ਨ/ਕੋਰਸ ਫੀਸ, ਰਜਿਸਟਰੇਸ਼ਨ ਫੀਸ ਅਤੇ ਹੋਸਟਲ ਫੀਸਾਂ ਵਿੱਚ ਕੀਤਾ ਗਿਆ ਸਮੁੱਚਾ ਵਾਧਾ ਪੂਰਨ ਤੌਰ ’ਤੇ ਵਾਪਸ ਲੈਣ ਦਾ ਫੈਸਲਾ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬੀ ਯੂਨੀਵਰਸਿਟੀ ਨੇ ਇਹ ਅਹਿਮ ਫ਼ੈਸਲਾ ਲਿਆ ਹੈ। ਉਨ੍ਹਾਂ ਹੋਰ ਦੱਸਿਆ ਕਿ ਇਹ ਫ਼ੈਸਲਾ ਵਿਦਿਆਰਥੀ ਨੁਮਾਇੰਦਿਆਂ ਅਤੇ ਹੋਰ ਹਿੱਸੇਦਾਰਾਂ ਵੱਲੋਂ ਫੀਸ ਵਾਧੇ ਸਬੰਧੀ ਪ੍ਰਗਟਾਈਆਂ ਗਈਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਵਿਚਾਰਨ ਉਪਰੰਤ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤਰ ਦੇ ਲੋਕਾਂ ਨੂੰ ਪਹੁੰਚਯੋਗ ਅਤੇ ਕਿਫ਼ਾਇਤੀ ਉੱਚ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਯੂਨੀਵਰਸਿਟੀ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਵਚਨਬੱਧਤਾ ਨੂੰ ਧਿਆਨ ਵਿੱਚ ਰੱਖਦਿਆਂ ਯੂਨੀਵਰਸਿਟੀ ਪ੍ਰਸ਼ਾਸਨ ਨੇ ਪ੍ਰਸਤਾਵਿਤ ਫੀਸ ਵਾਧੇ ਨੂੰ ਪੂਰੀ ਤਰ੍ਹਾਂ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ 2026–27 ਦੇ ਅਕਾਦਮਿਕ ਸੈਸ਼ਨ ਲਈ ਫੀਸਾਂ ਦਾ ਢਾਂਚਾ ਪਿਛਲੇ ਅਕਾਦਮਿਕ ਸੈਸ਼ਨ ਦੌਰਾਨ ਲਾਗੂ ਫੀਸਾਂ ਦੇ ਪੱਧਰ ’ਤੇ ਹੀ ਕਾਇਮ ਰਹੇਗਾ ਅਤੇ ਫੀਸਾਂ ਦੇ ਮਾਮਲੇ ਵਿੱਚ ਪੂਰੀ ਤਰ੍ਹਾਂ ਸਥਿਤੀ ਜਿਉਂ ਦੀ ਤਿਉਂ ਬਰਕਰਾਰ ਰਹੇਗੀ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਭਲਾਈ ਅਤੇ ਅਕਾਦਮਿਕ ਹਿੱਤ ਯੂਨੀਵਰਸਿਟੀ ਦੀ ਸਭ ਤੋਂ ਵੱਡੀ ਤਰਜੀਹ ਹਨ। ਭਾਵੇਂ ਯੂਨੀਵਰਸਿਟੀ ਇਸ ਸਮੇਂ ਗੰਭੀਰ ਵਿੱਤੀ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ, ਫਿਰ ਵੀ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਯੋਗ ਵਿਦਿਆਰਥੀ ਆਰਥਿਕ ਮੁਸ਼ਕਲਾਂ ਕਾਰਨ ਮਿਆਰੀ ਉੱਚ ਸਿੱਖਿਆ ਤੋਂ ਵਾਂਝਾ ਨਾ ਰਹੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।